ਤਾਜਾ ਖਬਰਾਂ
ਪੰਜਾਬ ਕਾਂਗਰਸ ਵਿੱਚ ਸੂਬਾ ਪ੍ਰਧਾਨ ਦੇ ਅਹੁਦੇ ਨੂੰ ਲੈ ਕੇ ਅੰਦਰੂਨੀ ਅਸਹਿਮਤੀ ਖੁੱਲ੍ਹ ਕੇ ਸਾਹਮਣੇ ਆ ਗਈ ਹੈ। ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਆਪਣੇ ਮੋਰਿੰਡਾ ਸਥਿਤ ਨਿਵਾਸ 'ਤੇ ਸਮਰਥਕ ਆਗੂਆਂ ਦੀ ਐਮਰਜੈਂਸੀ ਬੈਠਕ ਬੁਲਾਈ, ਜਿਸ ਵਿੱਚ ਤਿੰਨ ਮੌਜੂਦਾ ਵਿਧਾਇਕਾਂ ਸਮੇਤ ਕਰੀਬ 55 ਕਾਂਗਰਸੀ ਆਗੂ ਸ਼ਾਮਲ ਹੋਏ। ਮੀਟਿੰਗ ਤੋਂ ਬਾਅਦ ਆਗੂਆਂ ਨੇ ਕਿਹਾ ਕਿ ਉਹਨਾਂ ਨੇ ਅਗਲੇ ਕਦਮ ਬਾਰੇ ਫ਼ੈਸਲਾ ਚੰਨੀ 'ਤੇ ਛੱਡ ਦਿੱਤਾ ਹੈ ਅਤੇ ਉਨ੍ਹਾਂ ਨੂੰ ਪਾਰਟੀ ਹਾਈਕਮਾਨ ਨਾਲ ਗੱਲਬਾਤ ਕਰਨ ਦੀ ਅਪੀਲ ਕੀਤੀ ਹੈ।
ਵਿਧਾਇਕ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਸਮਰਥਕ ਆਗੂਆਂ ਦਾ ਕਾਂਗਰਸ ਹਾਈਕਮਾਨ ਨਾਲ ਕੋਈ ਟਕਰਾਅ ਨਹੀਂ ਹੈ ਅਤੇ ਉਹ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਬਣਦੀ ਦੇਖਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਚੰਨੀ ਹਾਈਕਮਾਨ ਦੇ ਫ਼ੈਸਲੇ ਨਾਲ ਨਾਖੁਸ਼ ਹਨ ਅਤੇ ਬਹੁਤੇ ਆਗੂ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਦੁਬਾਰਾ ਸੂਬਾ ਪ੍ਰਧਾਨ ਬਣਾਉਣ ਦੇ ਹੱਕ ਵਿੱਚ ਨਹੀਂ ਹਨ। ਇਸ ਲਈ ਹਾਈਕਮਾਨ ਨੂੰ ਆਪਣੇ ਫ਼ੈਸਲੇ 'ਤੇ ਮੁੜ ਵਿਚਾਰ ਕਰਨਾ ਚਾਹੀਦਾ ਹੈ।
ਸਾਬਕਾ ਵਿਧਾਇਕ ਤਰਸੇਮ ਡੀਸੀ ਨੇ ਵੀ ਦਾਅਵਾ ਕੀਤਾ ਕਿ ਰਾਜਾ ਵੜਿੰਗ ਦੀ ਅਗਵਾਈ ਹੇਠ ਕਾਂਗਰਸ ਲਈ ਪੰਜਾਬ ਵਿੱਚ ਸਰਕਾਰ ਬਣਾਉਣਾ ਮੁਸ਼ਕਲ ਹੋਵੇਗਾ। ਦੂਜੇ ਪਾਸੇ ਨਵੇਂ ਕਾਰਜਕਾਰੀ ਪ੍ਰਧਾਨ ਸੰਗਤ ਸਿੰਘ ਗਿਲਜੀਆਂ ਨੇ ਕਿਹਾ ਕਿ ਅਜੈ ਮਾਕਨ ਕਮੇਟੀ ਦੀ ਰਿਪੋਰਟ ਵਿੱਚ ਚੰਨੀ ਦਾ ਨਾਮ ਸਭ ਤੋਂ ਉੱਪਰ ਸੀ, ਪਰ ਆਖ਼ਰੀ ਫ਼ੈਸਲਾ ਉਸ ਅਨੁਸਾਰ ਨਹੀਂ ਹੋਇਆ। ਉਨ੍ਹਾਂ ਦੱਸਿਆ ਕਿ ਚੰਨੀ ਵੱਲੋਂ ਸੱਦਾ ਮਿਲਣ ਦੇ ਬਾਵਜੂਦ ਉਹ ਬੈਠਕ ਵਿੱਚ ਨਹੀਂ ਗਏ ਅਤੇ ਪਾਰਟੀ ਦੇ ਫ਼ੈਸਲੇ ਨਾਲ ਖੜ੍ਹੇ ਹਨ।
ਇਸੇ ਦੌਰਾਨ ਗੁਰਦਾਸਪੁਰ ਤੋਂ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਨਵੀਂ ਦਿੱਲੀ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ, ਜਿਸ ਦੌਰਾਨ ਭਾਜਪਾ ਦੇ ਰਾਜ ਸਭਾ ਮੈਂਬਰ ਤਰੁਣ ਚੁੱਘ ਵੀ ਮੌਜੂਦ ਸਨ। ਰੰਧਾਵਾ ਨੇ ਕਿਹਾ ਕਿ ਚੰਨੀ ਅਤੇ ਰਾਜਾ ਵੜਿੰਗ ਨਾਲ ਜੁੜੇ ਮਾਮਲੇ ਬਾਰੇ ਉਹਨਾਂ ਤੋਂ ਹੀ ਪੁੱਛਿਆ ਜਾਣਾ ਚਾਹੀਦਾ ਹੈ ਅਤੇ ਇੰਨੀਆਂ ਮੀਟਿੰਗਾਂ ਦੇ ਬਾਵਜੂਦ ਪਾਰਟੀ ਵਿੱਚ ਅਜਿਹੀ ਸਥਿਤੀ ਬਣਨਾ ਮੰਦਭਾਗਾ ਹੈ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਅਮਿਤ ਸ਼ਾਹ ਨਾਲ ਉਨ੍ਹਾਂ ਦੀ ਮੁਲਾਕਾਤ ਪਹਿਲਾਂ ਤੋਂ ਹੀ ਤੈਅ ਸੀ।
ਚੰਨੀ ਦੇ ਘਰ ਹੋਈ ਇਸ ਬੈਠਕ ਵਿੱਚ ਤ੍ਰਿਪਤ ਰਜਿੰਦਰ ਬਾਜਵਾ, ਰਾਣਾ ਗੁਰਜੀਤ ਸਿੰਘ, ਕਾਲਾ ਢਿੱਲੋਂ, ਓ.ਪੀ. ਸੋਨੀ, ਭਾਰਤ ਭੂਸ਼ਣ ਆਸ਼ੂ, ਗੁਰਕੀਰਤ ਕੋਟਲੀ, ਪਰਮਿੰਦਰ ਸਿੰਘ ਪਿੰਕੀ, ਦਵਿੰਦਰ ਸਿੰਘ ਘੁਬਾਇਆ, ਬਰਿੰਦਰ ਢਿੱਲੋਂ, ਮੁਹੰਮਦ ਸਦੀਕ, ਦਲਬੀਰ ਗੋਲਡੀ, ਬਲਕੌਰ ਸਿੰਘ ਸਮੇਤ ਕਈ ਸਾਬਕਾ ਮੰਤਰੀ, ਵਿਧਾਇਕ ਅਤੇ ਸੀਨੀਅਰ ਆਗੂ ਸ਼ਾਮਲ ਹੋਏ।
ਜ਼ਿਕਰਯੋਗ ਹੈ ਕਿ ਕਾਂਗਰਸ ਹਾਈਕਮਾਨ ਨੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਈ ਰੱਖਣ ਦਾ ਫ਼ੈਸਲਾ ਕੀਤਾ ਹੈ। ਇਸ ਫ਼ੈਸਲੇ ਤੋਂ ਬਾਅਦ ਪਾਰਟੀ ਦੇ ਇੱਕ ਧੜੇ ਵਿੱਚ ਨਾਰਾਜ਼ਗੀ ਦੇ ਸੁਰ ਉੱਭਰ ਕੇ ਸਾਹਮਣੇ ਆਏ ਹਨ, ਜਦਕਿ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇਹ ਅੰਦਰੂਨੀ ਖਿੱਚਤਾਣ ਕਾਂਗਰਸ ਲਈ ਨਵੀਂ ਚੁਣੌਤੀ ਬਣਦੀ ਦਿਖਾਈ ਦੇ ਰਹੀ ਹੈ।
Get all latest content delivered to your email a few times a month.