ਤਾਜਾ ਖਬਰਾਂ
ਪੰਜਾਬ ਅਤੇ ਰਾਜਧਾਨੀ ਚੰਡੀਗੜ੍ਹ ਵਿੱਚ ਮੌਨਸੂਨ ਪੂਰੀ ਤਰ੍ਹਾਂ ਸਰਗਰਮ ਹੋ ਗਿਆ ਹੈ, ਜਿਸ ਕਾਰਨ ਪਿਛਲੇ 24 ਘੰਟਿਆਂ ਦੌਰਾਨ ਸੂਬੇ ਦੇ ਕਈ ਹਿੱਸਿਆਂ ਵਿੱਚ ਮੋਹਲੇਧਾਰ ਮੀਂਹ ਪਿਆ। ਇਸ ਬਾਰਿਸ਼ ਨਾਲ ਤਾਪਮਾਨ ਵਿੱਚ ਭਾਰੀ ਗਿਰਾਵਟ ਦਰਜ ਕੀਤੀ ਗਈ ਹੈ, ਜਿਸ ਨੇ ਲੋਕਾਂ ਨੂੰ ਪਿਛਲੇ ਕਈ ਦਿਨਾਂ ਤੋਂ ਸਤਾ ਰਹੀ ਹੁੰਮਸ ਭਰੀ ਗਰਮੀ ਤੋਂ ਵੱਡੀ ਰਾਹਤ ਦਿੱਤੀ ਹੈ। ਹਾਲਾਂਕਿ, ਗੁਰਦਾਸਪੁਰ ਦੇ ਬਹਿਰਾਮਪੁਰ ਖੇਤਰ ਤੋਂ ਇੱਕ ਚਿੰਤਾਜਨਕ ਖ਼ਬਰ ਆਈ ਹੈ, ਜਿੱਥੇ ਸ਼ੁੱਕਰਵਾਰ ਨੂੰ ਪਏ ਭਾਰੀ ਮੀਂਹ ਕਾਰਨ ਪ੍ਰਸਿੱਧ ਧੁੱਸੀ ਬੰਨ੍ਹ ਟੁੱਟ ਗਿਆ। ਇਸ ਕਾਰਨ ਮੁਗਲਨਿਚੱਕ ਪਿੰਡ ਦੇ ਹਜ਼ਾਰਾਂ ਏਕੜ ਖੇਤ ਪਾਣੀ ਦੀ ਲਪੇਟ ਵਿੱਚ ਆ ਗਏ। ਪ੍ਰਸ਼ਾਸਨ ਮੁਤਾਬਕ ਹੁਣ ਪਾਣੀ ਦਾ ਪੱਧਰ ਘਟਣਾ ਸ਼ੁਰੂ ਹੋ ਗਿਆ ਹੈ ਅਤੇ ਸਥਿਤੀ ਕਾਬੂ ਹੇਠ ਹੈ। ਸਥਾਨਕ ਲੋਕਾਂ ਦਾ ਦੋਸ਼ ਹੈ ਕਿ ਇਹ ਬੰਨ੍ਹ ਪਿਛਲੇ ਸਾਲ ਦੇ ਹੜ੍ਹਾਂ ਵੇਲੇ ਵੀ ਟੁੱਟਿਆ ਸੀ, ਪਰ ਸਬੰਧਿਤ ਵਿਭਾਗ ਨੇ ਇਸ ਦੀ ਪੂਰੀ ਤਰ੍ਹਾਂ ਮੁਰੰਮਤ ਨਹੀਂ ਕਰਵਾਈ ਸੀ।
ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਤੋਂ ਜਾਰੀ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਵਿੱਚ ਸਭ ਤੋਂ ਵੱਧ ਮੀਂਹ ਪੰਜਾਬ ਦੇ ਮਾਝਾ ਖੇਤਰ ਵਿੱਚ ਦਰਜ ਕੀਤਾ ਗਿਆ। ਗੁਰਦਾਸਪੁਰ 48.2 ਮਿਲੀਮੀਟਰ ਬਾਰਿਸ਼ ਨਾਲ ਸਭ ਤੋਂ ਅੱਗੇ ਰਿਹਾ। ਇਸ ਤੋਂ ਇਲਾਵਾ ਪਠਾਨਕੋਟ ਵਿੱਚ 27.2 ਮਿਲੀਮੀਟਰ, ਫਰੀਦਕੋਟ ਵਿੱਚ 10.4 ਮਿਲੀਮੀਟਰ, ਮੋਹਾਲੀ ਵਿੱਚ 8.5 ਮਿਲੀਮੀਟਰ, ਪਟਿਆਲਾ ਵਿੱਚ 6.1 ਮਿਲੀਮੀਟਰ, ਚੰਡੀਗੜ੍ਹ ਵਿੱਚ 4.6 ਮਿਲੀਮੀਟਰ ਅਤੇ ਅੰਮ੍ਰਿਤਸਰ ਵਿੱਚ 2.2 ਮਿਲੀਮੀਟਰ ਮੀਂਹ ਪਿਆ। ਤਾਪਮਾਨ ਦੀ ਗੱਲ ਕਰੀਏ ਤਾਂ ਲੁਧਿਆਣਾ ਦਾ ਸਮਰਾਲਾ 36.3 ਡਿਗਰੀ ਸੈਲਸੀਅਸ ਨਾਲ ਸਭ ਤੋਂ ਗਰਮ ਰਿਹਾ, ਜਦਕਿ ਬਠਿੰਡਾ ਵਿੱਚ ਰਾਤ ਦਾ ਘੱਟੋ-ਘੱਟ ਤਾਪਮਾਨ 21.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਸੂਬੇ ਵਿੱਚ ਸਭ ਤੋਂ ਘੱਟ ਸੀ।
ਮੌਸਮ ਵਿਭਾਗ ਨੇ ਭਵਿੱਖਬਾਣੀ ਕੀਤੀ ਹੈ ਕਿ ਪੰਜਾਬ ਵਿੱਚ ਮੌਨਸੂਨ ਦੀ ਇਹ ਸਰਗਰਮੀ ਆਉਂਦੀ 9 ਜੁਲਾਈ ਤੱਕ ਲਗਾਤਾਰ ਜਾਰੀ ਰਹੇਗੀ। ਅੱਜ (ਸ਼ਨੀਵਾਰ) ਲਈ ਸੂਬੇ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਗਰਜ-ਤੂਫ਼ਾਨ, ਅਸਮਾਨੀ ਬਿਜਲੀ ਚਮਕਣ ਅਤੇ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਚੇਤਾਵਨੀ ਦਿੱਤੀ ਗਈ ਹੈ। ਵਿਸ਼ੇਸ਼ ਤੌਰ 'ਤੇ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਮੋਹਾਲੀ, ਫਤਿਹਗੜ੍ਹ ਸਾਹਿਬ ਅਤੇ ਰੂਪਨਗਰ (ਰੋਪੜ) ਸਮੇਤ 7 ਜ਼ਿਲ੍ਹਿਆਂ ਲਈ ਮੌਸਮ ਵਿਭਾਗ ਨੇ 'ਯੈਲੋ ਅਲਰਟ' ਜਾਰੀ ਕਰਦਿਆਂ ਪ੍ਰਸ਼ਾਸਨ ਨੂੰ ਚੌਕਸ ਰਹਿਣ ਲਈ ਕਿਹਾ ਹੈ।
ਖ਼ਰਾਬ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਮੌਸਮ ਕੇਂਦਰ ਨੇ ਆਮ ਲੋਕਾਂ ਦੀ ਸੁਰੱਖਿਆ ਲਈ ਇੱਕ ਵਿਸ਼ੇਸ਼ ਸਲਾਹ ਜਾਰੀ ਕੀਤੀ ਹੈ। ਵਿਭਾਗ ਨੇ ਅਪੀਲ ਕੀਤੀ ਹੈ ਕਿ ਤੇਜ਼ ਝੱਖੜ ਅਤੇ ਬਿਜਲੀ ਲਿਸ਼ਕਣ ਦੌਰਾਨ ਲੋਕ ਖੁੱਲ੍ਹੇ ਮੈਦਾਨਾਂ, ਉੱਚੇ ਦਰੱਖਤਾਂ ਅਤੇ ਬਿਜਲੀ ਦੇ ਖੰਭਿਆਂ ਜਾਂ ਤਾਰਾਂ ਦੇ ਹੇਠਾਂ ਖੜ੍ਹੇ ਹੋਣ ਤੋਂ ਬਚਣ। ਇਸ ਦੇ ਨਾਲ ਹੀ ਵਾਹਨ ਚਾਲਕਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਪਾਣੀ ਨਾਲ ਭਰੇ ਇਲਾਕਿਆਂ ਵਿੱਚ ਗੱਡੀ ਚਲਾਉਣ ਸਮੇਂ ਅੰਨ੍ਹੇਵਾਹ ਰਫ਼ਤਾਰ ਨਾ ਰੱਖਣ ਅਤੇ ਬਹੁਤ ਜ਼ਿਆਦਾ ਜ਼ਰੂਰੀ ਕੰਮ ਨਾ ਹੋਣ 'ਤੇ ਬੇਲੋੜੀ ਯਾਤਰਾ ਕਰਨ ਤੋਂ ਗੁਰੇਜ਼ ਕਰਨ।
Get all latest content delivered to your email a few times a month.