ਤਾਜਾ ਖਬਰਾਂ
ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਐਲਾਨ ਕੀਤਾ ਹੈ ਕਿ ਸੂਬੇ ਦੀ ਸਿੱਖਿਆ ਪ੍ਰਣਾਲੀ ਨੂੰ ਸਮੇਂ ਦੀਆਂ ਲੋੜਾਂ ਅਨੁਸਾਰ ਨਵਾਂ ਰੂਪ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਹੁਣ ਰਵਾਇਤੀ ਸਿਧਾਂਤਕ ਪੜ੍ਹਾਈ ਦੀ ਬਜਾਏ ਵਿਦਿਆਰਥੀਆਂ ਨੂੰ ਪ੍ਰੈਕਟੀਕਲ ਅਤੇ ਆਧੁਨਿਕ ਸਿੱਖਿਆ ਨਾਲ ਜੋੜਿਆ ਜਾਵੇਗਾ। ਇਹ ਗੱਲ ਉਨ੍ਹਾਂ 12ਵੀਂ ਜਮਾਤ (ਸੀਬੀਐਸਈ ਅਤੇ ਪੰਜਾਬ ਸਕੂਲ ਸਿੱਖਿਆ ਬੋਰਡ) ਵਿੱਚ 90 ਫੀਸਦੀ ਤੋਂ ਵੱਧ ਅੰਕ ਹਾਸਲ ਕਰਨ ਵਾਲੇ ਵਿਦਿਆਰਥੀਆਂ ਦੇ ਸਨਮਾਨ ਸਮਾਰੋਹ ਦੌਰਾਨ ਮੀਡੀਆ ਨਾਲ ਗੱਲਬਾਤ ਕਰਦਿਆਂ ਕਹੀ।
ਉਨ੍ਹਾਂ ਦੱਸਿਆ ਕਿ ਸਮਾਰੋਹ ਦੌਰਾਨ ਸਿਰਫ਼ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ ਹੀ ਨਹੀਂ ਕੀਤਾ ਗਿਆ, ਸਗੋਂ ‘ਡ੍ਰਾਈਵ ਪੁਆਇੰਟਸ’ ਸੰਵਾਦ ਰਾਹੀਂ ਵਿਦਿਆਰਥੀਆਂ ਤੋਂ ਸਿੱਖਿਆ ਪ੍ਰਣਾਲੀ ਅਤੇ ਪਾਠਕ੍ਰਮ ਵਿੱਚ ਸੁਧਾਰਾਂ ਲਈ ਸੁਝਾਅ ਵੀ ਲਏ ਗਏ। ਬੈਂਸ ਨੇ ਕਿਹਾ ਕਿ 14-15 ਸਾਲ ਸਕੂਲੀ ਜੀਵਨ ਬਿਤਾਉਣ ਵਾਲੇ ਵਿਦਿਆਰਥੀਆਂ ਦੇ ਵਿਚਾਰ ਸਿੱਖਿਆ ਨੀਤੀ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਉਣਗੇ।
ਸਿੱਖਿਆ ਮੰਤਰੀ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਅਗਲੇ ਮਹੀਨੇ ਤੋਂ ਸਾਰੇ ਸਰਕਾਰੀ ਸਕੂਲਾਂ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ (AI) ਦੀ ਪੜ੍ਹਾਈ ਸ਼ੁਰੂ ਕਰਨ ਜਾ ਰਹੀ ਹੈ, ਤਾਂ ਜੋ ਵਿਦਿਆਰਥੀਆਂ ਨੂੰ ਭਵਿੱਖ ਦੀਆਂ ਤਕਨੀਕੀ ਚੁਣੌਤੀਆਂ ਲਈ ਤਿਆਰ ਕੀਤਾ ਜਾ ਸਕੇ ਅਤੇ ਉਹ ਵਿਸ਼ਵ ਪੱਧਰ ‘ਤੇ ਆਪਣੀ ਯੋਗਤਾ ਸਾਬਤ ਕਰ ਸਕਣ।
ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ ਸਬੰਧੀ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਸਰਕਾਰ ਨੇ ਫੀਸ ਵਾਧੇ ਦੀ ਵੱਧ ਤੋਂ ਵੱਧ ਹੱਦ 5 ਫੀਸਦੀ ਨਿਰਧਾਰਤ ਕਰ ਦਿੱਤੀ ਹੈ। ਨਵੇਂ ਆਰਡੀਨੈਂਸ ਦੇ ਲਾਗੂ ਹੋਣ ਤੋਂ ਬਾਅਦ ਜਿਹੜੇ ਸਕੂਲਾਂ ਨੇ ਪਿਛਲੇ ਤਿੰਨ ਸਾਲਾਂ ਦੌਰਾਨ ਨਿਯਮਾਂ ਤੋਂ ਵੱਧ ਫੀਸ ਵਸੂਲੀ ਹੈ, ਉਨ੍ਹਾਂ ਨੂੰ ਵਾਧੂ ਰਕਮ ਮਾਪਿਆਂ ਨੂੰ ਵਾਪਸ ਕਰਨੀ ਪਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਪ੍ਰਾਈਵੇਟ ਸਕੂਲਾਂ ਦੇ ਵਿਰੁੱਧ ਨਹੀਂ, ਪਰ ਸਿੱਖਿਆ ਨੂੰ ਵਪਾਰ ਬਣਾਉਣ ਦੀ ਇਜਾਜ਼ਤ ਵੀ ਨਹੀਂ ਦਿੱਤੀ ਜਾਵੇਗੀ। ਸਕੂਲੀ ਵਰਦੀਆਂ ਅਤੇ ਕਿਤਾਬਾਂ ਦੀ ਮਨਮਾਨੀ ਵਿਕਰੀ ‘ਤੇ ਵੀ ਸਖ਼ਤ ਨਿਗਰਾਨੀ ਅਤੇ ਕਾਰਵਾਈ ਕੀਤੀ ਜਾਵੇਗੀ।
ਸਰਕਾਰੀ ਸਕੂਲਾਂ ਵਿੱਚ ਪ੍ਰਿੰਸੀਪਲਾਂ ਦੀ ਘਾਟ ਬਾਰੇ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਹਰਜੋਤ ਬੈਂਸ ਨੇ ਦੱਸਿਆ ਕਿ ਕਰੀਬ 55 ਫੀਸਦੀ ਅਸਾਮੀਆਂ ਖਾਲੀ ਹਨ। ਹਾਈ ਕੋਰਟ ਵੱਲੋਂ ਲਗੇ ਸਟੇਅ ਕਾਰਨ ਭਰਤੀਆਂ ਅਤੇ ਤਰੱਕੀਆਂ ਰੁਕੀਆਂ ਹੋਈਆਂ ਹਨ, ਪਰ ਸਰਕਾਰ ਕਾਨੂੰਨੀ ਪ੍ਰਕਿਰਿਆ ਰਾਹੀਂ ਇਸ ਰੁਕਾਵਟ ਨੂੰ ਦੂਰ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਨਵੀਆਂ ਭਰਤੀਆਂ ਅਤੇ ਤਰੱਕੀਆਂ ਲਈ ਸੂਚੀਆਂ ਪਹਿਲਾਂ ਹੀ ਤਿਆਰ ਹਨ ਅਤੇ ਸਟੇਅ ਹਟਦੇ ਹੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਜਾਵੇਗੀ।
Get all latest content delivered to your email a few times a month.