IMG-LOGO
ਹੋਮ ਪੰਜਾਬ: ਪਾਕਿਸਤਾਨ 'ਚ ਇਤਿਹਾਸਕ ਗੁਰਦੁਆਰਾ ਸਿੰਘ ਸਭਾ ਢਾਹੁਣ 'ਤੇ ਹੰਗਾਮਾ: ਸਿੱਖਾਂ...

ਪਾਕਿਸਤਾਨ 'ਚ ਇਤਿਹਾਸਕ ਗੁਰਦੁਆਰਾ ਸਿੰਘ ਸਭਾ ਢਾਹੁਣ 'ਤੇ ਹੰਗਾਮਾ: ਸਿੱਖਾਂ ਦੇ ਵਿਰੋਧ ਮਗਰੋਂ ਮੁੱਖ ਮੰਤਰੀ ਮਰੀਅਮ ਨਵਾਜ਼ ਨੇ ਦਿੱਤੇ ਤੁਰੰਤ ਮੁੜ-ਉਸਾਰੀ ਦੇ ਹੁਕਮ

Admin User - Jul 02, 2026 02:40 PM
IMG

ਪਾਕਿਸਤਾਨ ਦੇ ਲਹਿੰਦੇ ਪੰਜਾਬ ਸੂਬੇ ਦੇ ਫਾਰੂਕਾਬਾਦ ਵਿੱਚ ਸਥਿਤ ਇਤਿਹਾਸਕ ਗੁਰਦੁਆਰਾ ਸਿੰਘ ਸਭਾ ਦੇ ਇੱਕ ਹਿੱਸੇ ਨੂੰ ਕਥਿਤ ਤੌਰ 'ਤੇ ਗ਼ੈਰ-ਕਾਨੂੰਨੀ ਢੰਗ ਨਾਲ ਢਾਹੇ ਜਾਣ ਦਾ ਗੰਭੀਰ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਕਾਰਨ ਪਾਕਿਸਤਾਨੀ ਸਿੱਖ ਭਾਈਚਾਰੇ ਵਿੱਚ ਭਾਰੀ ਰੋਸ ਫੈਲ ਗਿਆ ਅਤੇ ਉਨ੍ਹਾਂ ਵੱਲੋਂ ਤਿੱਖੇ ਵਿਰੋਧ ਪ੍ਰਦਰਸ਼ਨ ਕੀਤੇ ਗਏ। ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਪਾਕਿਸਤਾਨੀ ਪੰਜਾਬ ਦੀ ਮੁੱਖ ਮੰਤਰੀ ਮਰੀਅਮ ਨਵਾਜ਼ ਨੇ ਤੁਰੰਤ ਨੋਟਿਸ ਲੈਂਦਿਆਂ ਉੱਚ ਪੱਧਰੀ ਜਾਂਚ ਦੇ ਨਿਰਦੇਸ਼ ਦਿੱਤੇ ਹਨ ਅਤੇ ਪ੍ਰਸ਼ਾਸਨ ਨੂੰ ਗੁਰਦੁਆਰਾ ਸਾਹਿਬ ਦੀ ਇਮਾਰਤ ਨੂੰ ਪਹਿਲਾਂ ਵਾਂਗ ਤੁਰੰਤ ਬਹਾਲ ਕਰਨ ਦੇ ਹੁਕਮ ਜਾਰੀ ਕੀਤੇ ਹਨ।


ਘਟਨਾ ਦੀ ਸੂਚਨਾ ਮਿਲਦਿਆਂ ਹੀ ਪਾਕਿਸਤਾਨ ਦੇ ਪਹਿਲੇ ਸਿੱਖ ਘੱਟ ਗਿਣਤੀ ਮੰਤਰੀ ਰਮੇਸ਼ ਸਿੰਘ ਅਰੋੜਾ ਬੁੱਧਵਾਰ ਨੂੰ ਸ਼ੇਖੂਪੁਰਾ ਦੇ ਡਿਪਟੀ ਕਮਿਸ਼ਨਰ, ਔਕਾਫ਼ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਅਤੇ ਸਥਾਨਕ ਪ੍ਰਸ਼ਾਸਨ ਸਮੇਤ ਮੌਕੇ 'ਤੇ ਪਹੁੰਚੇ। ਉਨ੍ਹਾਂ ਨੇ ਸਥਾਨਕ ਸਿੱਖ ਪ੍ਰਤੀਨਿਧੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਇਨਸਾਫ਼ ਦਾ ਭਰੋਸਾ ਦਿੱਤਾ। ਮੌਕੇ ਦਾ ਮੁਆਇਨਾ ਕਰਨ ਤੋਂ ਬਾਅਦ ਮੰਤਰੀ ਅਰੋੜਾ ਨੇ ਐਲਾਨ ਕੀਤਾ ਕਿ ਇਤਿਹਾਸਕ ਗੁਰਦੁਆਰਾ ਸਾਹਿਬ ਦੇ ਨੁਕਸਾਨੇ ਗਏ ਹਿੱਸੇ ਦੀ ਬਿਨਾਂ ਕਿਸੇ ਦੇਰੀ ਦੇ ਮੁੜ-ਉਸਾਰੀ ਕਰਵਾਈ ਜਾਵੇਗੀ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਹੋਵੇਗੀ।


ਇਸ ਮੰਦਭਾਗੀ ਖ਼ਬਰ ਦੇ ਨਸ਼ਰ ਹੋਣ ਤੋਂ ਬਾਅਦ ਭਾਰਤ ਵਿੱਚ ਵੀ ਸਿੱਖ ਆਗੂ ਸਰਗਰਮ ਹੋ ਗਏ ਹਨ। ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਤੁਰੰਤ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (PSGPC) ਦੇ ਮੈਂਬਰਾਂ ਨਾਲ ਰਾਬਤਾ ਕਾਇਮ ਕੀਤਾ। ਉਨ੍ਹਾਂ ਨੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਜੇਕਰ ਲੰਬੇ ਸਮੇਂ ਤੱਕ ਇਤਿਹਾਸਕ ਅਸਥਾਨਾਂ ਦੀ ਸਾਂਭ-ਸੰਭਾਲ ਨਾ ਕੀਤੀ ਜਾਵੇ, ਤਾਂ ਭਾਰਤ ਹੋਵੇ ਜਾਂ ਪਾਕਿਸਤਾਨ, ਨਜਾਇਜ਼ ਕਬਜ਼ਿਆਂ ਦਾ ਖ਼ਤਰਾ ਵਧ ਜਾਂਦਾ ਹੈ।


ਪਰਮਜੀਤ ਸਿੰਘ ਸਰਨਾ ਨੇ ਵਿਦੇਸ਼ਾਂ (ਨਿਊਯਾਰਕ, ਕੈਨੇਡਾ, ਯੂਕੇ) ਵਿੱਚ ਵਸਦੇ ਸਿੱਖਾਂ ਨੂੰ ਅਪੀਲ ਕੀਤੀ ਹੈ ਕਿ ਪਾਕਿਸਤਾਨ ਵਿੱਚ ਮੌਜੂਦ ਕਰੀਬ 167-168 ਇਤਿਹਾਸਕ ਗੁਰਦੁਆਰਾ ਸਾਹਿਬਾਨ ਦੀ ਦੇਖਭਾਲ ਅਤੇ ਪੁਨਰ-ਨਿਰਮਾਣ ਲਈ ਖੁੱਲ੍ਹੇ ਦਿਲ ਨਾਲ ਡਾਲਰ ਦਾਨ ਕੀਤੇ ਜਾਣ। ਇਸ ਦੇ ਨਾਲ ਹੀ ਉਨ੍ਹਾਂ ਨੇ ਪਾਕਿਸਤਾਨ ਸਰਕਾਰ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਵੀ ਗੁਜ਼ਾਰਿਸ਼ ਕੀਤੀ ਕਿ ਜੋ ਵੀ ਸ਼ਰਧਾਲੂ ਜਾਂ ਸੰਸਥਾਵਾਂ ਇਨ੍ਹਾਂ ਗੁਰਧਾਮਾਂ ਦੀ ਸੇਵਾ ਸੰਭਾਲ ਲਈ ਅੱਗੇ ਆਉਂਦੀਆਂ ਹਨ, ਉਨ੍ਹਾਂ ਨੂੰ ਜਲਦ ਤੋਂ ਜਲਦ ਅਤੇ ਸੁਖਾਲੀ ਵੀਜ਼ਾ ਸਹੂਲਤ ਮੁਹੱਈਆ ਕਰਵਾਈ ਜਾਵੇ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.