IMG-LOGO
ਹੋਮ ਪੰਜਾਬ: ਭਗਵੰਤ ਮਾਨ ਮੁੱਖ ਮੰਤਰੀ ਬਣੇ ਰਹਿਣ ਦੇ ਨੈਤਿਕ ਹੱਕ ਗੁਆ...

ਭਗਵੰਤ ਮਾਨ ਮੁੱਖ ਮੰਤਰੀ ਬਣੇ ਰਹਿਣ ਦੇ ਨੈਤਿਕ ਹੱਕ ਗੁਆ ਚੁੱਕੇ ਹਨ, ਕਾਂਗਰਸ ਵੱਲੋਂ ਸਿਆਸੀ ਅਤੇ ਸਮਾਜਿਕ ਬਾਈਕਾਟ ਦਾ ਐਲਾਨ

Admin User - Jun 24, 2026 08:03 PM
IMG

ਅੰਮ੍ਰਿਤਸਰ ਵਿੱਚ ਕਾਂਗਰਸ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਲੈ ਕੇ ਚੱਲ ਰਹੇ ਵੀਡੀਓ ਵਿਵਾਦ 'ਤੇ ਤਿੱਖਾ ਰੁਖ ਅਖਤਿਆਰ ਕਰਦਿਆਂ ਉਨ੍ਹਾਂ ਦੇ ਅਸਤੀਫ਼ੇ ਦੀ ਮੰਗ ਕੀਤੀ ਹੈ। ਕਾਂਗਰਸੀ ਆਗੂਆਂ ਨਾਲ ਮੀਟਿੰਗ ਤੋਂ ਬਾਅਦ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਬਾਜਵਾ ਨੇ ਕਿਹਾ ਕਿ ਮੁੱਖ ਮੰਤਰੀ ਨਾਲ ਜੁੜੀ ਹਾਲ ਹੀ ਵਿੱਚ ਸਾਹਮਣੇ ਆਈ ਵੀਡੀਓ ਕੋਈ ਇਕੱਲੀ ਘਟਨਾ ਨਹੀਂ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਤੱਥ ਅਤੇ ਜਾਣਕਾਰੀਆਂ ਸਾਹਮਣੇ ਆ ਸਕਦੀਆਂ ਹਨ।

ਉਨ੍ਹਾਂ ਦਾਅਵਾ ਕੀਤਾ ਕਿ ਭਗਵੰਤ ਮਾਨ ਦੇ ਵਿਵਹਾਰ ਨੂੰ ਲੈ ਕੇ ਪਹਿਲਾਂ ਵੀ ਕਈ ਵਾਰ ਸਵਾਲ ਉੱਠਦੇ ਰਹੇ ਹਨ। ਬਾਜਵਾ ਨੇ ਕਿਹਾ ਕਿ ਜਦੋਂ ਮਾਨ ਲੋਕ ਸਭਾ ਮੈਂਬਰ ਸਨ, ਉਸ ਸਮੇਂ ਵੀ ਕੁਝ ਸੰਸਦ ਮੈਂਬਰਾਂ ਵੱਲੋਂ ਉਨ੍ਹਾਂ ਦੇ ਵਿਵਹਾਰ ਸਬੰਧੀ ਇਤਰਾਜ਼ ਜਤਾਏ ਗਏ ਸਨ। ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਸਾਬਕਾ ਸੰਸਦ ਮੈਂਬਰ ਹਰਿੰਦਰ ਸਿੰਘ ਖਾਲਸਾ ਨੇ ਲੋਕ ਸਭਾ ਸਪੀਕਰ ਨੂੰ ਲਿਖਤੀ ਸ਼ਿਕਾਇਤ ਕਰਕੇ ਆਪਣੀ ਸੀਟ ਬਦਲਣ ਦੀ ਮੰਗ ਕੀਤੀ ਸੀ।

ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਇਹ ਮਾਮਲਾ ਸਿਰਫ਼ ਸਿਆਸੀ ਨਹੀਂ, ਸਗੋਂ ਪੰਜਾਬ ਦੀਆਂ ਧਾਰਮਿਕ ਅਤੇ ਸਮਾਜਿਕ ਭਾਵਨਾਵਾਂ ਨਾਲ ਵੀ ਜੁੜਿਆ ਹੋਇਆ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਜੇਕਰ ਕਿਸੇ ਜਨਤਕ ਅਹੁਦੇ 'ਤੇ ਬੈਠੇ ਵਿਅਕਤੀ ਦੇ ਵਿਵਹਾਰ ਬਾਰੇ ਲਗਾਤਾਰ ਸਵਾਲ ਖੜ੍ਹੇ ਹੋ ਰਹੇ ਹਨ ਤਾਂ ਉਸ ਨੂੰ ਆਪਣੇ ਅਹੁਦੇ ਦੀ ਮਰਿਆਦਾ ਨੂੰ ਧਿਆਨ ਵਿੱਚ ਰੱਖਦੇ ਹੋਏ ਜਵਾਬਦੇਹ ਹੋਣਾ ਚਾਹੀਦਾ ਹੈ।

ਵੀਡੀਓ ਵਿਵਾਦ ਦੀ ਜਾਂਚ ਸਬੰਧੀ ਬਾਜਵਾ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਵੀਡੀਓ ਦੀ ਫੋਰੈਂਸਿਕ ਜਾਂਚ ਕਰਵਾਉਣ ਦੀ ਗੱਲ ਕੀਤੀ ਗਈ ਸੀ ਅਤੇ ਸਰਕਾਰ ਤੋਂ ਸੰਬੰਧਿਤ ਲੈਬਾਰਟਰੀਆਂ ਦੇ ਵੇਰਵੇ ਮੰਗੇ ਗਏ ਸਨ, ਪਰ ਅਜੇ ਤੱਕ ਕੋਈ ਜਵਾਬ ਨਹੀਂ ਦਿੱਤਾ ਗਿਆ। ਉਨ੍ਹਾਂ ਦੋਸ਼ ਲਗਾਇਆ ਕਿ ਸਰਕਾਰ ਇਸ ਮਾਮਲੇ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ ਅਤੇ ਸੱਚਾਈ ਸਾਹਮਣੇ ਲਿਆਉਣ ਦੀ ਬਜਾਏ ਮਾਮਲੇ ਨੂੰ ਟਾਲਿਆ ਜਾ ਰਿਹਾ ਹੈ। ਇਸ ਦੇ ਨਾਲ ਹੀ ਉਨ੍ਹਾਂ ਪੰਜਾਬ ਪੁਲਿਸ ਦੀ ਭੂਮਿਕਾ 'ਤੇ ਵੀ ਸਵਾਲ ਉਠਾਉਂਦੇ ਹੋਏ ਪੂਰੇ ਮਾਮਲੇ ਦੀ ਨਿਰਪੱਖ ਨਿਆਂਇਕ ਜਾਂਚ ਦੀ ਮੰਗ ਕੀਤੀ।

ਕਾਂਗਰਸ ਵੱਲੋਂ ਐਲਾਨ ਕਰਦਿਆਂ ਬਾਜਵਾ ਨੇ ਕਿਹਾ ਕਿ ਜਦੋਂ ਤੱਕ ਮੁੱਖ ਮੰਤਰੀ ਭਗਵੰਤ ਮਾਨ ਅਸਤੀਫ਼ਾ ਨਹੀਂ ਦਿੰਦੇ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਨਹੀਂ ਹੁੰਦੇ, ਉਦੋਂ ਤੱਕ ਕਾਂਗਰਸ ਉਨ੍ਹਾਂ ਦਾ ਸਿਆਸੀ ਅਤੇ ਸਮਾਜਿਕ ਬਾਈਕਾਟ ਜਾਰੀ ਰੱਖੇਗੀ। ਉਨ੍ਹਾਂ ਕਿਹਾ ਕਿ ਪਾਰਟੀ ਪੰਜਾਬ ਵਿੱਚ ਭਾਈਚਾਰਕ ਸਾਂਝ ਅਤੇ ਸਮਾਜਿਕ ਸਦਭਾਵਨਾ ਨੂੰ ਬਣਾਈ ਰੱਖਣ ਲਈ ਆਪਣਾ ਸੰਘਰਸ਼ ਜਾਰੀ ਰੱਖੇਗੀ। ਬਾਜਵਾ ਨੇ ਇਹ ਵੀ ਦੱਸਿਆ ਕਿ 29 ਜੂਨ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਦਿੱਤੇ ਸੱਦੇ ਅਨੁਸਾਰ ਕਾਂਗਰਸੀ ਆਗੂ ਉੱਥੇ ਪੇਸ਼ ਹੋਣਗੇ ਅਤੇ ਗੁਰੂ ਘਰ ਦੇ ਹੁਕਮਾਂ ਦਾ ਪੂਰਾ ਸਤਿਕਾਰ ਕਰਨਗੇ। ਨਾਲ ਹੀ ਉਨ੍ਹਾਂ ਕੇਂਦਰ ਸਰਕਾਰ ਤੋਂ ਪੂਰੇ ਮਾਮਲੇ ਦੀ ਨਿਰਪੱਖ ਜਾਂਚ ਕਰਵਾ ਕੇ ਦੋਸ਼ੀਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਵੀ ਕੀਤੀ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.