ਤਾਜਾ ਖਬਰਾਂ
ਸਿੱਖਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਨ ਨੇ ਮਨੁੱਖੀ ਅਧਿਕਾਰਾਂ ਦੇ ਪ੍ਰਮੁੱਖ ਕਾਰਕੁਨ ਸ਼ਹੀਦ ਜਸਵੰਤ ਸਿੰਘ ਖਾਲੜਾ ਦੇ ਜੀਵਨ 'ਤੇ ਆਧਾਰਿਤ ਫ਼ਿਲਮ ‘ਸਤਲੁਜ’ (ਜਿਸ ਦਾ ਪਹਿਲਾ ਨਾਮ ‘ਪੰਜਾਬ 95’ ਸੀ) ਸਬੰਧੀ ਮੀਡੀਆ ਨਾਲ ਅਹਿਮ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਇਹ ਫ਼ਿਲਮ ਪੰਜਾਬ ਦੇ ਉਸ ਕਾਲੇ ਦੌਰ ਦੀਆਂ ਸੱਚੀਆਂ ਘਟਨਾਵਾਂ, ਸਿੱਖਾਂ ਦੇ ਮਨੁੱਖੀ ਅਧਿਕਾਰਾਂ ਅਤੇ ਭਾਈ ਖਾਲੜਾ ਵੱਲੋਂ ਉਠਾਏ ਗਏ ਅਹਿਮ ਮੁੱਦਿਆਂ ਨੂੰ ਦੁਨੀਆ ਸਾਹਮਣੇ ਲਿਆਉਣ ਦੀ ਇੱਕ ਬਹੁਤ ਹੀ ਸ਼ਲਾਘਾਯੋਗ ਕੋਸ਼ਿਸ਼ ਹੈ। ਦੱਸਣਯੋਗ ਹੈ ਕਿ ਸਾਲ 2022 ਵਿੱਚ ਸੈਂਸਰ ਬੋਰਡ ਕੋਲ ਭੇਜੀ ਗਈ ਇਸ ਫ਼ਿਲਮ ਵਿੱਚ ਮਸ਼ਹੂਰ ਅਦਾਕਾਰ ਤੇ ਗਾਇਕ ਦਿਲਜੀਤ ਦੋਸਾਂਝ ਨੇ ਮੁੱਖ ਭੂਮਿਕਾ ਨਿਭਾਈ ਹੈ।
ਮੀਡੀਆ ਨਾਲ ਗੱਲਬਾਤ ਕਰਦਿਆਂ ਕੁਲਵੰਤ ਸਿੰਘ ਮੰਨਨ ਨੇ ਕਿਹਾ ਕਿ ਇਹ ਫ਼ਿਲਮ ਉਸ ਦੌਰ ਦੇ ਬੇਹੱਦ ਨਾਜ਼ੁਕ ਅਤੇ ਮੁਸ਼ਕਿਲ ਹਾਲਾਤਾਂ ਦੀ ਤਸਵੀਰ ਪੇਸ਼ ਕਰਦੀ ਹੈ, ਜਦੋਂ ਪੰਜਾਬ ਬਹੁਤ ਵੱਡੇ ਸੰਕਟ ਵਿੱਚੋਂ ਲੰਘ ਰਿਹਾ ਸੀ। ਉਨ੍ਹਾਂ ਕਿਹਾ ਕਿ ਜਸਵੰਤ ਸਿੰਘ ਖਾਲੜਾ ਨੇ ਆਪਣੀ ਜਾਨ ਦੀ ਪ੍ਰਵਾਹ ਨਾ ਕਰਦੇ ਹੋਏ ਕਥਿਤ ਝੂਠੇ ਪੁਲਿਸ ਮੁਕਾਬਲਿਆਂ ਅਤੇ ਹਜ਼ਾਰਾਂ ਦੀ ਗਿਣਤੀ ਵਿੱਚ ਲਾਪਤਾ ਕੀਤੇ ਗਏ ਬੇਗੁਨਾਹ ਲੋਕਾਂ ਦੇ ਮਾਮਲਿਆਂ ਦੀ ਸੱਚਾਈ ਨੂੰ ਦੁਨੀਆ ਦੀ ਕਚਹਿਰੀ ਵਿੱਚ ਲਿਆਉਣ ਲਈ ਇੱਕ ਲੰਮਾ ਅਤੇ ਇਤਿਹਾਸਕ ਸੰਘਰਸ਼ ਲੜਿਆ ਸੀ। ਫ਼ਿਲਮ ਵਿੱਚ ਇਸੇ ਦਲੇਰੀ ਅਤੇ ਦਰਦ ਨੂੰ ਪ੍ਰਮੁੱਖਤਾ ਨਾਲ ਪੇਸ਼ ਕੀਤਾ ਗਿਆ ਹੈ ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਆਪਣੇ ਅਸਲ ਇਤਿਹਾਸ ਤੋਂ ਜਾਣੂ ਹੋ ਸਕਣ।
ਐਸ.ਜੀ.ਪੀ.ਸੀ. ਦੇ ਮੁੱਖ ਸਕੱਤਰ ਨੇ ਅੱਗੇ ਕਿਹਾ ਕਿ ਉਸ ਦੌਰ ਵਿੱਚ ਪੰਜਾਬ ਅੰਦਰ ਕਈ ਅਜਿਹੇ ਦੁਖਦਾਈ ਮਾਮਲੇ ਸਾਹਮਣੇ ਆਏ ਸਨ, ਜਿੱਥੇ ਨੌਜਵਾਨਾਂ ਨੂੰ ਬਿਨਾਂ ਕਿਸੇ ਕਾਨੂੰਨੀ ਚਾਰਾਜੋਈ ਦੇ ਅਚਾਨਕ ਗਾਇਬ ਕਰ ਦਿੱਤਾ ਜਾਂਦਾ ਸੀ ਜਾਂ ਸ਼ੱਕੀ ਹਾਲਾਤਾਂ ਵਿੱਚ ਉਨ੍ਹਾਂ ਦੀਆਂ ਮੌਤਾਂ ਹੋ ਜਾਂਦੀਆਂ ਸਨ। ਅਜਿਹੇ ਦੌਰ ਵਿੱਚ ਭਾਈ ਖਾਲੜਾ ਨੇ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਨਿਡਰਤਾ ਨਾਲ ਆਵਾਜ਼ ਬੁਲੰਦ ਕੀਤੀ ਸੀ। ਇਹ ਫ਼ਿਲਮ ਉਨ੍ਹਾਂ ਦੇ ਉਸੇ ਬੇਮਿਸਾਲ ਯੋਗਦਾਨ ਅਤੇ ਕੁਰਬਾਨੀ ਨੂੰ ਰੂਪਮਾਨ ਕਰਦੀ ਹੈ।
ਮੁੱਖ ਸਕੱਤਰ ਨੇ ਖ਼ਾਸ ਕਰਕੇ ਸਿੱਖ ਨੌਜਵਾਨਾਂ ਅਤੇ ਸਮਾਜ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਇਸ ਫ਼ਿਲਮ ਨੂੰ ਜ਼ਰੂਰ ਦੇਖਣ, ਕਿਉਂਕਿ ਇਸ ਰਾਹੀਂ ਉਨ੍ਹਾਂ ਨੂੰ ਪੰਜਾਬ ਦੇ ਇਤਿਹਾਸ ਦੀ ਅਸਲੀਅਤ ਨੂੰ ਸਮਝਣ ਦਾ ਮੌਕਾ ਮਿਲੇਗਾ। ਸੈਂਸਰ ਬੋਰਡ ਦੀਆਂ ਪਾਬੰਦੀਆਂ ਅਤੇ ਦੇਰੀ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਜੇਕਰ ਬੋਰਡ ਜਾਂ ਕਿਸੇ ਹੋਰ ਪੱਧਰ 'ਤੇ ਕਾਨੂੰਨੀ ਲੋੜਾਂ ਮੁਤਾਬਕ ਇਸ ਵਿੱਚ ਕੁਝ ਜ਼ਰੂਰੀ ਸੋਧਾਂ ਕੀਤੀਆਂ ਵੀ ਗਈਆਂ ਹਨ, ਤਾਂ ਵੀ ਇਸ ਦਾ ਸਵਾਗਤ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸਮਾਜ ਅਤੇ ਇਤਿਹਾਸਕ ਸੱਚਾਈ ਨਾਲ ਜੁੜੇ ਅਜਿਹੇ ਸੰਵੇਦਨਸ਼ੀਲ ਵਿਸ਼ਿਆਂ 'ਤੇ ਬਣੀਆਂ ਫ਼ਿਲਮਾਂ ਨੂੰ ਸਿਨੇਮਾਘਰਾਂ ਵਿੱਚ ਖੁੱਲ੍ਹੇ ਮਨ ਨਾਲ ਦੇਖਣਾ ਅਤੇ ਸਮਝਣਾ ਬੇਹੱਦ ਜ਼ਰੂਰੀ ਹੈ, ਤਾਂ ਜੋ ਅਗਲੀ ਪੀੜ੍ਹੀ ਸੱਚਾਈ ਦੇ ਰੂ-ਬਰੂ ਹੋ ਸਕੇ।
Get all latest content delivered to your email a few times a month.