ਤਾਜਾ ਖਬਰਾਂ
ਪੰਜਾਬ ਵਿੱਚ ਗਰਮੀਆਂ ਦੀਆਂ ਛੁੱਟੀਆਂ ਅੱਜ 30 ਜੂਨ ਨਾਲ ਸਮਾਪਤ ਹੋ ਰਹੀਆਂ ਹਨ ਅਤੇ ਸਿੱਖਿਆ ਵਿਭਾਗ ਵੱਲੋਂ ਜਾਰੀ ਕੀਤੇ ਗਏ ਪਹਿਲਾਂ ਦੇ ਸ਼ਡਿਊਲ ਅਨੁਸਾਰ ਸੂਬੇ ਦੇ ਸਾਰੇ ਸਰਕਾਰੀ, ਸਹਾਇਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲ 1 ਜੁਲਾਈ ਤੋਂ ਮੁੜ ਖੁੱਲ੍ਹ ਜਾਣਗੇ। ਪਿਛਲੇ ਕੁਝ ਦਿਨਾਂ ਤੋਂ ਸੋਸ਼ਲ ਮੀਡੀਆ 'ਤੇ ਛੁੱਟੀਆਂ ਵਧਾਉਣ ਸਬੰਧੀ ਕਈ ਤਰ੍ਹਾਂ ਦੀਆਂ ਅਫਵਾਹਾਂ ਸਾਹਮਣੇ ਆ ਰਹੀਆਂ ਸਨ, ਪਰ ਸਿੱਖਿਆ ਵਿਭਾਗ ਵੱਲੋਂ ਅਜਿਹਾ ਕੋਈ ਨਵਾਂ ਹੁਕਮ ਜਾਰੀ ਨਹੀਂ ਕੀਤਾ ਗਿਆ। ਇਸ ਲਈ ਵਿਦਿਆਰਥੀਆਂ ਨੂੰ ਨਿਰਧਾਰਿਤ ਸਮੇਂ ਅਨੁਸਾਰ ਹੀ ਸਕੂਲਾਂ ਵਿੱਚ ਹਾਜ਼ਰ ਹੋਣਾ ਹੋਵੇਗਾ।
ਭਾਵੇਂ ਸੂਬੇ ਵਿੱਚ ਗਰਮੀ ਅਤੇ ਹੁੰਮਸ ਦਾ ਅਸਰ ਅਜੇ ਵੀ ਜਾਰੀ ਹੈ, ਪਰ ਫਿਲਹਾਲ ਛੁੱਟੀਆਂ ਵਿੱਚ ਵਾਧਾ ਕਰਨ ਦਾ ਕੋਈ ਫੈਸਲਾ ਨਹੀਂ ਲਿਆ ਗਿਆ। ਮੌਸਮ ਵਿਭਾਗ ਨੇ ਲੋਕਾਂ, ਖਾਸ ਕਰਕੇ ਬੱਚਿਆਂ ਅਤੇ ਬਜ਼ੁਰਗਾਂ ਨੂੰ ਦੁਪਹਿਰ ਦੇ ਸਮੇਂ ਬਿਨਾਂ ਲੋੜ ਘਰੋਂ ਬਾਹਰ ਨਾ ਨਿਕਲਣ ਅਤੇ ਗਰਮੀ ਤੋਂ ਬਚਾਅ ਲਈ ਲੋੜੀਂਦੀਆਂ ਸਾਵਧਾਨੀਆਂ ਵਰਤਣ ਦੀ ਸਲਾਹ ਦਿੱਤੀ ਹੈ।
ਸਿੱਖਿਆ ਵਿਭਾਗ ਨੇ ਇਹ ਵੀ ਸਪੱਸ਼ਟ ਕੀਤਾ ਹੈ ਕਿ ਸਕੂਲਾਂ ਦੇ ਖੁੱਲ੍ਹਣ ਸਬੰਧੀ ਸਿਰਫ਼ ਸਰਕਾਰੀ ਨੋਟੀਫਿਕੇਸ਼ਨ ਨੂੰ ਹੀ ਸਹੀ ਮੰਨਿਆ ਜਾਵੇ। ਵਿਦਿਆਰਥੀਆਂ ਅਤੇ ਮਾਪਿਆਂ ਨੂੰ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਗੈਰ-ਪੁਸ਼ਟੀਕਰਤ ਖ਼ਬਰਾਂ ਜਾਂ ਛੁੱਟੀਆਂ ਵਧਾਉਣ ਸਬੰਧੀ ਅਫਵਾਹਾਂ ਤੋਂ ਸੁਚੇਤ ਰਹਿਣ ਦੀ ਅਪੀਲ ਕੀਤੀ ਗਈ ਹੈ।
ਉੱਧਰ, ਮੌਸਮ ਵਿਭਾਗ ਅਨੁਸਾਰ 1 ਜੁਲਾਈ ਤੋਂ ਪੰਜਾਬ ਦੇ ਮੌਸਮ ਵਿੱਚ ਤਬਦੀਲੀ ਆਉਣ ਦੀ ਸੰਭਾਵਨਾ ਹੈ। 30 ਜੂਨ ਲਈ ਕਿਸੇ ਵੀ ਤਰ੍ਹਾਂ ਦੀ ਮੌਸਮੀ ਚਿਤਾਵਨੀ ਜਾਰੀ ਨਹੀਂ ਕੀਤੀ ਗਈ, ਹਾਲਾਂਕਿ ਕੁਝ ਇਲਾਕਿਆਂ ਵਿੱਚ ਬੱਦਲਵਾਈ ਅਤੇ ਹਲਕੀ ਬਾਰਿਸ਼ ਹੋ ਸਕਦੀ ਹੈ।
1 ਜੁਲਾਈ ਤੋਂ ਪ੍ਰੀ-ਮੌਨਸੂਨ ਸਰਗਰਮ ਹੋਣ ਦੀ ਸੰਭਾਵਨਾ ਦੇ ਮੱਦੇਨਜ਼ਰ ਮੌਸਮ ਵਿਭਾਗ ਨੇ ਸੂਬੇ ਦੇ ਕਈ ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਅੰਮ੍ਰਿਤਸਰ, ਤਰਨਤਾਰਨ, ਗੁਰਦਾਸਪੁਰ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਨਵਾਂਸ਼ਹਿਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਰੂਪਨਗਰ, ਮੁਹਾਲੀ, ਪਟਿਆਲਾ, ਸੰਗਰੂਰ ਅਤੇ ਪਠਾਨਕੋਟ ਵਿੱਚ ਗਰਜ-ਚਮਕ, ਤੇਜ਼ ਹਵਾਵਾਂ ਅਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਦੌਰਾਨ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲ ਸਕਦੀਆਂ ਹਨ।
ਮੌਸਮ ਵਿਭਾਗ ਨੇ ਲੋਕਾਂ ਨੂੰ ਖਰਾਬ ਮੌਸਮ ਦੌਰਾਨ ਖੁੱਲ੍ਹੇ ਸਥਾਨਾਂ, ਰੁੱਖਾਂ ਅਤੇ ਬਿਜਲੀ ਦੇ ਖੰਭਿਆਂ ਤੋਂ ਦੂਰ ਰਹਿਣ ਦੀ ਸਲਾਹ ਦਿੱਤੀ ਹੈ। ਨਾਲ ਹੀ ਮਾਪਿਆਂ ਨੂੰ ਵੀ ਅਪੀਲ ਕੀਤੀ ਗਈ ਹੈ ਕਿ ਉਹ ਬੱਚਿਆਂ ਦੀ ਸਿਹਤ ਦਾ ਵਿਸ਼ੇਸ਼ ਧਿਆਨ ਰੱਖਣ ਅਤੇ ਮੌਸਮ ਵਿੱਚ ਆ ਰਹੀਆਂ ਤਬਦੀਲੀਆਂ ਨੂੰ ਦੇਖਦੇ ਹੋਏ ਲੋੜੀਂਦੀਆਂ ਸਾਵਧਾਨੀਆਂ ਅਪਣਾਉਣ।
Get all latest content delivered to your email a few times a month.