ਤਾਜਾ ਖਬਰਾਂ
ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਲਈ ਸ਼ੁਰੂ ਕੀਤੀ ਗਈ 'ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ' ਤਹਿਤ ਭਲਕੇ ਤੋਂ ਵਿੱਤੀ ਸਹਾਇਤਾ ਦੀ ਰਕਮ ਮਹਿਲਾਵਾਂ ਦੇ ਬੈਂਕ ਖਾਤਿਆਂ ਵਿੱਚ ਜਮ੍ਹਾਂ ਹੋਣੀ ਸ਼ੁਰੂ ਹੋ ਜਾਵੇਗੀ। ਇਸ ਗੱਲ ਦੀ ਜਾਣਕਾਰੀ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਗ੍ਰਹਿ ਹਲਕੇ ਧੂਰੀ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਦਿੱਤੀ।
ਮੁੱਖ ਮੰਤਰੀ ਨੇ ਦੱਸਿਆ ਕਿ ਬੈਂਕਾਂ ਵੱਲੋਂ ਰਕਮ ਟਰਾਂਸਫਰ ਕਰਨ ਦੀ ਪ੍ਰਕਿਰਿਆ ਭਲਕੇ ਦੁਪਹਿਰ 12 ਵਜੇ ਤੋਂ ਬਾਅਦ ਸ਼ੁਰੂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਨੇ ਆਪਣੇ ਚੋਣੀ ਵਾਅਦੇ ਨੂੰ ਪੂਰਾ ਕਰਦੇ ਹੋਏ ਮਹਿਲਾਵਾਂ ਨੂੰ ਆਰਥਿਕ ਸਹਾਇਤਾ ਦੇਣ ਦੀ ਸ਼ੁਰੂਆਤ ਕਰ ਦਿੱਤੀ ਹੈ।
ਇਸ ਯੋਜਨਾ ਤਹਿਤ ਆਮ ਵਰਗ ਦੀਆਂ ਮਹਿਲਾਵਾਂ ਨੂੰ ਹਰ ਮਹੀਨੇ 1000 ਰੁਪਏ, ਜਦਕਿ ਅਨੁਸੂਚਿਤ ਜਾਤੀ (ਐਸਸੀ) ਵਰਗ ਦੀਆਂ ਮਹਿਲਾਵਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਸਤਿਕਾਰ ਭੱਤਾ ਦਿੱਤਾ ਜਾਵੇਗਾ। ਪਹਿਲੀ ਕਿਸ਼ਤ ਵਿੱਚ ਤਿੰਨ ਮਹੀਨਿਆਂ ਦੀ ਰਕਮ ਇਕੱਠੀ ਜਮ੍ਹਾਂ ਕਰਵਾਈ ਜਾਵੇਗੀ। ਇਸ ਤਰ੍ਹਾਂ ਆਮ ਵਰਗ ਦੀਆਂ ਮਹਿਲਾਵਾਂ ਦੇ ਖਾਤਿਆਂ ਵਿੱਚ 3000 ਰੁਪਏ ਅਤੇ ਐਸਸੀ ਵਰਗ ਦੀਆਂ ਮਹਿਲਾਵਾਂ ਦੇ ਖਾਤਿਆਂ ਵਿੱਚ 4500 ਰੁਪਏ ਭੇਜੇ ਜਾਣਗੇ।
ਮੁੱਖ ਮੰਤਰੀ ਮਾਨ ਨੇ ਦੱਸਿਆ ਕਿ ਹੁਣ ਤੱਕ ਸੂਬੇ ਦੀਆਂ ਕਰੀਬ 40 ਲੱਖ ਮਹਿਲਾਵਾਂ ਇਸ ਯੋਜਨਾ ਲਈ ਰਜਿਸਟਰ ਹੋ ਚੁੱਕੀਆਂ ਹਨ, ਜਦਕਿ ਬਾਕੀ ਯੋਗ ਮਹਿਲਾਵਾਂ ਦੀ ਰਜਿਸਟ੍ਰੇਸ਼ਨ ਦਾ ਕੰਮ ਲਗਾਤਾਰ ਜਾਰੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਜਿਹੜੀਆਂ ਮਹਿਲਾਵਾਂ ਦੀ ਰਜਿਸਟ੍ਰੇਸ਼ਨ ਬਾਅਦ ਵਿੱਚ ਪੂਰੀ ਹੋਵੇਗੀ, ਉਨ੍ਹਾਂ ਨੂੰ ਵੀ 1 ਜੁਲਾਈ ਤੋਂ ਬਣਦੀ ਰਕਮ ਦਾ ਲਾਭ ਦਿੱਤਾ ਜਾਵੇਗਾ।
'ਮਾਵਾਂ-ਧੀਆਂ ਸਤਿਕਾਰ ਯੋਜਨਾ' ਨੂੰ ਪੰਜਾਬ ਸਰਕਾਰ ਦੀਆਂ ਮਹੱਤਵਪੂਰਨ ਭਲਾਈ ਯੋਜਨਾਵਾਂ ਵਿੱਚੋਂ ਇੱਕ ਮੰਨਿਆ ਜਾ ਰਿਹਾ ਹੈ। ਸੂਬੇ ਵਿੱਚ ਲਗਭਗ 52 ਲੱਖ ਬਾਲਗ ਮਹਿਲਾਵਾਂ ਹਨ ਅਤੇ ਸਰਕਾਰ ਦਾ ਟੀਚਾ ਹਰ ਯੋਗ ਮਹਿਲਾ ਤੱਕ ਇਸ ਯੋਜਨਾ ਦਾ ਲਾਭ ਪਹੁੰਚਾਉਣਾ ਹੈ। ਇਸ ਯੋਜਨਾ ਲਈ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਅਪਰੈਲ ਮਹੀਨੇ ਵਿੱਚ ਸ਼ੁਰੂ ਕੀਤੀ ਗਈ ਸੀ, ਜਦਕਿ 2026-27 ਦੇ ਬਜਟ ਵਿੱਚ ਸਰਕਾਰ ਨੇ ਇਸ ਸਕੀਮ ਲਈ 9300 ਕਰੋੜ ਰੁਪਏ ਦਾ ਪ੍ਰਬੰਧ ਕੀਤਾ ਹੈ।
Get all latest content delivered to your email a few times a month.