ਤਾਜਾ ਖਬਰਾਂ
ਭਾਜਪਾ ਵਿੱਚ ਸ਼ਾਮਲ ਹੋ ਚੁੱਕੇ ਰਾਜ ਸਭਾ ਮੈਂਬਰ ਸੰਦੀਪ ਪਾਠਕ ਵੱਲੋਂ ਆਪਣੇ ਖ਼ਿਲਾਫ਼ ਦਰਜ ਹੋਣ ਦੀ ਕਥਿਤ ਐਫਆਈਆਰ ਸਬੰਧੀ ਦਾਇਰ ਕੀਤੀ ਗਈ ਪਟੀਸ਼ਨ ‘ਤੇ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋਈ। ਇਸ ਦੌਰਾਨ ਪੰਜਾਬ ਸਰਕਾਰ ਨੂੰ ਆਪਣਾ ਜਵਾਬ ਅਦਾਲਤ ਵਿੱਚ ਦਾਖ਼ਲ ਕਰਨਾ ਸੀ, ਪਰ ਸਰਕਾਰੀ ਪੱਖ ਵੱਲੋਂ ਵਕੀਲ ਦੀ ਗੈਰਹਾਜ਼ਰੀ ਦਾ ਹਵਾਲਾ ਦਿੰਦਿਆਂ ਜਵਾਬ ਦਾਇਰ ਕਰਨ ਲਈ ਹੋਰ ਸਮਾਂ ਮੰਗਿਆ ਗਿਆ। ਅਦਾਲਤ ਨੇ ਇਹ ਬੇਨਤੀ ਮਨਜ਼ੂਰ ਕਰਦੇ ਹੋਏ ਸਰਕਾਰ ਨੂੰ ਇੱਕ ਹੋਰ ਮੌਕਾ ਦਿੱਤਾ ਅਤੇ ਮਾਮਲੇ ਦੀ ਅਗਲੀ ਸੁਣਵਾਈ 17 ਅਕਤੂਬਰ ਲਈ ਨਿਰਧਾਰਤ ਕਰ ਦਿੱਤੀ। ਇਸ ਦੇ ਨਾਲ ਹੀ ਅਦਾਲਤ ਵੱਲੋਂ ਪਹਿਲਾਂ ਦਿੱਤੀ ਗਈ ਅੰਤਰਿਮ ਰਾਹਤ ਵੀ ਅਗਲੀ ਤਰੀਕ ਤੱਕ ਜਾਰੀ ਰਹੇਗੀ।
ਸੰਦੀਪ ਪਾਠਕ ਦੇ ਵਕੀਲ ਅਰਜੁਨ ਸ਼ਿਓਰਾਨ ਨੇ ਦਲੀਲ ਦਿੱਤੀ ਕਿ ਪਿਛਲੇ ਦੋ ਮਹੀਨਿਆਂ ਤੋਂ ਮਾਮਲਾ ਅਦਾਲਤ ਵਿੱਚ ਲੰਬਿਤ ਹੈ, ਪਰ ਪੰਜਾਬ ਸਰਕਾਰ ਅਜੇ ਤੱਕ ਇਹ ਸਪੱਸ਼ਟ ਨਹੀਂ ਕਰ ਸਕੀ ਕਿ ਪਾਠਕ ਖ਼ਿਲਾਫ਼ ਕੋਈ ਐਫਆਈਆਰ ਦਰਜ ਕੀਤੀ ਗਈ ਹੈ ਜਾਂ ਨਹੀਂ। ਉਨ੍ਹਾਂ ਕਿਹਾ ਕਿ ਇਸ ਦੌਰਾਨ ਅਜਿਹੀਆਂ ਖ਼ਬਰਾਂ ਸਾਹਮਣੇ ਆਈਆਂ ਸਨ ਕਿ ਪੰਜਾਬ ਪੁਲਿਸ ਨੇ ਪਾਠਕ ਦੀ ਗ੍ਰਿਫ਼ਤਾਰੀ ਲਈ ਦਿੱਲੀ ਵਿੱਚ ਵੀ ਛਾਪੇਮਾਰੀ ਕੀਤੀ, ਪਰ ਨਾ ਤਾਂ ਐਫਆਈਆਰ ਦੀ ਜਾਣਕਾਰੀ ਦਿੱਤੀ ਗਈ ਅਤੇ ਨਾ ਹੀ ਕੋਈ ਗ੍ਰਿਫ਼ਤਾਰੀ ਹੋ ਸਕੀ।
ਦੱਸਣਯੋਗ ਹੈ ਕਿ ਸੰਦੀਪ ਪਾਠਕ ਨੇ 8 ਮਈ, 2026 ਨੂੰ ਹਾਈ ਕੋਰਟ ਦਾ ਰੁਖ ਕਰਦਿਆਂ ਦਾਅਵਾ ਕੀਤਾ ਸੀ ਕਿ ਪੁਲਿਸ ਉਨ੍ਹਾਂ ਖ਼ਿਲਾਫ਼ ਦਰਜ ਕਥਿਤ ਐਫਆਈਆਰ ਦੀ ਜਾਣਕਾਰੀ ਉਨ੍ਹਾਂ ਤੋਂ ਲੁਕਾ ਰਹੀ ਹੈ। ਇਸ ‘ਤੇ ਸੁਣਵਾਈ ਕਰਦੇ ਹੋਏ ਹਾਈ ਕੋਰਟ ਨੇ ਉਨ੍ਹਾਂ ਖ਼ਿਲਾਫ਼ ਕਿਸੇ ਵੀ ਤਰ੍ਹਾਂ ਦੀ ਅਗਲੀ ਕਾਰਵਾਈ ‘ਤੇ ਅੰਤਰਿਮ ਰੋਕ ਲਗਾ ਦਿੱਤੀ ਸੀ ਅਤੇ ਪੰਜਾਬ ਸਰਕਾਰ ਤੋਂ ਜਵਾਬ ਤਲਬ ਕੀਤਾ ਸੀ।
ਗੌਰਤਲਬ ਹੈ ਕਿ ਸੰਦੀਪ ਪਾਠਕ ਨੇ 24 ਅਪ੍ਰੈਲ, 2026 ਨੂੰ ਆਮ ਆਦਮੀ ਪਾਰਟੀ ਛੱਡ ਕੇ ਭਾਜਪਾ ਦਾ ਦਾਮਨ ਫੜਿਆ ਸੀ। ਇਸ ਤੋਂ ਬਾਅਦ 2 ਮਈ ਨੂੰ ਉਨ੍ਹਾਂ ਖ਼ਿਲਾਫ਼ ਭ੍ਰਿਸ਼ਟਾਚਾਰ ਸਮੇਤ ਹੋਰ ਦੋਸ਼ਾਂ ਹੇਠ ਦੋ ਗੈਰ-ਜ਼ਮਾਨਤੀ ਐਫਆਈਆਰ ਦਰਜ ਹੋਣ ਦੀਆਂ ਖ਼ਬਰਾਂ ਸਾਹਮਣੇ ਆਈਆਂ। ਗ੍ਰਿਫ਼ਤਾਰੀ ਦੇ ਖ਼ਦਸ਼ੇ ਨੂੰ ਦੇਖਦੇ ਹੋਏ ਉਨ੍ਹਾਂ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਐਫਆਈਆਰ ਦੇ ਵੇਰਵੇ ਜਨਤਕ ਕਰਨ ਅਤੇ ਕਾਨੂੰਨੀ ਸੁਰੱਖਿਆ ਦੀ ਮੰਗ ਕੀਤੀ ਸੀ।
Get all latest content delivered to your email a few times a month.