IMG-LOGO
ਹੋਮ ਪੰਜਾਬ: ਭੁੱਟੀਵਾਲਾ ਗੁਰਦੁਆਰਾ ਸਾਹਿਬ 'ਚ ਸ਼ਾਰਟ ਸਰਕਟ ਕਾਰਨ ਸ੍ਰੀ ਗੁਰੂ ਗ੍ਰੰਥ...

ਭੁੱਟੀਵਾਲਾ ਗੁਰਦੁਆਰਾ ਸਾਹਿਬ 'ਚ ਸ਼ਾਰਟ ਸਰਕਟ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਗਨ ਭੇਟ, ਐਡਵੋਕੇਟ ਧਾਮੀ ਨੇ ਪ੍ਰਗਟਾਇਆ ਡੂੰਘਾ ਦੁੱਖ

Admin User - Jun 30, 2026 08:40 PM
IMG

ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਭੁੱਟੀਵਾਲਾ ਸਥਿਤ ਇੱਕ ਗੁਰਦੁਆਰਾ ਸਾਹਿਬ ਵਿੱਚ ਬਿਜਲੀ ਦੇ ਸ਼ਾਰਟ ਸਰਕਟ ਕਾਰਨ ਵਾਪਰੀ ਮੰਦਭਾਗੀ ਘਟਨਾ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਤੇ ਗੁਰਬਾਣੀ ਦੀਆਂ ਪੋਥੀਆਂ ਅਗਨ ਭੇਟ ਹੋ ਗਈਆਂ। ਇਸ ਘਟਨਾ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਡੂੰਘਾ ਦੁੱਖ ਪ੍ਰਗਟ ਕਰਦਿਆਂ ਇਸ ਨੂੰ ਸਮੂਹ ਸਿੱਖ ਸੰਗਤ ਲਈ ਬੇਹੱਦ ਪੀੜਾਦਾਇਕ ਦੱਸਿਆ।

ਐਡਵੋਕੇਟ ਧਾਮੀ ਨੇ ਕਿਹਾ ਕਿ ਅਜਿਹੀਆਂ ਘਟਨਾਵਾਂ ਸੰਗਤ ਦੀਆਂ ਧਾਰਮਿਕ ਭਾਵਨਾਵਾਂ ਨੂੰ ਗੰਭੀਰ ਠੇਸ ਪਹੁੰਚਾਉਂਦੀਆਂ ਹਨ। ਉਨ੍ਹਾਂ ਕਿਹਾ ਕਿ ਗਰਮੀ ਦੇ ਮੌਸਮ ਦੌਰਾਨ ਬਿਜਲੀ ਦੀਆਂ ਤਾਰਾਂ ਅਤੇ ਉਪਕਰਣਾਂ ਦੀ ਨਿਯਮਿਤ ਜਾਂਚ ਅਤੇ ਸੁਰੱਖਿਆ ਪ੍ਰਬੰਧਾਂ ਨੂੰ ਪਹਿਲ ਦੇਣੀ ਬਹੁਤ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਪਹਿਲਾਂ ਵੀ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਅਤੇ ਸੰਗਤਾਂ ਨੂੰ ਅਪੀਲ ਕੀਤੀ ਜਾਂਦੀ ਰਹੀ ਹੈ ਕਿ ਸੇਵਾਦਾਰਾਂ ਦੀ ਗੈਰਹਾਜ਼ਰੀ ਵਿੱਚ ਬਿਜਲੀ ਦੇ ਉਪਕਰਣ ਚਾਲੂ ਨਾ ਛੱਡੇ ਜਾਣ, ਪਰ ਅਫਸੋਸ ਹੈ ਕਿ ਕਈ ਥਾਵਾਂ 'ਤੇ ਇਸ ਸਬੰਧੀ ਲੋੜੀਂਦੀ ਸਾਵਧਾਨੀ ਨਹੀਂ ਵਰਤੀ ਜਾਂਦੀ।


ਉਨ੍ਹਾਂ ਕਿਹਾ ਕਿ ਭੁੱਟੀਵਾਲਾ ਦੀ ਇਹ ਘਟਨਾ ਵੀ ਮੁੱਢਲੀ ਜਾਣਕਾਰੀ ਅਨੁਸਾਰ ਬਿਜਲੀ ਦੇ ਸ਼ਾਰਟ ਸਰਕਟ ਕਾਰਨ ਵਾਪਰੀ ਹੈ। ਇਸ ਦੇ ਮੱਦੇਨਜ਼ਰ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ, ਸ੍ਰੀ ਮੁਕਤਸਰ ਸਾਹਿਬ ਤੋਂ ਇੱਕ ਵਿਸ਼ੇਸ਼ ਟੀਮ ਮੌਕੇ 'ਤੇ ਭੇਜੀ ਗਈ ਹੈ, ਜੋ ਘਟਨਾ ਦੀ ਜਾਂਚ ਕਰਨ ਦੇ ਨਾਲ-ਨਾਲ ਅਗਨ ਭੇਟ ਹੋਏ ਪਾਵਨ ਸਰੂਪਾਂ ਦੀ ਮਰਿਆਦਾ ਅਨੁਸਾਰ ਸੰਭਾਲ ਦੀ ਕਾਰਵਾਈ ਵੀ ਕਰੇਗੀ ਅਤੇ ਆਪਣੀ ਵਿਸਥਾਰਪੂਰਵਕ ਰਿਪੋਰਟ ਪੇਸ਼ ਕਰੇਗੀ।


ਐਡਵੋਕੇਟ ਧਾਮੀ ਨੇ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਨੂੰ ਅਪੀਲ ਕੀਤੀ ਕਿ ਉਹ ਅਜਿਹੀਆਂ ਮੰਦਭਾਗੀਆਂ ਘਟਨਾਵਾਂ ਤੋਂ ਬਚਾਅ ਲਈ ਗੁਰਦੁਆਰਾ ਸਾਹਿਬਾਨ ਅੰਦਰ ਬਿਜਲੀ ਦੀਆਂ ਤਾਰਾਂ, ਸਵਿੱਚਾਂ ਅਤੇ ਹੋਰ ਉਪਕਰਣਾਂ ਦੀ ਸਮੇਂ-ਸਮੇਂ 'ਤੇ ਜਾਂਚ ਯਕੀਨੀ ਬਣਾਉਣ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਹਰ ਗੁਰਦੁਆਰਾ ਸਾਹਿਬ ਵਿੱਚ ਹਰ ਵੇਲੇ ਘੱਟੋ-ਘੱਟ ਇੱਕ ਸੇਵਾਦਾਰ ਦੀ ਮੌਜੂਦਗੀ ਲਾਜ਼ਮੀ ਹੋਣੀ ਚਾਹੀਦੀ ਹੈ ਤਾਂ ਜੋ ਕਿਸੇ ਵੀ ਐਮਰਜੈਂਸੀ ਸਥਿਤੀ ਵਿੱਚ ਤੁਰੰਤ ਕਾਰਵਾਈ ਕਰਕੇ ਨੁਕਸਾਨ ਨੂੰ ਰੋਕਿਆ ਜਾ ਸਕੇ। ਉਨ੍ਹਾਂ ਸੰਗਤਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਇਲਾਕਿਆਂ ਦੇ ਗੁਰਦੁਆਰਾ ਸਾਹਿਬਾਨ ਵਿੱਚ ਸੁਰੱਖਿਆ ਪ੍ਰਬੰਧਾਂ ਪ੍ਰਤੀ ਜਾਗਰੂਕ ਰਹਿਣ ਅਤੇ ਲੋੜ ਪੈਣ 'ਤੇ ਪ੍ਰਬੰਧਕ ਕਮੇਟੀਆਂ ਨੂੰ ਸੁਚੇਤ ਕਰਦੇ ਰਹਿਣ।


Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.