ਤਾਜਾ ਖਬਰਾਂ
ਸਿੱਖ ਕਿਸਾਨ ਆਗੂ ਰਾਜਿੰਦਰ ਸਿੰਘ ਬਡਹੇੜੀ ਨੇ ਇੱਕ ਲਿਖਤੀ ਪ੍ਰੈਸ ਬਿਆਨ ਜਾਰੀ ਕਰਦਿਆਂ ਮਹਾਰਾਸ਼ਟਰ ਸਰਕਾਰ ਵੱਲੋਂ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਪ੍ਰਬੰਧ ਲਈ ਨਵਾਂ ਐਕਟ ਲਾਗੂ ਕਰਨ ਦੇ ਫ਼ੈਸਲੇ ਦਾ ਸਖ਼ਤ ਸ਼ਬਦਾਂ ਵਿੱਚ ਵਿਰੋਧ ਕੀਤਾ ਹੈ। ਉਨ੍ਹਾਂ ਕਿਹਾ ਕਿ ਸਮੁੱਚੇ ਗੁਰੂ ਨਾਨਕ ਨਾਮ ਲੇਵਾ ਸਿੱਖ ਜਗਤ ਅਤੇ ਸੰਗਤਾਂ ਵਿੱਚ ਸਰਕਾਰ ਦੇ ਇਸ ਕਦਮ ਪ੍ਰਤੀ ਭਾਰੀ ਰੋਸ ਹੈ। ਪ੍ਰੈੱਸ ਬਿਆਨ ਜਾਰੀ ਕਰਦਿਆਂ ਰਾਜਿੰਦਰ ਸਿੰਘ ਬਡਹੇੜੀਨੇ ਕਿਹਾ ਕਿ ਤਖ਼ਤ ਸ੍ਰੀ ਹਜ਼ੂਰ ਸਾਹਿਬ, ਨਾਂਦੇੜ ਸਿੱਖ ਕੌਮ ਦੇ ਪੰਜ ਤਖ਼ਤਾਂ ਵਿੱਚੋਂ ਇੱਕ ਮਹਾਨ ਅਤੇ ਪਵਿੱਤਰ ਤਖ਼ਤ ਹੈ। ਇਹ ਅਸਥਾਨ ਦਸਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪਵਿੱਤਰ ਅਸਥਾਨ ਹੈ। ਇਸ ਪਾਵਨ ਅਸਥਾਨ ਦੀ ਮਰਿਆਦਾ, ਪਰੰਪਰਾ ਅਤੇ ਪ੍ਰਬੰਧ ਸਿੱਖ ਪੰਥ ਦੀਆਂ ਧਾਰਮਿਕ ਭਾਵਨਾਵਾਂ ਨਾਲ ਡੂੰਘੇ ਤੌਰ ਉੱਤੇ ਜੁੜਿਆ ਹੋਇਆ ਹੈ।
ਸ੍ਰੀ ਬਡਹੇੜੀ ਨੇ ਸਪੱਸ਼ਟ ਕੀਤਾ ਕਿ ਸਿੱਖ ਸੰਗਤਾਂ ਦਾ ਇਹ ਦ੍ਰਿੜ੍ਹ ਮੰਨਣਾ ਹੈ ਕਿ ਕਿਸੇ ਵੀ ਸਰਕਾਰ ਨੂੰ ਸਿੱਖਾਂ ਦੇ ਧਾਰਮਿਕ ਅਸਥਾਨਾਂ ਦੇ ਪ੍ਰਬੰਧ ਵਿੱਚ ਅਜਿਹਾ ਕੋਈ ਵੀ ਦਖ਼ਲ ਨਹੀਂ ਦੇਣਾ ਚਾਹੀਦਾ, ਜਿਸ ਨਾਲ ਤਖ਼ਤ ਸਾਹਿਬ ਦੀ ਖੁਦਮੁਖਤਿਆਰੀ, ਸਦੀਆਂ ਪੁਰਾਣੀਆਂ ਰਵਾਇਤਾਂ ਅਤੇ ਪੰਥਕ ਮਰਿਆਦਾ ਪ੍ਰਭਾਵਿਤ ਹੁੰਦੀ ਹੋਵੇ। ਸਿੱਖ ਕੌਮ ਹਮੇਸ਼ਾਂ ਆਪਣੇ ਗੁਰੂ ਘਰਾਂ ਦੀ ਆਜ਼ਾਦੀ ਅਤੇ ਪਵਿੱਤਰਤਾ ਨੂੰ ਬਰਕਰਾਰ ਰੱਖਣ ਲਈ ਵਚਨਬੱਧ ਰਹੀ ਹੈ ਅਤੇ ਇਸ ਗੰਭੀਰ ਮਾਮਲੇ ਵਿੱਚ ਵੀ ਸਮੁੱਚੀਆਂ ਸੰਗਤਾਂ ਇਕਜੁੱਟ ਹੋ ਕੇ ਆਪਣੀ ਆਵਾਜ਼ ਬੁਲੰਦ ਕਰਨਗੀਆਂ। ਸ੍ਰੀ ਬਡਹੇੜੀ ਵੱਲੋਂ ਮਹਾਰਾਸ਼ਟਰ ਸਰਕਾਰ ਨੂੰ ਜੋਰਦਾਰ ਅਪੀਲ ਕੀਤੀ ਕਿ ਸਿੱਖ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਦਾ ਪੂਰਨ ਸਤਿਕਾਰ ਕੀਤਾ ਜਾਵੇ। ਸਰਕਾਰ ਵੱਲੋਂ ਕੋਈ ਵੀ ਅਜਿਹਾ ਕਦਮ ਨਾ ਚੁੱਕਿਆ ਜਾਵੇ ਜੋ ਪੰਥਕ ਏਕਤਾ, ਧਾਰਮਿਕ ਅਜ਼ਾਦੀ ਅਤੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੀ ਮਰਿਆਦਾ ਨੂੰ ਪ੍ਰਭਾਵਿਤ ਕਰਦਾ ਹੋਵੇ। ਬਿਆਨ ਦੇ ਅਖੀਰ ਵਿੱਚ ਉਨ੍ਹਾਂ ਗੁਰੂ ਸਾਹਿਬ ਦੇ ਚਰਨਾਂ ਵਿੱਚ ਅਰਦਾਸ ਕੀਤੀ ਕਿ ਅਕਾਲ ਪੁਰਖ ਦੀ ਕਿਰਪਾ ਨਾਲ ਸਿੱਖ ਪੰਥ ਹਮੇਸ਼ਾ ਇਕਜੁੱਟ ਰਹੇ ਅਤੇ ਤਖ਼ਤ ਸਾਹਿਬਾਨ ਦੀਆਂ ਮਹਾਨ ਪਰੰਪਰਾਵਾਂ ਅਤੇ ਮਰਿਆਦਾ ਸਦਾ ਕਾਇਮ ਰਹਿਣ।
Get all latest content delivered to your email a few times a month.