ਤਾਜਾ ਖਬਰਾਂ
ਪੰਜਾਬ ਵਿਧਾਨ ਸਭਾ ਚੋਣਾਂ 2027 ਤੋਂ ਪਹਿਲਾਂ ਸੂਬਾ ਕਾਂਗਰਸ ਅੰਦਰੂਨੀ ਕਲੇਸ਼ ਕਾਰਨ ਦੋਫਾੜ ਹੋਣ ਦੇ ਕੰਢੇ ਪਹੁੰਚ ਗਈ ਹੈ। ਹਾਈਕਮਾਨ ਵੱਲੋਂ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਸੂਬਾ ਪ੍ਰਧਾਨ ਦੇ ਅਹੁਦੇ 'ਤੇ ਬਰਕਰਾਰ ਰੱਖਣ ਦੇ ਫੈਸਲੇ ਨੇ ਪਾਰਟੀ ਦੇ ਸੀਨੀਅਰ ਲੀਡਰਾਂ ਵਿੱਚ ਵੱਡੀ ਨਾਰਾਜ਼ਗੀ ਪੈਦਾ ਕਰ ਦਿੱਤੀ ਹੈ। ਸਥਿਤੀ ਇੰਨੀ ਗੰਭੀਰ ਹੋ ਚੁੱਕੀ ਹੈ ਕਿ ਇੱਕ ਪਾਸੇ ਗੁਰਦਾਸਪੁਰ ਤੋਂ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਗੁਪਤ ਰੂਪ ਵਿੱਚ ਦਿੱਲੀ ਪਹੁੰਚ ਗਏ ਹਨ, ਜਿੱਥੇ ਉਨ੍ਹਾਂ ਦੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਹੋਣ ਦੀ ਚਰਚਾ ਹੈ। ਦੂਜੇ ਪਾਸੇ, ਜਲੰਧਰ ਤੋਂ ਸੰਸਦ ਮੈਂਬਰ ਅਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਹਾਈਕਮਾਨ ਖ਼ਿਲਾਫ਼ ਸਿੱਧਾ ਮੋਰਚਾ ਖੋਲ੍ਹਦਿਆਂ ਮੋਰਿੰਡਾ ਸਥਿਤ ਆਪਣੇ ਗ੍ਰਹਿ ਵਿਖੇ ਕਾਂਗਰਸੀ ਦਿੱਗਜਾਂ ਦੀ ਐਮਰਜੈਂਸੀ ਬੈਠਕ ਸੱਦ ਲਈ ਹੈ।
ਸੂਤਰਾਂ ਮੁਤਾਬਕ ਪੰਜਾਬ ਕਾਂਗਰਸ ਦੀ ਪ੍ਰਧਾਨਗੀ ਦੀ ਦੌੜ ਵਿੱਚ ਸ਼ਾਮਲ ਸੁਖਜਿੰਦਰ ਸਿੰਘ ਰੰਧਾਵਾ ਨੂੰ ਪ੍ਰਧਾਨ ਬਣਾਉਣ ਦੀ ਬਜਾਏ ਪਾਰਟੀ ਦੀ ਕੋਰ ਕਮੇਟੀ ਦਾ ਚੇਅਰਮੈਨ ਲਗਾ ਦਿੱਤਾ ਗਿਆ, ਜਿਸ ਤੋਂ ਉਹ ਬੇਹੱਦ ਖਫ਼ਾ ਹਨ। ਹਾਈਕਮਾਨ ਦੇ ਇਸ ਫੈਸਲੇ ਤੋਂ ਨਾਰਾਜ਼ ਰੰਧਾਵਾ ਅਚਾਨਕ ਦਿੱਲੀ ਰਵਾਨਾ ਹੋ ਗਏ। ਹਾਲਾਂਕਿ ਉਨ੍ਹਾਂ ਨੇ ਮੀਡੀਆ ਨਾਲ ਕੋਈ ਗੱਲਬਾਤ ਨਹੀਂ ਕੀਤੀ, ਪਰ ਸਿਆਸੀ ਗਲਿਆਰਿਆਂ ਵਿੱਚ ਚਰਚਾ ਹੈ ਕਿ ਉਹ ਭਾਜਪਾ ਦੇ ਸੀਨੀਅਰ ਆਗੂ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰ ਸਕਦੇ ਹਨ, ਜੋ ਕਾਂਗਰਸ ਲਈ ਵੱਡਾ ਝਟਕਾ ਸਾਬਤ ਹੋ ਸਕਦਾ ਹੈ।
ਉੱਧਰ, ਪਾਰਟੀ ਦੀ ਨਵੀਂ ਸੂਚੀ ਵਿੱਚ ਸਿਰਫ਼ ਚੋਣ ਪ੍ਰਚਾਰ ਕਮੇਟੀ ਦੇ ਚੇਅਰਮੈਨ ਦੀ ਜ਼ਿੰਮੇਵਾਰੀ ਮਿਲਣ ਤੋਂ ਨਾਰਾਜ਼ ਚਰਨਜੀਤ ਸਿੰਘ ਚੰਨੀ ਨੇ ਅੱਜ ਮੋਰਿੰਡਾ ਵਿਖੇ ਆਪਣੀ ਸਿਆਸੀ ਤਾਕਤ ਦਾ ਵੱਡਾ ਪ੍ਰਦਰਸ਼ਨ ਕੀਤਾ। ਚੰਨੀ ਨੇ ਇਸ ਹੰਗਾਮੀ ਬੈਠਕ ਵਿੱਚ 3 ਸੰਸਦ ਮੈਂਬਰਾਂ, 12 ਮੌਜੂਦਾ ਵਿਧਾਇਕਾਂ ਅਤੇ 2022 ਦੀਆਂ ਚੋਣਾਂ ਹਾਰ ਚੁੱਕੇ ਕਰੀਬ 40 ਸਾਬਕਾ ਵਿਧਾਇਕਾਂ ਤੇ ਦਿੱਗਜ ਨੇਤਾਵਾਂ ਨੂੰ ਸੱਦਿਆ ਹੈ।
ਬੈਠਕ ਵਿੱਚ ਸੀਨੀਅਰ ਵਿਧਾਇਕ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਸਾਬਕਾ ਉਪ ਮੁੱਖ ਮੰਤਰੀ ਓ.ਪੀ. ਸੋਨੀ, ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ, ਗੁਰਕੀਰਤ ਸਿੰਘ ਕੋਟਲੀ, ਸਾਬਕਾ ਵਿਧਾਇਕ ਗੁਰਪ੍ਰੀਤ ਸਿੰਘ ਕਾਂਗੜ, ਨਾਜ਼ਰ ਸਿੰਘ ਮਾਨਸ਼ਾਹੀਆ, ਦਵਿੰਦਰ ਸਿੰਘ ਘੁਬਾਇਆ, ਇੰਦਰਬੀਰ ਸਿੰਘ ਬੁਲਾਰੀਆ, ਲਖਬੀਰ ਸਿੰਘ ਲੱਖਾ, ਤਰਸੇਮ ਡੀ.ਸੀ., ਦਰਸ਼ਨ ਸਿੰਘ ਬਰਾੜ, ਹਰਮਿੰਦਰ ਸਿੰਘ ਗਿੱਲ, ਮਦਨ ਲਾਲ ਜਲਾਲਪੁਰ, ਅਮਰ ਸਿੰਘ, ਕਮਲਜੀਤ ਸਿੰਘ ਕੜਵਲ ਅਤੇ ਸਾਬਕਾ ਐਮ.ਪੀ. ਮੁਹੰਮਦ ਸਾਦਿਕ ਸਮੇਤ ਕਈ ਹੋਰ ਆਗੂ ਪਹੁੰਚ ਚੁੱਕੇ ਸਨ ਅਤੇ ਆਗੂਆਂ ਦੇ ਆਉਣ ਦਾ ਸਿਲਸਿਲਾ ਲਗਾਤਾਰ ਜਾਰੀ ਸੀ।
ਬੈਠਕ ਵਿੱਚ ਸ਼ਾਮਲ ਹੋਣ ਪਹੁੰਚੇ ਸਾਬਕਾ ਵਿਧਾਇਕ ਦਰਸ਼ਨ ਸਿੰਘ ਬਰਾੜ ਨੇ ਖੁੱਲ੍ਹ ਕੇ ਚੰਨੀ ਦਾ ਪੱਖ ਪੂਰਦਿਆਂ ਹਾਈਕਮਾਨ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਕਾਂਗਰਸ ਦੀ ਕਮਾਨ ਨਾ ਸੌਂਪੀ ਗਈ, ਤਾਂ 2027 ਵਿੱਚ ਸੂਬੇ ਅੰਦਰ ਕਾਂਗਰਸ ਦੀ ਸਰਕਾਰ ਕਿਸੇ ਵੀ ਕੀਮਤ 'ਤੇ ਨਹੀਂ ਬਣ ਸਕਦੀ। ਸੂਤਰਾਂ ਅਨੁਸਾਰ ਚੋਣਾਂ ਤੋਂ ਪਹਿਲਾਂ ਪ੍ਰਧਾਨਗੀ ਲਈ ਚੰਨੀ ਦਾ ਨਾਮ ਲਗਭਗ ਤੈਅ ਸੀ, ਪਰ ਐਨ ਮੌਕੇ 'ਤੇ ਰਾਜਾ ਵੜਿੰਗ ਨੂੰ ਬਰਕਰਾਰ ਰੱਖਣ ਦੇ ਫੈਸਲੇ ਨੇ ਅੱਗ ਵਿੱਚ ਘਿਓ ਦਾ ਕੰਮ ਕੀਤਾ। ਚੰਨੀ ਦੇ ਇੱਕ ਬੇਹੱਦ ਨਜ਼ਦੀਕੀ ਆਗੂ ਨੇ ਨਾਮ ਗੁਪਤ ਰੱਖਣ ਦੀ ਸ਼ਰਤ 'ਤੇ ਦੱਸਿਆ, "ਚੰਨੀ ਹੁਣ ਆਰ-ਪਾਰ ਦੀ ਲੜਾਈ ਦੇ ਮੂਡ ਵਿੱਚ ਹਨ। ਉਹ ਇਸ ਜੁੱਟਬੰਦੀ ਰਾਹੀਂ ਦਿੱਲੀ ਬੈਠੀ ਹਾਈਕਮਾਨ ਨੂੰ ਇਹ ਸਾਫ਼ ਸੰਦੇਸ਼ ਦੇਣਾ ਚਾਹੁੰਦੇ ਹਨ ਕਿ ਪੰਜਾਬ ਕਾਂਗਰਸ ਵਿੱਚ ਉਨ੍ਹਾਂ ਨੂੰ ਨਜ਼ਰਅੰਦਾਜ਼ ਕਰਨਾ ਪਾਰਟੀ ਲਈ ਆਤਮਘਾਤੀ ਸਾਬਤ ਹੋਵੇਗਾ।"
Get all latest content delivered to your email a few times a month.