ਤਾਜਾ ਖਬਰਾਂ
ਪੰਜਾਬੀ ਗਾਇਕ ਅਤੇ ਗੀਤਕਾਰ ਜਾਨੀ ਇੱਕ ਵਾਰ ਫਿਰ ਆਪਣੇ ਨਵੇਂ ਗੀਤ ‘ਅਪਸਰਾ-2’ ਨੂੰ ਲੈ ਕੇ ਵਿਵਾਦਾਂ ਵਿੱਚ ਘਿਰ ਗਏ ਹਨ। ਜਲੰਧਰ ਦੇ ਈਸਾਈ ਭਾਈਚਾਰੇ ਨੇ ਦੋਸ਼ ਲਗਾਇਆ ਹੈ ਕਿ ਇਸ ਗੀਤ ਦੇ ਕੁਝ ਬੋਲ ਉਨ੍ਹਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਂਦੇ ਹਨ ਅਤੇ ਚਰਚ ਦੀ ਪਵਿੱਤਰਤਾ ਦਾ ਅਪਮਾਨ ਕਰਦੇ ਹਨ। ਇਸ ਮਾਮਲੇ ਨੂੰ ਗੰਭੀਰ ਦੱਸਦੇ ਹੋਏ ਭਾਈਚਾਰੇ ਦੇ ਆਗੂਆਂ ਨੇ ਜਲੰਧਰ ਦੇ ਪੁਲਿਸ ਕਮਿਸ਼ਨਰ ਨੂੰ ਲਿਖਤੀ ਸ਼ਿਕਾਇਤ ਸੌਂਪ ਕੇ ਗਾਇਕ ਜਾਨੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਹੈ।
ਭਾਈਚਾਰੇ ਦੇ ਨੁਮਾਇੰਦਿਆਂ ਦਾ ਕਹਿਣਾ ਹੈ ਕਿ ਗੀਤ ਵਿੱਚ ਵਰਤੇ ਗਏ ਕੁਝ ਸ਼ਬਦ ਅਤੇ ਤੁਲਨਾਵਾਂ ਪਵਿੱਤਰ ਚਰਚ ਅਤੇ ਧਾਰਮਿਕ ਪ੍ਰਾਰਥਨਾਵਾਂ ਦੀ ਮਰਿਆਦਾ ਦੇ ਖ਼ਿਲਾਫ਼ ਹਨ। ਉਨ੍ਹਾਂ ਦਾ ਦਾਅਵਾ ਹੈ ਕਿ ਇਸ ਤਰ੍ਹਾਂ ਦੀ ਪੇਸ਼ਕਾਰੀ ਨਾਲ ਈਸਾਈ ਸਮਾਜ ਦੀਆਂ ਧਾਰਮਿਕ ਭਾਵਨਾਵਾਂ ਨੂੰ ਸਿੱਧੀ ਠੇਸ ਪਹੁੰਚੀ ਹੈ। ਇਸੇ ਕਾਰਨ ਵੱਡੀ ਗਿਣਤੀ ਵਿੱਚ ਭਾਈਚਾਰੇ ਦੇ ਲੋਕ ਪੁਲਿਸ ਕਮਿਸ਼ਨਰ ਦਫ਼ਤਰ ਪਹੁੰਚੇ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ।
ਈਸਾਈ ਆਗੂਆਂ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਪ੍ਰਸ਼ਾਸਨ ਵੱਲੋਂ ਇਸ ਮਾਮਲੇ ਵਿੱਚ ਜਲਦ ਕਾਰਵਾਈ ਨਹੀਂ ਕੀਤੀ ਗਈ ਤਾਂ ਉਹ ਵੱਡੇ ਪੱਧਰ ‘ਤੇ ਸ਼ਾਂਤਮਈ ਰੋਸ ਪ੍ਰਦਰਸ਼ਨ ਕਰਨ ਲਈ ਮਜਬੂਰ ਹੋਣਗੇ। ਉਨ੍ਹਾਂ ਦਾ ਕਹਿਣਾ ਹੈ ਕਿ ਕਿਸੇ ਵੀ ਕਲਾਕਾਰ ਨੂੰ ਕਲਾ ਦੇ ਨਾਂ ‘ਤੇ ਕਿਸੇ ਧਰਮ ਜਾਂ ਭਾਈਚਾਰੇ ਦੀਆਂ ਆਸਥਾਵਾਂ ਨਾਲ ਖਿਲਵਾੜ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ।
ਸ਼ਿਕਾਇਤਕਰਤਾਵਾਂ ਨੇ ਇਹ ਵੀ ਕਿਹਾ ਕਿ ਪੰਜਾਬੀ ਸੰਗੀਤ ਉਦਯੋਗ ਵਿੱਚ ਧਾਰਮਿਕ ਪ੍ਰਤੀਕਾਂ ਅਤੇ ਵਿਸ਼ਵਾਸਾਂ ਦੀ ਵਰਤੋਂ ਨੂੰ ਲੈ ਕੇ ਜ਼ਿੰਮੇਵਾਰੀ ਦੀ ਲੋੜ ਹੈ। ਉਨ੍ਹਾਂ ਦਾ ਮੰਨਣਾ ਹੈ ਕਿ ਜੇਕਰ ਇਸ ਮਾਮਲੇ ਵਿੱਚ ਸਖ਼ਤ ਕਾਰਵਾਈ ਹੁੰਦੀ ਹੈ ਤਾਂ ਇਹ ਹੋਰ ਗਾਇਕਾਂ ਅਤੇ ਗੀਤਕਾਰਾਂ ਲਈ ਵੀ ਇੱਕ ਸੰਦੇਸ਼ ਹੋਵੇਗਾ ਕਿ ਭਵਿੱਖ ਵਿੱਚ ਕਿਸੇ ਵੀ ਧਰਮ ਜਾਂ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ ਸਮੱਗਰੀ ਤੋਂ ਪਰਹੇਜ਼ ਕੀਤਾ ਜਾਵੇ। ਫਿਲਹਾਲ ਪੁਲਿਸ ਨੇ ਸ਼ਿਕਾਇਤ ਪ੍ਰਾਪਤ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
Get all latest content delivered to your email a few times a month.