ਤਾਜਾ ਖਬਰਾਂ
ਪਿਛਲੇ ਕਈ ਦਿਨਾਂ ਤੋਂ ਅੱਗ ਵਰ੍ਹਾਊ ਗਰਮੀ ਅਤੇ ਹੁੰਮਸ ਦੀ ਮਾਰ ਝੱਲ ਰਹੇ ਪੰਜਾਬ ਅਤੇ ਰਾਜਧਾਨੀ ਚੰਡੀਗੜ੍ਹ ਦੇ ਵਸਨੀਕਾਂ ਲਈ ਰਾਹਤ ਭਰੀ ਖ਼ਬਰ ਹੈ। ਮੌਸਮ ਵਿਭਾਗ ਨੇ ਸੂਬੇ ਵਿੱਚ ਮਾਨਸੂਨ ਦੀ ਆਮਦ ਅਤੇ ਮੀਂਹ ਦੀਆਂ ਗਤੀਵਿਧੀਆਂ ਤੇਜ਼ ਹੋਣ ਦੀ ਅਹਿਮ ਭਵਿੱਖਬਾਣੀ ਕੀਤੀ ਹੈ। ਵਿਭਾਗ ਮੁਤਾਬਕ ਆਉਣ ਵਾਲੇ 24 ਤੋਂ 48 ਘੰਟਿਆਂ ਦੌਰਾਨ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਮੌਸਮ ਦਾ ਮਿਜ਼ਾਜ ਪੂਰੀ ਤਰ੍ਹਾਂ ਬਦਲ ਜਾਵੇਗਾ। ਖ਼ਾਸ ਕਰਕੇ 27 ਅਤੇ 28 ਜੂਨ ਨੂੰ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਮੂਸਲਾਧਾਰ ਬਾਰਿਸ਼ ਹੋਣ ਦੀ ਸੰਭਾਵਨਾ ਹੈ, ਜਿਸ ਦੇ ਮੱਦੇਨਜ਼ਰ ਮੌਸਮ ਕੇਂਦਰ ਵੱਲੋਂ 'ਓਰੇਂਜ ਅਲਰਟ' ਜਾਰੀ ਕਰਕੇ ਪ੍ਰਸ਼ਾਸਨ ਅਤੇ ਆਮ ਲੋਕਾਂ ਨੂੰ ਚੌਕਸ ਰਹਿਣ ਦੀ ਹਦਾਇਤ ਕੀਤੀ ਗਈ ਹੈ।
ਮੌਸਮ ਮਾਹਰਾਂ ਅਨੁਸਾਰ 26 ਜੂਨ ਨੂੰ ਪੰਜਾਬ ਦੇ ਜ਼ਿਆਦਾਤਰ ਇਲਾਕਿਆਂ ਵਿੱਚ ਗਰਜ-ਤੂਫ਼ਾਨ ਦੇ ਨਾਲ-ਨਾਲ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣਗੀਆਂ ਅਤੇ ਹਲਕੇ ਤੋਂ ਦਰਮਿਆਨਾ ਮੀਂਹ ਪਵੇਗਾ। ਇਸ ਤੋਂ ਬਾਅਦ 27 ਅਤੇ 28 ਜੂਨ ਨੂੰ ਮਾਨਸੂਨ ਸੂਬੇ ਵਿੱਚ ਪੂਰੀ ਤਰ੍ਹਾਂ ਸਰਗਰਮ ਹੋ ਜਾਵੇਗਾ, ਜਿਸ ਕਾਰਨ ਕਈ ਥਾਵਾਂ 'ਤੇ ਭਾਰੀ ਤੋਂ ਬਹੁਤ ਭਾਰੀ ਬਾਰਿਸ਼ ਦੇਖਣ ਨੂੰ ਮਿਲੇਗੀ। ਵਿਭਾਗ ਨੇ ਚੇਤਾਵਨੀ ਦਿੱਤੀ ਹੈ ਕਿ ਭਾਰੀ ਮੀਂਹ ਕਾਰਨ ਨੀਵੇਂ ਇਲਾਕਿਆਂ ਵਿੱਚ ਪਾਣੀ ਭਰਨ (ਵਾਟਰ ਲੌਗਿੰਗ) ਅਤੇ ਸੜਕੀ ਆਵਾਜਾਈ ਪ੍ਰਭਾਵਿਤ ਹੋਣ ਦੇ ਪੂਰੇ ਆਸਾਰ ਹਨ।
ਇਸ ਸਮੇਂ ਪੰਜਾਬ ਦੇ ਬਹੁਤੇ ਜ਼ਿਲ੍ਹਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ 36 ਡਿਗਰੀ ਤੋਂ ਲੈ ਕੇ 41 ਡਿਗਰੀ ਸੈਲਸੀਅਸ ਦੇ ਵਿਚਕਾਰ ਦਰਜ ਕੀਤਾ ਜਾ ਰਿਹਾ ਹੈ, ਜਿਸ ਕਾਰਨ ਲੋਕ ਹਾਲੋ-ਬੇਹਾਲ ਹਨ। ਪਰ ਅਗਲੇ ਤਿੰਨ ਦਿਨਾਂ ਤੱਕ ਚੱਲਣ ਵਾਲੇ ਬਾਰਿਸ਼ ਦੇ ਇਸ ਸਪੈੱਲ ਕਾਰਨ ਦਿਨ ਦੇ ਤਾਪਮਾਨ ਵਿੱਚ 3 ਤੋਂ 5 ਡਿਗਰੀ ਸੈਲਸੀਅਸ ਦੀ ਵੱਡੀ ਗਿਰਾਵਟ ਆਵੇਗੀ। ਇਸ ਨਾਲ ਲੋਕਾਂ ਨੂੰ ਅਸਹਿ ਗਰਮੀ ਤੋਂ ਮੁਕਤੀ ਮਿਲੇਗੀ ਅਤੇ ਮੌਸਮ ਖ਼ੁਸ਼ਗਵਾਰ ਹੋ ਜਾਵੇਗਾ।
ਮੌਸਮ ਕੇਂਦਰ ਦੇ ਬੁਲਾਰੇ ਮੁਤਾਬਕ 29 ਜੂਨ ਤੋਂ ਲੈ ਕੇ 1 ਜੁਲਾਈ ਤੱਕ ਵੀ ਸੂਬੇ ਵਿੱਚ ਬੱਦਲਵਾਈ ਅਤੇ ਬਾਰਿਸ਼ ਦਾ ਸਿਲਸਿਲਾ ਰੁਕ-ਰੁਕ ਕੇ ਜਾਰੀ ਰਹੇਗਾ, ਹਾਲਾਂਕਿ ਇਸ ਦੌਰਾਨ ਮੀਂਹ ਦੀ ਰਫ਼ਤਾਰ ਅਤੇ ਤੀਬਰਤਾ ਥੋੜ੍ਹੀ ਘੱਟ ਹੋ ਸਕਦੀ ਹੈ। ਦੂਜੇ ਪਾਸੇ ਖੇਤੀਬਾੜੀ ਮਾਹਰਾਂ ਦਾ ਕਹਿਣਾ ਹੈ ਕਿ ਇਹ ਕੁਦਰਤੀ ਵਰਖਾ ਇਸ ਸਮੇਂ ਝੋਨੇ ਦੀ ਲਵਾਈ ਦੇ ਸੀਜ਼ਨ ਵਿੱਚ ਰੁੱਝੇ ਹੋਏ ਕਿਸਾਨਾਂ ਲਈ ਕਿਸੇ ਵਰਦਾਨ ਤੋਂ ਘੱਟ ਨਹੀਂ ਹੋਵੇਗੀ, ਕਿਉਂਕਿ ਇਸ ਨਾਲ ਫ਼ਸਲ ਨੂੰ ਭਰਪੂਰ ਫ਼ਾਇਦਾ ਪਹੁੰਚੇਗਾ ਅਤੇ ਟਿਊਬਵੈੱਲਾਂ 'ਤੇ ਨਿਰਭਰਤਾ ਘਟੇਗੀ।
Get all latest content delivered to your email a few times a month.