ਤਾਜਾ ਖਬਰਾਂ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਦੀ ਪਾਲਣਾ ਅਤੇ ਮੌਜੂਦਾ ਸਮੇਂ ਸਿੱਖ ਪੰਥ ਸਾਹਮਣੇ ਖੜ੍ਹੀਆਂ ਚੁਣੌਤੀਆਂ ਦੇ ਮੱਦੇਨਜ਼ਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਵੱਲੋਂ 5 ਜੁਲਾਈ 2026 ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ, ਸ੍ਰੀ ਅੰਮ੍ਰਿਤਸਰ ਵਿਖੇ ਸੱਦੇ ਗਏ ਵਿਸ਼ਾਲ ਪੰਥਕ ਇਕੱਠ ਦੀਆਂ ਤਿਆਰੀਆਂ ਨੂੰ ਲੈ ਕੇ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸੇ ਸਬੰਧ ਵਿੱਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ ਨੇ ਵੱਖ-ਵੱਖ ਸਿੱਖ ਜਥੇਬੰਦੀਆਂ, ਸੰਪ੍ਰਦਾਵਾਂ ਅਤੇ ਸੰਤ ਸਮਾਜ ਦੇ ਪ੍ਰਮੁੱਖ ਆਗੂਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਪੰਥਕ ਇਕੱਠ ਵਿੱਚ ਸ਼ਮੂਲੀਅਤ ਲਈ ਸੱਦਾ ਦਿੱਤਾ।
ਇਸ ਦੌਰਾਨ ਉਨ੍ਹਾਂ ਨੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁੱਖੀ ਜਥੇਦਾਰ ਬਾਬਾ ਬਲਬੀਰ ਸਿੰਘ 96ਵੇਂ ਕਰੋੜੀ, ਬਾਬਾ ਘਾਲਾ ਸਿੰਘ ਨਾਨਕਸਰ ਕਲੇਰਾਂ, ਬਾਬਾ ਹਾਕਮ ਸਿੰਘ, ਰੇਸ਼ਮ ਸਿੰਘ ਬਰਨਾਲਾ, ਬਾਬਾ ਜਗਜੀਤ ਸਿੰਘ ਲੋਪੋ ਵਾਲਿਆਂ ਸਮੇਤ ਕਈ ਹੋਰ ਮਹਾਂਪੁਰਖਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਸੱਦਾ ਪੱਤਰ ਸੌਂਪੇ। ਮੁਲਾਕਾਤਾਂ ਦੌਰਾਨ ਸਿੱਖ ਪੰਥ ਨਾਲ ਜੁੜੇ ਮੌਜੂਦਾ ਮਸਲਿਆਂ, ਪੰਥਕ ਸੰਸਥਾਵਾਂ ਨੂੰ ਦਰਪੇਸ਼ ਚੁਣੌਤੀਆਂ ਅਤੇ ਅਗਲੀ ਰਣਨੀਤੀ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।
ਆਗੂਆਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ 'ਗੁਰੂ ਦੋਖੀ' ਅਤੇ 'ਖਾਲਸਾ ਪੰਥ ਵਿਰੋਧੀ' ਐਲਾਨੇ ਜਾਣ ਤੋਂ ਬਾਅਦ ਬਣੇ ਹਾਲਾਤਾਂ ਦਾ ਵੀ ਜ਼ਿਕਰ ਕੀਤਾ ਅਤੇ 5 ਜੁਲਾਈ ਨੂੰ ਹੋਣ ਵਾਲੇ ਪੰਥਕ ਇਕੱਠ ਵਿੱਚ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਦੀ ਅਪੀਲ ਕੀਤੀ।
ਇਸੇ ਕੜੀ ਤਹਿਤ ਇਤਿਹਾਸਕ ਗੁਰਦੁਆਰਾ ਨਾਨਕਿਆਣਾ ਸਾਹਿਬ, ਸੰਗਰੂਰ ਵਿਖੇ ਸੰਤ ਸਮਾਜ ਦੇ ਆਗੂਆਂ ਨਾਲ ਹੋਈ ਵਿਸ਼ੇਸ਼ ਬੈਠਕ ਨੂੰ ਸੰਬੋਧਨ ਕਰਦਿਆਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਨਾਮੇ ਅਤੇ ਸੰਦੇਸ਼ ਨੂੰ ਪੰਜਾਬ ਦੇ ਹਰ ਪਿੰਡ ਅਤੇ ਘਰ ਤੱਕ ਪਹੁੰਚਾਉਣ ਲਈ ਲਗਾਤਾਰ ਮੁਹਿੰਮ ਚਲਾ ਰਹੀ ਹੈ। ਉਨ੍ਹਾਂ ਕਿਹਾ ਕਿ ਸੰਗਤ ਨੂੰ ਮੌਜੂਦਾ ਹਾਲਾਤਾਂ ਤੋਂ ਜਾਣੂ ਕਰਵਾਉਣ ਅਤੇ ਸਮੁੱਚੇ ਪੰਥ ਦੀ ਰਾਏ ਦੇ ਆਧਾਰ 'ਤੇ ਅਗਲੀ ਕਾਰਵਾਈ ਤੈਅ ਕਰਨ ਲਈ ਇਹ ਵਿਸ਼ਾਲ ਪੰਥਕ ਇਕੱਠ ਸੱਦਿਆ ਗਿਆ ਹੈ।
ਧਾਮੀ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਹੁਕਮ ਹਰ ਸਿੱਖ ਲਈ ਸਰਵੋੱਚ ਹੈ ਅਤੇ ਗੁਰੂ ਘਰ ਤੇ ਪੰਥ ਵਿਰੋਧੀ ਤਾਕਤਾਂ ਦੀ ਪਹਿਚਾਣ ਕਰਕੇ ਇਕਜੁੱਟ ਹੋ ਕੇ ਉਨ੍ਹਾਂ ਦਾ ਟਾਕਰਾ ਕਰਨਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਭਰੋਸਾ ਜਤਾਇਆ ਕਿ 5 ਜੁਲਾਈ ਦਾ ਇਹ ਇਕੱਠ ਸਿੱਖ ਕੌਮ ਦੀ ਏਕਤਾ, ਚੜ੍ਹਦੀ ਕਲਾ ਅਤੇ ਪੰਥਕ ਜਾਗਰੂਕਤਾ ਦਾ ਪ੍ਰਤੀਕ ਬਣੇਗਾ।
ਉੱਧਰ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ ਨੇ ਵੀ ਸਿੱਖ ਜਥੇਬੰਦੀਆਂ ਅਤੇ ਸੰਤ ਸਮਾਜ ਨੂੰ ਅਪੀਲ ਕੀਤੀ ਕਿ ਉਹ ਆਪਣੇ-ਆਪਣੇ ਖੇਤਰਾਂ ਤੋਂ ਵੱਧ ਤੋਂ ਵੱਧ ਸੰਗਤ ਨੂੰ ਨਾਲ ਲੈ ਕੇ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਪਹੁੰਚਣ, ਤਾਂ ਜੋ ਕੌਮ ਵਿਰੋਧੀ ਤਾਕਤਾਂ ਨੂੰ ਇਕਜੁੱਟਤਾ ਦਾ ਮਜ਼ਬੂਤ ਸੰਦੇਸ਼ ਦਿੱਤਾ ਜਾ ਸਕੇ।
ਸੰਤ ਸਮਾਜ ਦੇ ਪ੍ਰਮੁੱਖ ਮਹਾਂਪੁਰਸ਼ਾਂ ਨੇ ਵੀ ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਆਗੂਆਂ ਨੂੰ ਭਰੋਸਾ ਦਿਵਾਇਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹਰ ਆਦੇਸ਼ 'ਤੇ ਪਹਿਰਾ ਦੇਣਾ ਉਨ੍ਹਾਂ ਦਾ ਪਹਿਲਾ ਫਰਜ਼ ਹੈ ਅਤੇ 5 ਜੁਲਾਈ ਨੂੰ ਹੋਣ ਵਾਲੀ ਪੰਥਕ ਇਕੱਤਰਤਾ ਵਿੱਚ ਵੱਡੀ ਗਿਣਤੀ ਵਿੱਚ ਸੰਤ-ਮਹਾਂਪੁਰਸ਼ ਅਤੇ ਸੰਗਤ ਸ਼ਮੂਲੀਅਤ ਕਰੇਗੀ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ, ਅਕਾਲੀ ਬੁੱਢਾ ਦਲ ਦੇ ਨੁਮਾਇੰਦਿਆਂ, ਵੱਖ-ਵੱਖ ਗੁਰਦੁਆਰਿਆਂ ਦੇ ਸੇਵਾਦਾਰਾਂ, ਪ੍ਰਚਾਰਕਾਂ ਅਤੇ ਸੰਤ ਸਮਾਜ ਨਾਲ ਸਬੰਧਤ ਕਈ ਪ੍ਰਮੁੱਖ ਸ਼ਖਸੀਅਤਾਂ ਸਮੇਤ ਵੱਡੀ ਗਿਣਤੀ ਵਿੱਚ ਸੰਗਤ ਵੀ ਹਾਜ਼ਰ ਰਹੀ।
Get all latest content delivered to your email a few times a month.