IMG-LOGO
ਹੋਮ ਪੰਜਾਬ: ਅੰਮ੍ਰਿਤਸਰ ਤੋਂ ਕੇਜਰੀਵਾਲ-ਮਾਨ ਦਾ ਵੱਡਾ ਐਲਾਨ, ਸ੍ਰੀ ਅਕਾਲ ਤਖ਼ਤ ਸਾਹਿਬ...

ਅੰਮ੍ਰਿਤਸਰ ਤੋਂ ਕੇਜਰੀਵਾਲ-ਮਾਨ ਦਾ ਵੱਡਾ ਐਲਾਨ, ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਣਗੇ 'ਆਪ' ਦੇ ਮੰਤਰੀ ਤੇ ਵਿਧਾਇਕ

Admin User - Jun 28, 2026 02:02 PM
IMG

ਅੰਮ੍ਰਿਤਸਰ ਵਿੱਚ ਐਤਵਾਰ ਨੂੰ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਾਂਝੀ ਪ੍ਰੈੱਸ ਕਾਨਫਰੰਸ ਦੌਰਾਨ ਕਈ ਅਹਿਮ ਮੁੱਦਿਆਂ 'ਤੇ ਆਪਣਾ ਪੱਖ ਰੱਖਿਆ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ ਸ਼੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜਿਨ੍ਹਾਂ 'ਆਪ' ਦੇ ਮੰਤਰੀਆਂ ਅਤੇ ਵਿਧਾਇਕਾਂ ਨੂੰ ਤਲਬ ਕੀਤਾ ਗਿਆ ਹੈ, ਉਹ ਸਾਰੇ ਭਲਕੇ ਪੂਰੀ ਸ਼ਰਧਾ ਅਤੇ ਸਤਿਕਾਰ ਨਾਲ ਉੱਥੇ ਪੇਸ਼ ਹੋਣਗੇ ਅਤੇ ਆਪਣਾ ਲਿਖਤੀ ਜਵਾਬ ਸੌਂਪਣਗੇ।

ਸੀਐਮ ਮਾਨ ਨੇ ਕਿਹਾ ਕਿ ਸ਼੍ਰੀ ਅਕਾਲ ਤਖ਼ਤ ਸਾਹਿਬ ਸਿੱਖ ਪੰਥ ਦੀ ਸਰਵਉੱਚ ਸੰਸਥਾ ਹੈ ਅਤੇ ਉਨ੍ਹਾਂ ਦੀ ਪਾਰਟੀ ਇਸ ਦੀ ਮਰਿਆਦਾ ਦਾ ਪੂਰਾ ਸਤਿਕਾਰ ਕਰਦੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਉਨ੍ਹਾਂ ਨੂੰ ਨਿੱਜੀ ਤੌਰ 'ਤੇ ਤਲਬ ਨਹੀਂ ਕੀਤਾ ਗਿਆ, ਇਸ ਲਈ ਸਰਕਾਰ ਵੱਲੋਂ ਮੰਤਰੀ, ਵਿਧਾਇਕ ਅਤੇ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਆਪਣਾ ਪੱਖ ਰੱਖਣਗੇ। ਉਨ੍ਹਾਂ ਇਹ ਵੀ ਕਿਹਾ ਕਿ ਫੈਸਲਾ ਜੋ ਵੀ ਹੋਵੇਗਾ, ਉਸ ਨੂੰ ਪੂਰੀ ਨਿਮਰਤਾ ਨਾਲ ਸਵੀਕਾਰ ਕੀਤਾ ਜਾਵੇਗਾ।


ਮਾਸਕ ਵਾਲੀ ਵਿਵਾਦਤ ਵੀਡੀਓ ਦਾ ਜ਼ਿਕਰ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਉਹ ਵੀਡੀਓ ਫਰਜ਼ੀ ਹੈ ਅਤੇ ਇਸ ਸਬੰਧੀ ਸਾਰਾ ਰਿਕਾਰਡ ਅਤੇ ਪੱਤਰ ਸ਼੍ਰੀ ਅਕਾਲ ਤਖ਼ਤ ਸਾਹਿਬ ਨੂੰ ਭੇਜਿਆ ਜਾਵੇਗਾ। ਉਨ੍ਹਾਂ ਦੁਹਰਾਇਆ ਕਿ ਉਸ ਵੀਡੀਓ ਵਿੱਚ ਉਹ ਖ਼ੁਦ ਮੌਜੂਦ ਨਹੀਂ ਸਨ ਅਤੇ ਅਕਾਲ ਤਖ਼ਤ ਸਾਹਿਬ ਨਾਲ ਟਕਰਾਅ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ।


ਐਸਜੀਪੀਸੀ ਨੂੰ ਨਿਸ਼ਾਨੇ 'ਤੇ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਥਕ ਇਕੱਠ ਸੱਦਣਾ ਉਸ ਦਾ ਅਧਿਕਾਰ ਹੈ, ਪਰ ਗੁਰਦੁਆਰਿਆਂ ਦੇ ਬਾਹਰ ਬੋਰਡ ਲਗਾ ਕੇ ਸਿਆਸੀ ਮਾਹੌਲ ਬਣਾਉਣਾ ਠੀਕ ਨਹੀਂ। ਉਨ੍ਹਾਂ ਇਹ ਵੀ ਕਿਹਾ ਕਿ ਸੰਗਤ ਸਭ ਤੋਂ ਉੱਚੀ ਹੈ ਅਤੇ ਲੋਕ ਅੱਜ ਵੀ ਉਨ੍ਹਾਂ ਨੂੰ ਪਿਆਰ ਅਤੇ ਸਤਿਕਾਰ ਦੇ ਰਹੇ ਹਨ।


ਇਸ ਦੌਰਾਨ ਅਰਵਿੰਦ ਕੇਜਰੀਵਾਲ ਨੇ ਅੰਮ੍ਰਿਤਸਰ ਵਿੱਚ ਭਗਵਾਨ ਲਵਕੁਸ਼ ਅਤੇ ਮਾਤਾ ਜਾਨਕੀ ਦੇ ਨਾਮ 'ਤੇ ਇੱਕ ਸ਼ਾਨਦਾਰ ਅਤੇ ਵਿਸ਼ਾਲ ਮੰਦਰ ਬਣਾਉਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਸਾਰੇ ਧਰਮਾਂ ਦੀ ਆਸਥਾ ਦਾ ਕੇਂਦਰ ਹੈ ਅਤੇ ਇਸ ਪ੍ਰੋਜੈਕਟ ਦੀ ਰੂਪ-ਰੇਖਾ ਜਲਦ ਤਿਆਰ ਕੀਤੀ ਜਾਵੇਗੀ।


ਕੇਜਰੀਵਾਲ ਨੇ ਅਯੁੱਧਿਆ ਰਾਮ ਮੰਦਰ ਚੰਦਾ ਚੋਰੀ ਮਾਮਲੇ ਨੂੰ ਲੈ ਕੇ ਵੀ ਕੇਂਦਰ ਸਰਕਾਰ ਅਤੇ ਜਾਂਚ ਏਜੰਸੀਆਂ 'ਤੇ ਸਵਾਲ ਖੜ੍ਹੇ ਕੀਤੇ। ਉਨ੍ਹਾਂ ਦੋਸ਼ ਲਾਇਆ ਕਿ ਮਾਮਲੇ ਵਿੱਚ ਸਿਰਫ਼ ਛੋਟੇ ਕਰਮਚਾਰੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਦਕਿ ਅਸਲ ਜ਼ਿੰਮੇਵਾਰ ਲੋਕਾਂ ਨੂੰ ਬਚਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਰੋੜਾਂ ਰੁਪਏ ਦੀ ਕਥਿਤ ਗੜਬੜ ਦੇ ਬਾਵਜੂਦ ਜਾਂਚ ਦੀ ਦਿਸ਼ਾ 'ਤੇ ਗੰਭੀਰ ਸਵਾਲ ਖੜ੍ਹੇ ਹੋ ਰਹੇ ਹਨ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.