ਤਾਜਾ ਖਬਰਾਂ
ਲੰਬੇ ਸਮੇਂ ਤੋਂ ਭਿਆਨਕ ਗਰਮੀ ਅਤੇ ਲੂ ਦਾ ਸਾਹਮਣਾ ਕਰ ਰਹੇ ਪੰਜਾਬ ਅਤੇ ਚੰਡੀਗੜ੍ਹ ਦੇ ਲੋਕਾਂ ਲਈ ਰਾਹਤ ਦੀ ਵੱਡੀ ਖ਼ਬਰ ਹੈ। ਦੱਖਣ-ਪੱਛਮੀ ਮਾਨਸੂਨ ਨੇ ਸੂਬੇ ਵਿੱਚ ਅਧਿਕਾਰਤ ਤੌਰ 'ਤੇ ਦਸਤਕ ਦੇ ਦਿੱਤੀ ਹੈ, ਜਿਸ ਕਾਰਨ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪਿਆ ਅਤੇ ਤਾਪਮਾਨ ਵਿੱਚ ਭਾਰੀ ਗਿਰਾਵਟ ਦਰਜ ਕੀਤੀ ਗਈ। ਭਾਰਤੀ ਮੌਸਮ ਵਿਭਾਗ (IMD) ਦੇ ਚੰਡੀਗੜ੍ਹ ਕੇਂਦਰ ਮੁਤਾਬਕ, ਰਾਜ ਵਿੱਚ ਮਾਨਸੂਨ ਦੇ ਅੱਗੇ ਵਧਣ ਲਈ ਹਾਲਾਤ ਪੂਰੀ ਤਰ੍ਹਾਂ ਅਨੁਕੂਲ ਬਣੇ ਹੋਏ ਹਨ। ਅੱਜ ਯਾਨੀ 2 ਜੁਲਾਈ ਤੋਂ ਅਗਲੇ 6 ਦਿਨਾਂ ਤੱਕ ਸੂਬੇ ਭਰ ਵਿੱਚ ਤੇਜ਼ ਹਵਾਵਾਂ ਅਤੇ ਗਰਜ-ਚਮਕ ਨਾਲ ਮੀਂਹ ਪੈਣ ਦੀ ਸੰਭਾਵਨਾ ਦੇ ਮੱਦੇਨਜ਼ਰ 'ਯੈਲੋ ਅਲਰਟ' ਜਾਰੀ ਕੀਤਾ ਗਿਆ ਹੈ।
ਮੌਸਮ ਵਿਭਾਗ ਵੱਲੋਂ ਸਾਂਝੀ ਕੀਤੀ ਗਈ ਜਾਣਕਾਰੀ ਅਨੁਸਾਰ, 2 ਜੁਲਾਈ ਤੋਂ 6 ਜੁਲਾਈ ਦਰਮਿਆਨ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਅਤੇ ਕੁਝ ਥਾਵਾਂ 'ਤੇ ਭਾਰੀ ਬਾਰਿਸ਼ ਹੋ ਸਕਦੀ ਹੈ। ਇਸ ਦੌਰਾਨ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਤੂਫ਼ਾਨੀ ਹਵਾਵਾਂ ਚੱਲਣ ਅਤੇ ਬਿਜਲੀ ਲਿਸ਼ਕਣ ਦੀ ਵੀ ਪੂਰੀ ਸੰਭਾਵਨਾ ਹੈ। ਖ਼ਾਸ ਕਰਕੇ 2, 3, 4 ਅਤੇ 6 ਜੁਲਾਈ ਨੂੰ ਕਈ ਜ਼ਿਲ੍ਹਿਆਂ ਵਿੱਚ ਮੀਂਹ ਦਾ ਜ਼ੋਰ ਜ਼ਿਆਦਾ ਦੇਖਣ ਨੂੰ ਮਿਲੇਗਾ, ਜਿਸ ਨਾਲ ਹੁੰਮਸ ਭਰੀ ਗਰਮੀ ਤੋਂ ਵੱਡੀ ਰਾਹਤ ਮਿਲੇਗੀ।
ਕਿਸਾਨਾਂ ਦੇ ਚਿਹਰੇ ਖਿੜੇ: ਸਰਗਰਮ ਹੋਏ ਮਾਨਸੂਨ ਕਾਰਨ ਤਾਪਮਾਨ ਡਿੱਗੇਗਾ, ਜਿਸ ਨਾਲ ਨਾ ਸਿਰਫ਼ ਆਮ ਲੋਕਾਂ ਨੂੰ ਸੁਖਦ ਅਹਿਸਾਸ ਹੋਵੇਗਾ, ਬਲਕਿ ਝੋਨੇ ਸਮੇਤ ਸਾਉਣੀ ਦੀਆਂ ਹੋਰਨਾਂ ਫ਼ਸਲਾਂ ਲਈ ਵੀ ਇਹ ਬਾਰਿਸ਼ ਸੰਜੀਵਨੀ ਦਾ ਕੰਮ ਕਰੇਗੀ।
ਪੰਜਾਬ ਦੇ ਜ਼ਿਆਦਾਤਰ ਹਿੱਸਿਆਂ ਨੂੰ ਮੌਸਮ ਦੇ ਇਸ ਬਦਲਾਅ ਦੇ ਘੇਰੇ ਵਿੱਚ ਰੱਖਿਆ ਗਿਆ ਹੈ:
ਮੁੱਖ ਪ੍ਰਭਾਵਿਤ ਜ਼ਿਲ੍ਹੇ: ਅੰਮ੍ਰਿਤਸਰ, ਤਰਨਤਾਰਨ, ਗੁਰਦਾਸਪੁਰ, ਪਠਾਨਕੋਟ, ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਨਵਾਂਸ਼ਹਿਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਰੂਪਨਗਰ, ਮੋਹਾਲੀ, ਪਟਿਆਲਾ ਅਤੇ ਸੰਗਰੂਰ ਵਿੱਚ ਤੇਜ਼ ਹਵਾਵਾਂ ਅਤੇ ਗਰਜ-ਚਮਕ ਲਈ ਅਲਰਟ ਜਾਰੀ ਕੀਤਾ ਗਿਆ ਹੈ।
ਭਾਰੀ ਮੀਂਹ ਦੀ ਚੇਤਾਵਨੀ: ਹੁਸ਼ਿਆਰਪੁਰ, ਨਵਾਂਸ਼ਹਿਰ, ਮੁਹਾਲੀ ਅਤੇ ਫਤਿਹਗੜ੍ਹ ਸਾਹਿਬ ਦੇ ਕੁਝ ਇਲਾਕਿਆਂ ਵਿੱਚ ਆਮ ਨਾਲੋਂ ਵਧੇਰੇ ਭਾਰੀ ਬਾਰਿਸ਼ ਹੋਣ ਦਾ ਅਨੁਮਾਨ ਹੈ।
ਮੌਸਮ ਵਿਗਿਆਨੀਆਂ ਅਨੁਸਾਰ 3 ਜੁਲਾਈ ਨੂੰ ਵੀ ਉੱਤਰੀ ਅਤੇ ਮੱਧ ਪੰਜਾਬ ਦੇ ਬਹੁਤੇ ਹਿੱਸਿਆਂ ਵਿੱਚ ਬੱਦਲਵਾਈ ਦੇ ਨਾਲ-ਨਾਲ ਮੀਂਹ ਦਾ ਦੌਰ ਜਾਰੀ ਰਹੇਗਾ। ਹੁਸ਼ਿਆਰਪੁਰ, ਨਵਾਂਸ਼ਹਿਰ, ਮੋਹਾਲੀ ਅਤੇ ਫਤਿਹਗੜ੍ਹ ਸਾਹਿਬ ਦੇ ਆਸ-ਪਾਸ ਦੇ ਖੇਤਰਾਂ ਵਿੱਚ ਇੱਕ-ਦੋ ਵਾਰ ਭਾਰੀ ਬਾਰਿਸ਼ ਦੀ ਫੁਹਾਰ ਪੈ ਸਕਦੀ ਹੈ। ਪ੍ਰਸ਼ਾਸਨ ਨੇ ਲੋਕਾਂ ਨੂੰ ਖਰਾਬ ਮੌਸਮ ਦੌਰਾਨ ਬਿਜਲੀ ਦੇ ਖੰਭਿਆਂ ਅਤੇ ਦਰੱਖਤਾਂ ਤੋਂ ਦੂਰ ਰਹਿਣ ਦੀ ਸਲਾਹ ਦਿੱਤੀ ਹੈ।
Get all latest content delivered to your email a few times a month.