ਤਾਜਾ ਖਬਰਾਂ
ਝੋਨੇ ਦੀ ਲੁਆਈ ਦੇ ਅਹਿਮ ਸੀਜ਼ਨ ਦੌਰਾਨ ਖੇਤੀਬਾੜੀ ਲਈ ਲੋੜੀਂਦੀ ਬਿਜਲੀ ਨਾ ਮਿਲਣ ਕਾਰਨ ਕਿਸਾਨਾਂ ਦਾ ਗੁੱਸਾ ਸੜਕਾਂ 'ਤੇ ਨਜ਼ਰ ਆਇਆ। ਭਾਰਤੀ ਕਿਸਾਨ ਯੂਨੀਅਨ ਦੀ ਅਗਵਾਈ ਹੇਠ ਕਿਸਾਨਾਂ ਨੇ ਸਥਾਨਕ ਗ੍ਰਿਡ ਅੱਗੇ ਧਰਨਾ ਦੇ ਕੇ ਪੰਜਾਬ ਸਰਕਾਰ ਅਤੇ ਬਿਜਲੀ ਵਿਭਾਗ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ। ਕਿਸਾਨ ਆਗੂਆਂ ਨੇ ਦੋਸ਼ ਲਗਾਇਆ ਕਿ ਸਰਕਾਰ ਵੱਲੋਂ ਅੱਠ ਘੰਟੇ ਨਿਰਵਿਘਨ ਬਿਜਲੀ ਦੇਣ ਦੇ ਦਾਅਵੇ ਕੀਤੇ ਜਾ ਰਹੇ ਹਨ, ਪਰ ਹਕੀਕਤ ਵਿੱਚ ਕਈ ਇਲਾਕਿਆਂ ਦੇ ਕਿਸਾਨਾਂ ਨੂੰ ਲਗਾਤਾਰ ਬਿਜਲੀ ਨਹੀਂ ਮਿਲ ਰਹੀ, ਜਿਸ ਕਾਰਨ ਝੋਨੇ ਦੀ ਫ਼ਸਲ ਪ੍ਰਭਾਵਿਤ ਹੋ ਰਹੀ ਹੈ।
ਭਾਰਤੀ ਕਿਸਾਨ ਯੂਨੀਅਨ ਦੇ ਆਗੂ ਬੂਟਾ ਸਿੰਘ ਨੇ ਕਿਹਾ ਕਿ ਕਈ ਪਿੰਡਾਂ ਵਿੱਚ ਮੋਟਰਾਂ ਕਈ ਦਿਨਾਂ ਤੋਂ ਬੰਦ ਪਈਆਂ ਹਨ ਅਤੇ ਕਿਸਾਨ ਮਜਬੂਰੀ ਵੱਸ ਡੀਜ਼ਲ ਜਨਰੇਟਰਾਂ ਰਾਹੀਂ ਖੇਤਾਂ ਦੀ ਸਿੰਚਾਈ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਬਿਜਲੀ ਕੁਝ ਮਿੰਟਾਂ ਲਈ ਆਉਂਦੀ ਹੈ ਅਤੇ ਫਿਰ ਲੰਬੇ ਸਮੇਂ ਲਈ ਚਲੀ ਜਾਂਦੀ ਹੈ, ਜਿਸ ਨਾਲ ਸਿੰਚਾਈ ਦਾ ਸਾਰਾ ਪ੍ਰਬੰਧ ਵਿਗੜ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਸਾਲ ਭਰ ਨਹੀਂ, ਸਗੋਂ ਝੋਨੇ ਦੇ ਤਿੰਨ ਤੋਂ ਸਾਢੇ ਤਿੰਨ ਮਹੀਨਿਆਂ ਦੇ ਸੀਜ਼ਨ ਦੌਰਾਨ ਹੀ ਨਿਰਵਿਘਨ ਬਿਜਲੀ ਦੀ ਲੋੜ ਹੁੰਦੀ ਹੈ।
ਉਨ੍ਹਾਂ ਇਹ ਵੀ ਦੋਸ਼ ਲਗਾਇਆ ਕਿ ਦਿਨ ਵੇਲੇ ਬਿਜਲੀ ਸਪਲਾਈ ਦੀ ਨੀਤੀ ਕਾਰਨ ਮੋਟਰਾਂ ਅਤੇ ਟਰਾਂਸਫਾਰਮਰਾਂ ਦੀਆਂ ਚੋਰੀਆਂ ਵਿੱਚ ਵਾਧਾ ਹੋਇਆ ਹੈ, ਕਿਉਂਕਿ ਪਹਿਲਾਂ ਰਾਤ ਸਮੇਂ ਕਿਸਾਨ ਖੇਤਾਂ ਵਿੱਚ ਮੌਜੂਦ ਰਹਿੰਦੇ ਸਨ। ਇਸ ਦੌਰਾਨ ਯੂਥ ਵਿੰਗ ਘਨੌਰ ਦੇ ਬਲਾਕ ਪ੍ਰਧਾਨ ਗੁਰਪ੍ਰੀਤ ਸਿੰਘ ਨੇ ਕਿਹਾ ਕਿ ਪਿਛਲੇ ਤਿੰਨ-ਚਾਰ ਦਿਨਾਂ ਤੋਂ ਕਈ ਫੀਡਰਾਂ 'ਤੇ ਇੱਕ ਘੰਟਾ ਵੀ ਬਿਜਲੀ ਨਹੀਂ ਮਿਲੀ। ਉਨ੍ਹਾਂ ਦੱਸਿਆ ਕਿ ਕਿਸਾਨ ਕਈ ਘੰਟਿਆਂ ਤੋਂ ਗ੍ਰਿਡ 'ਤੇ ਧਰਨਾ ਦੇ ਰਹੇ ਹਨ, ਪਰ ਕੋਈ ਵੀ ਅਧਿਕਾਰੀ ਉਨ੍ਹਾਂ ਦੀ ਗੱਲ ਸੁਣਨ ਨਹੀਂ ਪਹੁੰਚਿਆ।
ਕਿਸਾਨ ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਖੇਤੀ ਲਈ ਤੁਰੰਤ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਨਾ ਬਣਾਈ ਗਈ ਤਾਂ ਉਹ ਸੰਘਰਸ਼ ਨੂੰ ਹੋਰ ਤੇਜ਼ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਦੀ ਆਰਥਿਕਤਾ ਦਾ ਆਧਾਰ ਕਿਸਾਨ ਹਨ, ਇਸ ਲਈ ਸਰਕਾਰ ਨੂੰ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਨਾ ਚਾਹੀਦਾ ਹੈ।
Get all latest content delivered to your email a few times a month.