ਤਾਜਾ ਖਬਰਾਂ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸਜੀਪੀਸੀ) ਦੀ ਜਨਰਲ ਹਾਊਸ ਮੀਟਿੰਗ ਵਿੱਚ ਕਈ ਅਹਿਮ ਮਤੇ ਪਾਸ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਜੁੜੇ ਵਿਵਾਦ, ਮਹਾਰਾਸ਼ਟਰ ਸਰਕਾਰ ਵੱਲੋਂ ਤਖ਼ਤ ਸ੍ਰੀ ਹਜ਼ੂਰ ਸਾਹਿਬ ਐਕਟ ਵਿੱਚ ਕੀਤੀਆਂ ਜਾ ਰਹੀਆਂ ਤਬਦੀਲੀਆਂ ਅਤੇ ਪੰਥਕ ਏਕਤਾ ਵਰਗੇ ਮੁੱਦਿਆਂ 'ਤੇ ਸਖ਼ਤ ਰੁਖ਼ ਅਖ਼ਤਿਆਰ ਕੀਤਾ ਗਿਆ।
ਐੱਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਿੱਖ ਕੌਮ ਦੀ ਵਿਲੱਖਣ ਪਹਿਚਾਣ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਸਮੂਹ ਸਿੱਖ ਸੰਗਤ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਪੰਥਕ ਏਕਤਾ ਅਤੇ ਗੁਰਮਤਿ ਸਿਧਾਂਤਾਂ ਅਨੁਸਾਰ ਇਕੱਠੇ ਹੋਣ ਦੀ ਅਪੀਲ ਕੀਤੀ।
ਜਨਰਲ ਹਾਊਸ ਵੱਲੋਂ ਪਾਸ ਕੀਤੇ ਮਤੇ ਵਿੱਚ ਕਿਹਾ ਗਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਜੁੜੇ ਵਿਵਾਦ ਸਬੰਧੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅਜੇ ਤੱਕ ਕੋਈ ਸਪੱਸ਼ਟ ਅਤੇ ਤਸੱਲੀਬਖ਼ਸ਼ ਜਵਾਬ ਨਹੀਂ ਦਿੱਤਾ ਗਿਆ। ਇਸ ਲਈ ਉਨ੍ਹਾਂ ਖ਼ਿਲਾਫ਼ ਪਰਚਾ ਦਰਜ ਕਰਕੇ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ ਗਈ। ਨਾਲ ਹੀ ਇਹ ਵੀ ਕਿਹਾ ਗਿਆ ਕਿ ਇਸ ਮਾਮਲੇ ਤੋਂ ਬਾਅਦ ਮੁੱਖ ਮੰਤਰੀ ਆਪਣੇ ਅਹੁਦੇ 'ਤੇ ਬਣੇ ਰਹਿਣ ਦਾ ਨੈਤਿਕ ਅਧਿਕਾਰ ਗੁਆ ਚੁੱਕੇ ਹਨ ਅਤੇ ਉਨ੍ਹਾਂ ਨੂੰ ਅਸਤੀਫ਼ਾ ਦੇਣਾ ਚਾਹੀਦਾ ਹੈ।
ਮੀਟਿੰਗ ਦੌਰਾਨ ਐੱਸਜੀਪੀਸੀ ਨੇ ਇਹ ਵੀ ਫ਼ੈਸਲਾ ਕੀਤਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਅਤੇ ਪੰਥਕ ਫ਼ੈਸਲਿਆਂ ਪ੍ਰਤੀ ਸੰਗਤ ਨੂੰ ਜਾਗਰੂਕ ਕਰਨ ਲਈ ਪੰਜਾਬ ਦੇ ਹਰ ਵਿਧਾਨ ਸਭਾ ਹਲਕੇ ਵਿੱਚ ਵਿਸ਼ੇਸ਼ ਪ੍ਰਚਾਰ ਮੁਹਿੰਮ ਚਲਾਈ ਜਾਵੇਗੀ। ਇਸ ਮੁਹਿੰਮ ਵਿੱਚ ਵੱਖ-ਵੱਖ ਗੁਰਦੁਆਰਾ ਪ੍ਰਬੰਧਕ ਕਮੇਟੀਆਂ, ਧਾਰਮਿਕ ਜਥੇਬੰਦੀਆਂ ਅਤੇ ਪ੍ਰਚਾਰਕ ਜਥਿਆਂ ਨੂੰ ਵੀ ਸ਼ਾਮਲ ਕੀਤਾ ਜਾਵੇਗਾ।
ਇੱਕ ਹੋਰ ਮਤੇ ਵਿੱਚ ਦੋਸ਼ ਲਾਇਆ ਗਿਆ ਕਿ ਮੁੱਖ ਮੰਤਰੀ ਦੇ ਬਚਾਅ ਲਈ ਸਰਕਾਰੀ ਮਸ਼ੀਨਰੀ ਦੀ ਵਰਤੋਂ ਕਰਦਿਆਂ ਕਥਿਤ ਜਾਅਲੀ ਲੈਬ ਰਿਪੋਰਟ ਤਿਆਰ ਕਰਵਾਈ ਗਈ। ਐੱਸਜੀਪੀਸੀ ਨੇ ਦਾਅਵਾ ਕੀਤਾ ਕਿ ਇਸ ਮਾਮਲੇ ਵਿੱਚ ਸੱਚ ਸਾਹਮਣੇ ਆ ਚੁੱਕਾ ਹੈ ਅਤੇ ਹਰਿਆਣਾ ਪੁਲਿਸ ਵੱਲੋਂ ਐੱਫਆਈਆਰ ਵੀ ਦਰਜ ਕੀਤੀ ਜਾ ਚੁੱਕੀ ਹੈ। ਇਸ ਆਧਾਰ 'ਤੇ ਜਨਰਲ ਹਾਊਸ ਨੇ ਮੁੱਖ ਮੰਤਰੀ ਅਤੇ ਸੰਬੰਧਿਤ ਵਿਅਕਤੀਆਂ ਖ਼ਿਲਾਫ਼ ਸਰਕਾਰੀ ਅਹੁਦੇ ਦੀ ਦੁਰਵਰਤੋਂ, ਝੂਠੇ ਸਬੂਤ ਤਿਆਰ ਕਰਨ ਅਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ਾਂ ਹੇਠ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ।
ਮੀਟਿੰਗ ਵਿੱਚ ਮਹਾਰਾਸ਼ਟਰ ਸਰਕਾਰ ਵੱਲੋਂ ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਲ ਸਬੰਧਤ 1956 ਦੇ ਐਕਟ ਵਿੱਚ ਸੋਧ ਕਰਨ ਦੇ ਫ਼ੈਸਲੇ ਦਾ ਵੀ ਸਖ਼ਤ ਵਿਰੋਧ ਕੀਤਾ ਗਿਆ। ਐੱਸਜੀਪੀਸੀ ਨੇ ਕਿਹਾ ਕਿ ਪੰਜ ਤਖ਼ਤਾਂ ਵਿੱਚੋਂ ਇੱਕ ਤਖ਼ਤ ਦੇ ਪ੍ਰਬੰਧ ਅਤੇ ਧਾਰਮਿਕ ਖੁਦਮੁਖਤਿਆਰੀ ਵਿੱਚ ਕਿਸੇ ਵੀ ਸਰਕਾਰੀ ਦਖ਼ਲਅੰਦਾਜ਼ੀ ਨੂੰ ਸਿੱਖ ਕੌਮ ਕਦੇ ਵੀ ਸਵੀਕਾਰ ਨਹੀਂ ਕਰੇਗੀ ਅਤੇ ਸਰਕਾਰ ਨੂੰ ਇਹ ਸੋਧ ਵਾਪਸ ਲੈਣੀ ਚਾਹੀਦੀ ਹੈ।
ਇਸ ਤੋਂ ਇਲਾਵਾ ਜਨਰਲ ਹਾਊਸ ਨੇ 5 ਜੁਲਾਈ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਥਾਪਨਾ ਦਿਵਸ ਮੌਕੇ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿੱਚ ਸਵੇਰੇ 11 ਵਜੇ ਵਿਸ਼ਾਲ ਪੰਥਕ ਇਕੱਠ ਬੁਲਾਉਣ ਦਾ ਐਲਾਨ ਕੀਤਾ। ਇਸ ਵਿੱਚ ਵੱਖ-ਵੱਖ ਸਿੱਖ ਜਥੇਬੰਦੀਆਂ, ਦਮਦਮੀ ਟਕਸਾਲ, ਨਿਹੰਗ ਸਿੰਘ ਦਲਾਂ, ਗੁਰਦੁਆਰਾ ਪ੍ਰਬੰਧਕ ਕਮੇਟੀਆਂ, ਸਿੱਖ ਵਿਦਵਾਨਾਂ, ਬੁੱਧੀਜੀਵੀਆਂ ਅਤੇ ਵੱਡੀ ਗਿਣਤੀ ਵਿੱਚ ਸੰਗਤ ਨੂੰ ਸ਼ਮੂਲੀਅਤ ਦੀ ਅਪੀਲ ਕੀਤੀ ਗਈ ਹੈ।
ਐੱਸਜੀਪੀਸੀ ਵੱਲੋਂ ਪਾਸ ਕੀਤੇ ਇਨ੍ਹਾਂ ਮਤਿਆਂ ਨੇ ਪੰਜਾਬ ਦੇ ਸਿਆਸੀ ਅਤੇ ਪੰਥਕ ਮਾਹੌਲ ਵਿੱਚ ਨਵੀਂ ਚਰਚਾ ਨੂੰ ਜਨਮ ਦਿੱਤਾ ਹੈ। ਹੁਣ ਨਜ਼ਰ ਇਸ ਗੱਲ 'ਤੇ ਟਿਕੀ ਹੋਈ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਪੰਜਾਬ ਸਰਕਾਰ ਅਤੇ ਹੋਰ ਸੰਬੰਧਿਤ ਧਿਰਾਂ ਵੱਲੋਂ ਇਨ੍ਹਾਂ ਮਤਿਆਂ 'ਤੇ ਕੀ ਪ੍ਰਤੀਕਿਰਿਆ ਦਿੱਤੀ ਜਾਂਦੀ ਹੈ।
Get all latest content delivered to your email a few times a month.