ਤਾਜਾ ਖਬਰਾਂ
ਪੰਜਾਬ ਕਾਂਗਰਸ ਵਿੱਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਅੰਦਰੂਨੀ ਖਿੱਚਤਾਣ ਹੋਰ ਤੇਜ਼ ਹੁੰਦੀ ਨਜ਼ਰ ਆ ਰਹੀ ਹੈ। ਪਾਰਟੀ ਅੰਦਰ ਨਿਯੁਕਤੀਆਂ ਅਤੇ ਚੋਣ ਕਮੇਟੀਆਂ ਦੇ ਗਠਨ ਨੂੰ ਲੈ ਕੇ ਉੱਠੇ ਵਿਵਾਦ ਨੇ ਹੁਣ ਖੁੱਲ੍ਹੀ ਧੜੇਬੰਦੀ ਦਾ ਰੂਪ ਧਾਰ ਲਿਆ ਹੈ। ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਉਨ੍ਹਾਂ ਦੇ ਸਮਰਥਕਾਂ ਵੱਲੋਂ ਸੂਬਾ ਲੀਡਰਸ਼ਿਪ 'ਤੇ ਸਵਾਲ ਚੁੱਕੇ ਜਾਣ ਤੋਂ ਬਾਅਦ ਮਾਮਲਾ ਕਾਂਗਰਸ ਹਾਈ ਕਮਾਂਡ ਤੱਕ ਪਹੁੰਚ ਗਿਆ ਹੈ। ਪਾਰਟੀ ਸੂਤਰਾਂ ਅਨੁਸਾਰ, ਸੀਨੀਅਰ ਲੀਡਰਸ਼ਿਪ ਇਸ ਮਾਮਲੇ 'ਤੇ ਵਿਚਾਰ ਕਰ ਰਹੀ ਹੈ ਅਤੇ ਆਉਣ ਵਾਲੇ ਹਫ਼ਤੇ ਵਿੱਚ ਕੋਈ ਅਹਿਮ ਫੈਸਲਾ ਲਿਆ ਜਾ ਸਕਦਾ ਹੈ।
ਇਸ ਦੌਰਾਨ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਬਾਗੀ ਸੁਰਾਂ 'ਤੇ ਆਪਣੀ ਪਹਿਲੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਕਾਂਗਰਸ ਵਿੱਚ ਹਰ ਆਗੂ ਨੂੰ ਆਪਣੀ ਗੱਲ ਰੱਖਣ ਦਾ ਅਧਿਕਾਰ ਹੈ, ਪਰ ਪਾਰਟੀ ਅਨੁਸ਼ਾਸਨ ਦੀ ਉਲੰਘਣਾ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਸਾਰੇ ਆਗੂ ਇੱਕ ਹੀ ਮੰਚ 'ਤੇ ਇਕੱਠੇ ਨਜ਼ਰ ਆਉਣਗੇ ਅਤੇ ਜੇਕਰ ਕੋਈ ਅਨੁਸ਼ਾਸਨ ਤੋੜੇਗਾ ਤਾਂ ਉਸ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।
ਰਾਜਾ ਵੜਿੰਗ ਨੇ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਕੇਂਦਰੀ ਗ੍ਰਹਿ ਮੰਤਰੀ ਨਾਲ ਹੋਈ ਮੁਲਾਕਾਤ 'ਤੇ ਵੀ ਸਪੱਸ਼ਟੀਕਰਨ ਦਿੰਦਿਆਂ ਕਿਹਾ ਕਿ ਰੰਧਾਵਾ ਨੇ ਆਪਣੀ ਚਿੱਠੀ ਵਿੱਚ ਸਾਫ਼ ਕੀਤਾ ਹੈ ਕਿ ਇਹ ਮੁਲਾਕਾਤ ਪੰਜਾਬ ਅਤੇ ਸਰਹੱਦੀ ਸੁਰੱਖਿਆ ਨਾਲ ਜੁੜੇ ਮੁੱਦਿਆਂ 'ਤੇ ਚਰਚਾ ਲਈ ਸੀ। ਉਨ੍ਹਾਂ ਨਾਲ ਹੀ ਇਹ ਵੀ ਦਾਅਵਾ ਕੀਤਾ ਕਿ ਕਾਂਗਰਸ ਪੰਜਾਬ ਵਿੱਚ ਭਾਜਪਾ ਨੂੰ ਮਜ਼ਬੂਤ ਹੋਣ ਦਾ ਮੌਕਾ ਨਹੀਂ ਦੇਵੇਗੀ।
ਮੁੱਖ ਮੰਤਰੀ ਦੇ ਚਿਹਰੇ ਨੂੰ ਲੈ ਕੇ ਚੱਲ ਰਹੀਆਂ ਅਟਕਲਾਂ 'ਤੇ ਵੜਿੰਗ ਨੇ ਕਿਹਾ ਕਿ ਉਹ ਖੁਦ ਇਸ ਦੌੜ ਵਿੱਚ ਨਹੀਂ ਹਨ ਅਤੇ ਪਾਰਟੀ ਵੱਲੋਂ ਮੁੱਖ ਮੰਤਰੀ ਦਾ ਚਿਹਰਾ ਕੌਣ ਹੋਵੇਗਾ, ਇਸ ਬਾਰੇ ਅੰਤਿਮ ਫੈਸਲਾ ਰਾਹੁਲ ਗਾਂਧੀ ਹੀ ਕਰਨਗੇ। ਉਧਰ, ਪਾਰਟੀ ਅੰਦਰ ਵਧ ਰਹੇ ਮਤਭੇਦਾਂ ਨੂੰ ਦੇਖਦਿਆਂ ਹੁਣ ਸਭ ਦੀਆਂ ਨਜ਼ਰਾਂ ਕਾਂਗਰਸ ਹਾਈ ਕਮਾਂਡ 'ਤੇ ਟਿਕੀਆਂ ਹੋਈਆਂ ਹਨ ਕਿ ਉਹ ਚੰਨੀ ਧੜੇ ਦੀਆਂ ਮੰਗਾਂ ਨੂੰ ਮੰਨਦੀ ਹੈ ਜਾਂ ਪਹਿਲਾਂ ਲਏ ਫ਼ੈਸਲਿਆਂ 'ਤੇ ਕਾਇਮ ਰਹਿੰਦੀ ਹੈ। ਇਹ ਫੈਸਲਾ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਦੀ ਰਣਨੀਤੀ ਅਤੇ ਏਕਤਾ ਲਈ ਅਹਿਮ ਮੰਨਿਆ ਜਾ ਰਿਹਾ ਹੈ।
Get all latest content delivered to your email a few times a month.