ਤਾਜਾ ਖਬਰਾਂ
ਅੰਮ੍ਰਿਤਸਰ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਸੋਨੇ ਦੀ ਤਸਕਰੀ ਦੀ ਇੱਕ ਹੋਰ ਕੋਸ਼ਿਸ਼ ਨੂੰ ਨਾਕਾਮ ਕਰਦਿਆਂ ਡਾਇਰੈਕਟੋਰੇਟ ਆਫ਼ ਰੈਵੇਨਿਊ ਇੰਟੈਲੀਜੈਂਸ (DRI) ਅਤੇ ਕਸਟਮ ਵਿਭਾਗ ਦੀ ਸਾਂਝੀ ਟੀਮ ਨੇ ਇੱਕ ਯਾਤਰੀ ਨੂੰ 22 ਲੱਖ ਰੁਪਏ ਤੋਂ ਵੱਧ ਕੀਮਤ ਦੇ ਸੋਨੇ ਸਮੇਤ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਸ਼ਾਰਜਾਹ ਤੋਂ ਇੰਡੀਗੋ ਦੀ ਫਲਾਈਟ ਨੰਬਰ 6E1428 ਰਾਹੀਂ ਅੰਮ੍ਰਿਤਸਰ ਪਹੁੰਚਿਆ ਸੀ।
ਅਧਿਕਾਰੀਆਂ ਨੂੰ ਯਾਤਰੀ ਦੀਆਂ ਗਤੀਵਿਧੀਆਂ 'ਤੇ ਸ਼ੱਕ ਹੋਣ ਕਾਰਨ ਉਸ ਨੂੰ ਜਾਂਚ ਲਈ ਰੋਕਿਆ ਗਿਆ। ਐਕਸ-ਰੇ ਸਕੈਨਿੰਗ ਅਤੇ ਨਿੱਜੀ ਤਲਾਸ਼ੀ ਦੌਰਾਨ ਉਸ ਦੇ ਕਬਜ਼ੇ ਵਿਚੋਂ ਪੇਸਟ ਦੇ ਰੂਪ ਵਿੱਚ ਲੁਕਾਇਆ ਗਿਆ 174 ਗ੍ਰਾਮ ਸੋਨਾ ਬਰਾਮਦ ਕੀਤਾ ਗਿਆ। ਇਸ ਪੇਸਟ ਵਿੱਚੋਂ ਸ਼ੁੱਧ ਸੋਨੇ ਦਾ ਭਾਰ 150.04 ਗ੍ਰਾਮ ਨਿਕਲਿਆ, ਜਿਸ ਦੀ ਬਾਜ਼ਾਰੀ ਕੀਮਤ ਕਰੀਬ 22,05,588 ਰੁਪਏ ਅੰਕਿਤ ਕੀਤੀ ਗਈ ਹੈ।
ਬਰਾਮਦਗੀ ਤੋਂ ਬਾਅਦ ਕਸਟਮ ਵਿਭਾਗ ਨੇ ਸੋਨਾ ਜ਼ਬਤ ਕਰਕੇ ਯਾਤਰੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। DRI ਅਤੇ ਕਸਟਮ ਅਧਿਕਾਰੀ ਹੁਣ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਰਹੇ ਹਨ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਕੀ ਇਸ ਦੇ ਪਿੱਛੇ ਕੋਈ ਅੰਤਰਰਾਸ਼ਟਰੀ ਤਸਕਰੀ ਗਿਰੋਹ ਸਰਗਰਮ ਹੈ ਜਾਂ ਇਹ ਇਕੱਲੀ ਕੋਸ਼ਿਸ਼ ਸੀ।
ਸੁਰੱਖਿਆ ਏਜੰਸੀਆਂ ਦਾ ਕਹਿਣਾ ਹੈ ਕਿ ਹਵਾਈ ਅੱਡਿਆਂ ਰਾਹੀਂ ਸੋਨੇ ਦੀ ਤਸਕਰੀ ਨੂੰ ਰੋਕਣ ਲਈ ਨਿਗਰਾਨੀ ਹੋਰ ਸਖ਼ਤ ਕੀਤੀ ਗਈ ਹੈ। ਅਧਿਕਾਰੀਆਂ ਨੇ ਸੰਕੇਤ ਦਿੱਤਾ ਹੈ ਕਿ ਜਾਂਚ ਦੇ ਆਧਾਰ 'ਤੇ ਮਾਮਲੇ ਨਾਲ ਜੁੜੇ ਹੋਰ ਵਿਅਕਤੀਆਂ ਦੀ ਭੂਮਿਕਾ ਵੀ ਖੰਗਾਲੀ ਜਾ ਰਹੀ ਹੈ ਅਤੇ ਕਾਨੂੰਨ ਅਨੁਸਾਰ ਅਗਲੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
Get all latest content delivered to your email a few times a month.