ਤਾਜਾ ਖਬਰਾਂ
ਸੰਗਰੂਰ ਵਿੱਚ ਕਰਵਾਈ ਗਈ ਇੱਕ ਪ੍ਰੈਸ ਕਾਨਫਰੰਸ ਦੌਰਾਨ ਕਾਂਗਰਸ ਦੇ ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ ਨੇ ਕੇਂਦਰ ਦੀ ਭਾਜਪਾ ਸਰਕਾਰ ਦੀਆਂ ਨੀਤੀਆਂ 'ਤੇ ਤਿੱਖੇ ਸਵਾਲ ਖੜ੍ਹੇ ਕੀਤੇ। ਉਨ੍ਹਾਂ ਨੇ NEET ਪੇਪਰ ਲੀਕ ਮਾਮਲੇ, ਵਧਦੀ ਬੇਰੁਜ਼ਗਾਰੀ ਅਤੇ ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ ਨੂੰ ਲੈ ਕੇ ਆਪਣੀ ਰਾਏ ਰੱਖੀ। ਇਸ ਦੇ ਨਾਲ ਹੀ ਉਨ੍ਹਾਂ ਨੇ ਪੰਜਾਬ ਕਾਂਗਰਸ ਦੀਆਂ ਸੰਗਠਨਾਤਮਕ ਚੋਣਾਂ ਨੂੰ ਲੈ ਕੇ ਵੀ ਸਪੱਸ਼ਟੀਕਰਨ ਦਿੱਤਾ ਕਿ ਪਾਰਟੀ ਅੰਦਰ ਕੋਈ ਮਤਭੇਦ ਨਹੀਂ ਹਨ ਅਤੇ ਜਲਦ ਹੀ ਸੀਨੀਅਰ ਆਗੂ ਇਕੱਠੇ ਹੋ ਕੇ ਨਵੇਂ ਸੰਗਠਨਾਤਮਕ ਢਾਂਚੇ ਬਾਰੇ ਫ਼ੈਸਲਾ ਲੈਣਗੇ।
ਡਾ. ਗਾਂਧੀ ਨੇ ਕਿਹਾ ਕਿ NEET ਪੇਪਰ ਲੀਕ ਵਰਗੀਆਂ ਘਟਨਾਵਾਂ ਨੇ ਦੇਸ਼ ਦੀ ਸਿੱਖਿਆ ਪ੍ਰਣਾਲੀ ਦੀ ਭਰੋਸੇਯੋਗਤਾ 'ਤੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਇਸ ਕਾਰਨ ਕਈ ਵਿਦਿਆਰਥੀ ਮਾਨਸਿਕ ਦਬਾਅ ਹੇਠ ਆਏ ਅਤੇ ਕੁਝ ਨੇ ਖੁਦਕੁਸ਼ੀ ਵਰਗੇ ਕਦਮ ਵੀ ਚੁੱਕੇ। ਉਨ੍ਹਾਂ ਇਹ ਵੀ ਕਿਹਾ ਕਿ ਉੱਚ ਸਿੱਖਿਆ ਹਾਸਲ ਕਰਨ ਦੇ ਬਾਵਜੂਦ ਨੌਜਵਾਨਾਂ ਨੂੰ ਰੁਜ਼ਗਾਰ ਨਹੀਂ ਮਿਲ ਰਿਹਾ, ਜਿਸ ਕਾਰਨ ਉਹ ਨਿਰਾਸ਼ਾ ਦਾ ਸਾਹਮਣਾ ਕਰ ਰਹੇ ਹਨ। ਉਨ੍ਹਾਂ ਦੇ ਮੁਤਾਬਕ ਪਿਛਲੇ 12 ਸਾਲਾਂ ਵਿੱਚ ਕੇਂਦਰ ਸਰਕਾਰ ਨੇ ਦੇਸ਼ ਦੀਆਂ ਕਈ ਸਰਕਾਰੀ ਸੰਪਤੀਆਂ ਦਾ ਨਿੱਜੀਕਰਨ ਕੀਤਾ ਹੈ। ਉਨ੍ਹਾਂ ਨੌਜਵਾਨਾਂ ਨੂੰ ਆਪਣੇ ਭਵਿੱਖ ਲਈ ਇਕੱਠੇ ਹੋਣ ਅਤੇ ਕਾਂਗਰਸ ਦਾ ਸਾਥ ਦੇਣ ਦੀ ਅਪੀਲ ਵੀ ਕੀਤੀ।
ਪ੍ਰੈਸ ਕਾਨਫਰੰਸ ਦੌਰਾਨ ਸਭ ਤੋਂ ਵੱਧ ਚਰਚਾ ਡਾ. ਗਾਂਧੀ ਦੇ ਉਸ ਬਿਆਨ ਦੀ ਰਹੀ, ਜਿਸ ਵਿੱਚ ਉਨ੍ਹਾਂ ਪੰਜਾਬ ਵਿੱਚ ਭੰਗ, ਡੋਡਾ ਅਤੇ ਅਫੀਮ ਵਰਗੇ ਰਵਾਇਤੀ ਨਸ਼ਿਆਂ ਦੀ ਸਰਕਾਰੀ ਨਿਗਰਾਨੀ ਹੇਠ ਵਿਕਰੀ ਦੀ ਵਕਾਲਤ ਕੀਤੀ। ਉਨ੍ਹਾਂ ਦਾ ਕਹਿਣਾ ਸੀ ਕਿ ਇਹ ਪਦਾਰਥ ਪਹਿਲਾਂ ਹੀ ਗੈਰ-ਕਾਨੂੰਨੀ ਤਰੀਕੇ ਨਾਲ ਉੱਚੀਆਂ ਕੀਮਤਾਂ 'ਤੇ ਵਿਕ ਰਹੇ ਹਨ, ਜਿਸ ਨਾਲ ਨਾ ਸਿਰਫ਼ ਕਾਲਾਬਾਜ਼ਾਰੀ ਵਧ ਰਹੀ ਹੈ, ਸਗੋਂ ਇਹ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਤੱਕ ਵੀ ਆਸਾਨੀ ਨਾਲ ਪਹੁੰਚ ਰਹੇ ਹਨ।
ਉਨ੍ਹਾਂ ਸੁਝਾਅ ਦਿੱਤਾ ਕਿ ਜੇਕਰ ਸਰਕਾਰ ਇਨ੍ਹਾਂ ਰਵਾਇਤੀ ਨਸ਼ਿਆਂ ਦੀ ਵਿਕਰੀ ਲਈ ਸਰਕਾਰੀ ਠੇਕੇ ਜਾਰੀ ਕਰੇ ਤਾਂ ਇਸ ਨਾਲ ਦੋਹਰਾ ਲਾਭ ਹੋ ਸਕਦਾ ਹੈ। ਇੱਕ ਪਾਸੇ ਸਰਕਾਰ ਨੂੰ ਵੱਡੇ ਪੱਧਰ 'ਤੇ ਮਾਲੀਆ ਪ੍ਰਾਪਤ ਹੋਵੇਗਾ, ਜਦਕਿ ਦੂਜੇ ਪਾਸੇ ਗੈਰ-ਕਾਨੂੰਨੀ ਨਸ਼ਾ ਤਸਕਰੀ ਅਤੇ ਕਾਲਾਬਾਜ਼ਾਰੀ 'ਤੇ ਪ੍ਰਭਾਵਸ਼ਾਲੀ ਰੋਕ ਲਗਾਉਣ ਵਿੱਚ ਮਦਦ ਮਿਲ ਸਕਦੀ ਹੈ। ਹਾਲਾਂਕਿ, ਉਨ੍ਹਾਂ ਦਾ ਇਹ ਸੁਝਾਅ ਸਾਹਮਣੇ ਆਉਣ ਤੋਂ ਬਾਅਦ ਸਿਆਸੀ ਅਤੇ ਸਮਾਜਿਕ ਪੱਧਰ 'ਤੇ ਚਰਚਾ ਦਾ ਵਿਸ਼ਾ ਬਣ ਗਿਆ ਹੈ।
Get all latest content delivered to your email a few times a month.