ਤਾਜਾ ਖਬਰਾਂ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਥਿਤ ਵਾਇਰਲ ਵੀਡੀਓ ਮਾਮਲੇ ਨੂੰ ਲੈ ਕੇ ਇੱਕ ਵਾਰ ਫਿਰ ਵਿਰੋਧੀ ਧਿਰਾਂ ‘ਤੇ ਤਿੱਖਾ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਕਿ ਪਿਛਲੇ ਕੁਝ ਦਿਨਾਂ ਤੋਂ ਉਨ੍ਹਾਂ ਦੀ ਛਵੀ ਨੂੰ ਖ਼ਰਾਬ ਕਰਨ ਲਈ ਘਟੀਆ ਸਿਆਸਤ ਦਾ ਸਹਾਰਾ ਲਿਆ ਜਾ ਰਿਹਾ ਹੈ ਅਤੇ ਫਰਜ਼ੀ ਵੀਡੀਓਜ਼ ਰਾਹੀਂ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਮੁੱਖ ਮੰਤਰੀ ਨੇ ਦਾਅਵਾ ਕੀਤਾ ਕਿ ਜਦੋਂ ਵਿਰੋਧੀਆਂ ਨੂੰ ਕਿਸੇ ਹੋਰ ਤਰੀਕੇ ਨਾਲ ਸਿਆਸੀ ਲਾਭ ਨਹੀਂ ਮਿਲਿਆ ਤਾਂ ਉਨ੍ਹਾਂ ਨੇ ਧਾਰਮਿਕ ਭਾਵਨਾਵਾਂ ਦਾ ਸਹਾਰਾ ਲੈ ਕੇ ਉਨ੍ਹਾਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਕਿਹਾ ਕਿ ਵਾਇਰਲ ਵੀਡੀਓ ਵਿੱਚ ਦਿਖਾਈ ਦੇਣ ਵਾਲੇ ਵਿਅਕਤੀ ਦੀ ਸ਼ਕਲ-ਸੂਰਤ, ਕੱਦ-ਕਾਠ ਅਤੇ ਹਾਵ-ਭਾਵ ਉਨ੍ਹਾਂ ਨਾਲ ਮੇਲ ਨਹੀਂ ਖਾਂਦੇ, ਫਿਰ ਵੀ ਉਨ੍ਹਾਂ ਨੂੰ ਨਿਸ਼ਾਨਾ ਬਣਾਇਆ ਗਿਆ।
ਭਗਵੰਤ ਮਾਨ ਨੇ ਕਿਹਾ ਕਿ ਦੁਨੀਆ ਭਰ ਤੋਂ ਸੰਗਤਾਂ ਅਤੇ ਲੋਕਾਂ ਦੇ ਫੋਨ ਤੇ ਸੁਨੇਹੇ ਆਏ, ਜਿਨ੍ਹਾਂ ਨੇ ਸਾਫ਼ ਕਿਹਾ ਕਿ ਵੀਡੀਓ ਪਹਿਲੀ ਨਜ਼ਰ ਵਿੱਚ ਹੀ ਨਕਲੀ ਲੱਗਦੀ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਫੋਰੈਂਸਿਕ ਜਾਂਚ ਵੀ ਕਰਵਾਈ ਗਈ, ਪਰ ਜਦੋਂ ਰਿਪੋਰਟ ਉਨ੍ਹਾਂ ਦੇ ਹੱਕ ਵਿੱਚ ਆਈ ਤਾਂ ਸੰਬੰਧਤ ਲੈਬਾਂ ‘ਤੇ ਦਬਾਅ ਬਣਾਉਣ ਅਤੇ ਉਨ੍ਹਾਂ ਨੂੰ ਡਰਾਉਣ ਦੀ ਕੋਸ਼ਿਸ਼ ਕੀਤੀ ਗਈ।
ਮੁੱਖ ਮੰਤਰੀ ਨੇ ਦੋਸ਼ ਲਗਾਇਆ ਕਿ ਭਾਜਪਾ, ਅਕਾਲੀ ਦਲ ਅਤੇ ਕਾਂਗਰਸ ਇਸ ਮਾਮਲੇ ‘ਚ ਇਕੱਠੇ ਹੋ ਕੇ ਸਿਆਸੀ ਲਾਭ ਲੈਣ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜਿਹੜੀ ਲੈਬ ਤੋਂ ਵਿਰੋਧੀਆਂ ਨੇ ਰਿਪੋਰਟ ਲਈ ਉਹ ਅਸਲੀ ਮੰਨੀ ਜਾ ਰਹੀ ਹੈ, ਜਦਕਿ ਉਨ੍ਹਾਂ ਦੀ ਰਿਪੋਰਟ ਨੂੰ ਨਕਲੀ ਦੱਸਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੱਚ ਅਤੇ ਝੂਠ ਦਾ ਫੈਸਲਾ ਉਹ ਨਾਨਕ ਨਾਮ ਲੇਵਾ ਸੰਗਤ ‘ਤੇ ਛੱਡਦੇ ਹਨ।
ਜ਼ਿਕਰਯੋਗ ਹੈ ਕਿ 17 ਜੂਨ ਨੂੰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪ੍ਰੈਸ ਕਾਨਫਰੰਸ ਦੌਰਾਨ ਦੋ ਮਾਨਤਾ ਪ੍ਰਾਪਤ ਫੋਰੈਂਸਿਕ ਲੈਬਾਂ ਦੀਆਂ ਰਿਪੋਰਟਾਂ ਜਾਰੀ ਕੀਤੀਆਂ ਸਨ। ਰਿਪੋਰਟ ਮੁਤਾਬਕ 1,191 ਫਰੇਮਾਂ ਦੀ ਜਾਂਚ ਤੋਂ ਬਾਅਦ ਇਹ ਨਤੀਜਾ ਸਾਹਮਣੇ ਆਇਆ ਕਿ ਵੀਡੀਓ ਵਿੱਚ ਦਿਖਾਈ ਦੇਣ ਵਾਲਾ ਵਿਅਕਤੀ ਮੁੱਖ ਮੰਤਰੀ ਮਾਨ ਨਾਲੋਂ ਲੰਬਾ ਹੈ। ਇਸ ਤੋਂ ਇਲਾਵਾ ਵੀਡੀਓ ਵਿੱਚ ਦਿਖਾਈ ਦੇ ਰਿਹਾ ਆਈਫੋਨ ਉਹ ਮਾਡਲ ਦੱਸਿਆ ਗਿਆ ਜੋ 2019 ਤੋਂ ਬਾਅਦ ਬਾਜ਼ਾਰ ਵਿੱਚ ਆਇਆ ਸੀ, ਜਿਸ ਦੇ ਆਧਾਰ ‘ਤੇ ਸਰਕਾਰ ਵੱਲੋਂ ਵੀਡੀਓ ਨੂੰ ਫਰਜ਼ੀ ਕਰਾਰ ਦਿੱਤਾ ਗਿਆ।
Editor in Chief
ਕੱਪੜ ਛਾਣ
Get all latest content delivered to your email a few times a month.