IMG-LOGO
ਹੋਮ ਪੰਜਾਬ: ਐਂਟੀ ਗੈਂਗਸਟਰ ਟਾਸਕ ਫੋਰਸ ਵੱਲੋਂ ਗੈਂਗਸਟਰ ਨੈੱਟਵਰਕਾਂ ਨੂੰ ਵੱਡਾ ਝਟਕਾ;...

ਐਂਟੀ ਗੈਂਗਸਟਰ ਟਾਸਕ ਫੋਰਸ ਵੱਲੋਂ ਗੈਂਗਸਟਰ ਨੈੱਟਵਰਕਾਂ ਨੂੰ ਵੱਡਾ ਝਟਕਾ; ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਤਹਿਤ 152 ਦਿਨਾਂ 'ਚ 713 ਗੈਰਕਾਨੂੰਨੀ ਹਥਿਆਰ ਬਰਾਮਦ

Admin User - Jun 25, 2026 10:03 PM
IMG

ਐੱਸ.ਏ.ਐੱਸ. ਨਗਰ (ਮੋਹਾਲੀ); 25 ਜੂਨ 2026:

ਸੰਗਠਿਤ ਅਪਰਾਧ ਅਤੇ ਗੈਂਗ ਨਾਲ ਜੁੜੀਆਂ ਗਤੀਵਿਧੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਦਿਆਂ ਅਤੇ ਉਨ੍ਹਾਂ ਦੇ ਨੈੱਟਵਰਕ ਦੀ ਰੀੜ੍ਹ ਦੀ ਹੱਡੀ ‘ਤੇ ਵੱਡਾ ਵਾਰ ਕਰਦਿਆਂ, ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਪੁਲਿਸ ਰਾਹੀਂ ਚਲਾਈ ਜਾ ਰਹੀ ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਦੇ 152 ਦਿਨਾਂ ਦੌਰਾਨ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਹਿਯੋਗੀਆਂ ਕੋਲੋਂ ਵੱਡੀ ਮਾਤਰਾ ਵਿੱਚ ਗੈਰਕਾਨੂੰਨੀ ਹਥਿਆਰ ਬਰਾਮਦ ਕਰਕੇ ਵੱਡੀ ਸਫ਼ਲਤਾ ਹਾਸਲ ਕੀਤੀ ਗਈ ਹੈ। ਇਸ ਨਾਲ ਅਪਰਾਧਿਕ ਨੈੱਟਵਰਕਾਂ ਨੂੰ ਵੱਡਾ ਝਟਕਾ ਲੱਗਾ ਹੈ।

‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਐਂਟੀ ਗੈਂਗਸਟਰ ਟਾਸਕ ਫੋਰਸ (AGTF) ਨੇ ਪੰਜਾਬ ਭਰ ਵਿੱਚ ਮੁਹਿੰਮ ਦੇ ਕੁੱਲ 152 ਦਿਨਾਂ ਦੌਰਾਨ 713 ਗੈਰਕਾਨੂੰਨੀ ਹਥਿਆਰ, 218 ਮੈਗਜ਼ੀਨ ਅਤੇ 2,009 ਕਾਰਤੂਸ ਬਰਾਮਦ ਕੀਤੇ ਹਨ।


ਇਸ ਬਾਰੇ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ ਪੁਲਿਸ ਗੌਰਵ ਯਾਦਵ ਨੇ ਕਿਹਾ, “ਗੈਂਗਸਟਰ ਨੌਜਵਾਨਾਂ ਨੂੰ ਆਪਣੇ ਗੈਰਕਾਨੂੰਨੀ ਕੰਮਾਂ ਲਈ ਵੱਡੇ ਪੱਧਰ ‘ਤੇ ਲਾਲਚ ਦਿੰਦੇ ਹਨ ਅਤੇ ਉਨ੍ਹਾਂ ਨੂੰ ਗੈਰਕਾਨੂੰਨੀ ਹਥਿਆਰ ਮੁਹੱਈਆ ਕਰਵਾਉਣਾ ਇਸਦਾ ਇੱਕ ਹਿੱਸਾ ਹੈ। ਪੰਜਾਬ ਪੁਲਿਸ ਨੇ ਸਮੇਂ-ਸਮੇਂ ‘ਤੇ ਵੱਡੀ ਮਾਤਰਾ ਵਿੱਚ ਗੋਲਾ-ਬਾਰੂਦ ਬਰਾਮਦ ਕੀਤਾ ਹੈ, ਪਰ ਗੈਂਗਸਟਰਾਂ ਦੇ ਸਹਿਯੋਗੀਆਂ ਕੋਲੋਂ ਮਿਲੇ ਹਥਿਆਰਾਂ ਨੇ ਸੂਬੇ ਵਿੱਚ ਕਈ ਅਪਰਾਧਾਂ ਨੂੰ ਰੋਕਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ। ਪੰਜਾਬ ਪੁਲਿਸ ਗੈਰਕਾਨੂੰਨੀ ਹਥਿਆਰਾਂ ਦੀ ਤਸਕਰੀ, ਸਰਹੱਦ ਪਾਰ ਤਸਕਰੀ ਅਤੇ ਸੰਗਠਿਤ ਅਪਰਾਧ ਖ਼ਿਲਾਫ਼ ਜ਼ੀਰੋ ਟੋਲਰੈਂਸ ਨੀਤੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ।”


ਇਹ ਗੈਰਕਾਨੂੰਨੀ ਹਥਿਆਰ ਏਜੀਟੀਐਫ ਵੱਲੋਂ ਸਮੇਂ-ਸਮੇਂ ‘ਤੇ ਚਲਾਈਆਂ ਗਈਆਂ ਵੱਖ-ਵੱਖ ਸਰਚ ਮੁਹਿੰਮਾਂ ਅਤੇ ਕਾਰਵਾਈਆਂ ਦੌਰਾਨ ਬਰਾਮਦ ਕੀਤੇ ਗਏ ਹਨ। ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਅੰਮ੍ਰਿਤਸਰ ਰੂਰਲ ਤੋਂ 92, ਅੰਮ੍ਰਿਤਸਰ ਸ਼ਹਿਰ ਤੋਂ 201, ਫਿਰੋਜ਼ਪੁਰ ਤੋਂ 155 ਅਤੇ ਤਰਨਤਾਰਨ ਤੋਂ (30 ਅਪ੍ਰੈਲ ਤੱਕ) 243 ਗੈਰਕਾਨੂੰਨੀ ਹਥਿਆਰ, ਗੋਲਾ-ਬਾਰੂਦ ਅਤੇ ਮੈਗਜ਼ੀਨ ਬਰਾਮਦ ਕੀਤੇ ਗਏ ਹਨ, ਜੋ ਇਨ੍ਹਾਂ ਮੁੱਖ ਜ਼ਿਲ੍ਹਿਆਂ ਵਿੱਚ ਅਪਰਾਧ ‘ਤੇ ਕਾਬੂ ਪਾਉਣ ਲਈ ਪੁਲਿਸ ਵੱਲੋਂ ਕੀਤੇ ਜਾ ਰਹੇ ਯਤਨਾਂ ਨੂੰ ਦਰਸਾਉਂਦੇ ਹਨ।

ਪਿਛਲੇ ਮਹੀਨੇ ਸੂਬਾ ਪੁਲਿਸ ਨੇ ਗੈਰਕਾਨੂੰਨੀ ਹਥਿਆਰਾਂ ਦੀ ਭਾਲ ਲਈ ਆਪਣੀ ਮੁਹਿੰਮ ਨੂੰ ਹੋਰ ਤੇਜ਼ ਕੀਤਾ, ਜਿਸ ਦੇ ਨਤੀਜੇ ਵਜੋਂ ਵੱਡੀ ਮਾਤਰਾ ਵਿੱਚ ਹਥਿਆਰ ਬਰਾਮਦ ਹੋਏ।

ਡੀਜੀਪੀ ਨੇ ਅੱਗੇ ਕਿਹਾ, “ਬਰਾਮਦ ਕੀਤੇ ਗਏ ਹਥਿਆਰਾਂ ਵਿੱਚ ਆਧੁਨਿਕ ਹਥਿਆਰਾਂ ਤੋਂ ਲੈ ਕੇ ਦੇਸੀ ਪਿਸਤੌਲਾਂ ਤੱਕ ਸ਼ਾਮਲ ਹਨ। ਏਜੀਟੀਐਫ ਹੋਰ ਵਿਭਾਗਾਂ ਦੇ ਸਹਿਯੋਗ ਨਾਲ ਸ਼ਾਨਦਾਰ ਕੰਮ ਕਰ ਰਹੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਗੈਂਗਸਟਰਾਂ ਅਤੇ ਉਨ੍ਹਾਂ ਦੀਆਂ ਗਤੀਵਿਧੀਆਂ ਖ਼ਿਲਾਫ਼ ਕਾਰਵਾਈ ਸੂਬੇ ਭਰ ਵਿੱਚ ਜਾਰੀ ਰਹੇਗੀ।”

ਹਾਲ ਹੀ ਵਿੱਚ ਇੱਕ ਵੱਡੀ ਸਫ਼ਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰ ਗੈਰਕਾਨੂੰਨੀ ਹਥਿਆਰ ਤਸਕਰੀ ਮੋਡੀਊਲ ਦਾ ਪਰਦਾਫਾਸ਼ ਕੀਤਾ ਅਤੇ 8 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਨ੍ਹਾਂ ਕੋਲੋਂ 11 ਆਧੁਨਿਕ ਪਿਸਤੌਲਾਂ ਅਤੇ 8 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ।

ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਦੋਸ਼ੀ ਗੈਰਕਾਨੂੰਨੀ ਹਥਿਆਰਾਂ ਦੀ ਸਪਲਾਈ ਕਰਨ ਵਾਲੇ ਵਿਅਕਤੀਆਂ ਦੇ ਸੰਪਰਕ ਵਿੱਚ ਸਨ। ਬਰਾਮਦ ਕੀਤੇ ਗਏ ਹਥਿਆਰ ਅਪਰਾਧਿਕ ਅਨਸਰਾਂ ਤੱਕ ਪਹੁੰਚਾਏ ਜਾਣੇ ਸਨ ਅਤੇ ਉਨ੍ਹਾਂ ਦੀ ਵਰਤੋਂ ਜਬਰਨ ਵਸੂਲੀ, ਹਿੰਸਕ ਅਪਰਾਧਾਂ ਅਤੇ ਹੋਰ ਗੈਰਕਾਨੂੰਨੀ ਗਤੀਵਿਧੀਆਂ ਲਈ ਕੀਤੀ ਜਾਣੀ ਸੀ। ਇਸੇ ਦੌਰਾਨ, ਲੁਧਿਆਣਾ ਕਮਿਸ਼ਨਰੇਟ ਪੁਲਿਸ ਦੀ ਸੀਆਈਏ ਸਟਾਫ਼ ਟੀਮ ਨੇ ਵੀ ਵੱਡੀ ਸਫ਼ਲਤਾ ਹਾਸਲ ਕਰਦਿਆਂ ਦੋ ਵਿਅਕਤੀਆਂ ਨੂੰ ਗੈਰਕਾਨੂੰਨੀ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ।


Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.