ਤਾਜਾ ਖਬਰਾਂ
ਸਿੱਖ ਕੌਮ ਦੇ ਸਰਵੋਚ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਿਰਜਣਾ ਦਿਵਸ ਦੇ ਸ਼ੁਭ ਦਿਹਾੜੇ 'ਤੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਧਾਰਮਿਕ ਸਮਾਗਮਾਂ ਦਾ ਆਯੋਜਨ ਕੀਤਾ ਗਿਆ। ਇਸ ਇਤਿਹਾਸਕ ਮੌਕੇ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਦੇਸ਼-ਵਿਦੇਸ਼ ਤੋਂ ਪੁੱਜੀਆਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਸਰਵੋਚ ਤਖ਼ਤ ਦੀ ਮਹੱਤਤਾ 'ਤੇ ਚਾਨਣਾ ਪਾਇਆ। ਉਨ੍ਹਾਂ ਸਮੂਹ ਖਾਲਸਾ ਪੰਥ ਅਤੇ ਗੁਰੂ ਨਾਨਕ ਨਾਮ ਲੇਵਾ ਸੰਗਤ ਨੂੰ ਸਿਰਜਣਾ ਦਿਵਸ ਦੀਆਂ ਲੱਖ-ਲੱਖ ਵਧਾਈਆਂ ਦਿੰਦਿਆਂ ਗੁਰੂ ਦੇ ਦਰਸਾਏ ਮਾਰਗ 'ਤੇ ਚੱਲਣ ਦੀ ਅਪੀਲ ਕੀਤੀ।
ਮੀਡੀਆ ਅਤੇ ਸੰਗਤਾਂ ਨਾਲ ਗੱਲਬਾਤ ਕਰਦਿਆਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਇਤਿਹਾਸ ਦੇ ਪੰਨੇ ਫਰੋਲਦਿਆਂ ਕਿਹਾ ਕਿ ਸੰਨ 1606 ਈਸਵੀ ਵਿੱਚ ਮੀਰੀ-ਪੀਰੀ ਦੇ ਮਾਲਕ, ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਿਰਜਣਾ ਕੀਤੀ ਸੀ। ਉਨ੍ਹਾਂ ਕਿਹਾ ਕਿ ਇਹ ਉਹ ਦੌਰ ਸੀ ਜਦੋਂ ਦਿੱਲੀ ਦਾ ਦੁਨਿਆਵੀ ਤਖ਼ਤ ਜਬਰ, ਜ਼ੁਲਮ ਅਤੇ ਬੇਇਨਸਾਫ਼ੀ ਦਾ ਪ੍ਰਤੀਕ ਬਣ ਚੁੱਕਾ ਸੀ ਅਤੇ ਆਮ ਲੋਕਾਂ ਦੀਆਂ ਉਮੀਦਾਂ ਟੁੱਟ ਚੁੱਕੀਆਂ ਸਨ। ਅਜਿਹੇ ਸਮੇਂ ਗੁਰੂ ਸਾਹਿਬ ਨੇ ਸਿੱਖ ਕੌਮ ਨੂੰ ਧਾਰਮਿਕ, ਸਮਾਜਿਕ ਅਤੇ ਰਾਜਸੀ ਪੱਖੋਂ ਇੱਕ ਨਵੀਂ ਤੇ ਸਹੀ ਦਿਸ਼ਾ ਦੇਣ ਲਈ ਇਸ ਅਜ਼ਾਦ ਸਰਵੋਚ ਤਖ਼ਤ ਦੀ ਸਥਾਪਨਾ ਕੀਤੀ।
ਜਥੇਦਾਰ ਨੇ ਜ਼ੋਰ ਦੇ ਕੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਿਰਫ਼ ਸਿੱਖਾਂ ਲਈ ਹੀ ਨਹੀਂ, ਬਲਕਿ ਪੂਰੀ ਮਨੁੱਖਤਾ ਲਈ ਹੱਕ, ਸੱਚ ਅਤੇ ਨਿਆਂ ਦਾ ਕੇਂਦਰ ਹੈ, ਜਿੱਥੇ ਹਰ ਫ਼ਰਿਆਦੀ ਨੂੰ ਬਿਨਾਂ ਕਿਸੇ ਭੇਦਭਾਵ ਦੇ ਇਨਸਾਫ਼ ਮਿਲਦਾ ਹੈ। ਉਨ੍ਹਾਂ ਕਿਹਾ ਕਿ ਇੱਥੇ ਝੂਲਦੇ ਮੀਰੀ-ਪੀਰੀ ਦੇ ਦੋ ਨਿਸ਼ਾਨ ਸਾਹਿਬ ਸੰਸਾਰ ਨੂੰ ਇਹ ਸੰਦੇਸ਼ ਦਿੰਦੇ ਹਨ ਕਿ ਸਿੱਖ ਧਰਮ ਵਿੱਚ ਰੂਹਾਨੀਅਤ (ਭਗਤੀ) ਅਤੇ ਸੰਸਾਰਕ ਜ਼ਿੰਮੇਵਾਰੀਆਂ (ਸ਼ਕਤੀ) ਦੋਵੇਂ ਬਰਾਬਰ ਮਹੱਤਵ ਰੱਖਦੀਆਂ ਹਨ।
ਗਿਆਨੀ ਗੜਗੱਜ ਨੇ ਮੌਜੂਦਾ ਹਾਲਾਤਾਂ 'ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਅੱਜ ਸਿੱਖ ਕੌਮ ਨੂੰ ਆਪਸ ਵਿੱਚ ਵੰਡਣ ਦੀਆਂ ਵੱਡੀਆਂ ਸਾਜ਼ਿਸ਼ਾਂ ਘੜੀਆਂ ਜਾ ਰਹੀਆਂ ਹਨ। ਉਨ੍ਹਾਂ ਕੌਮ ਨੂੰ ਅਪੀਲ ਕੀਤੀ ਕਿ ਅਜਿਹੀਆਂ ਪੰਥ ਵਿਰੋਧੀ ਤਾਕਤਾਂ ਤੋਂ ਸੁਚੇਤ ਰਿਹਾ ਜਾਵੇ ਅਤੇ ਸਾਰੇ ਮਤਭੇਦ ਭੁਲਾ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਛਤਰ-ਛਾਇਆ ਹੇਠ ਇਕਜੁੱਟ ਹੋਇਆ ਜਾਵੇ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੇ ਸਾਂਝੇ ਪਰਿਵਾਰ ਨੂੰ ਮਜ਼ਬੂਤ ਕਰਨਾ ਅਤੇ ਚੁਣੌਤੀਆਂ ਦਾ ਸਾਹਮਣਾ ਤਖ਼ਤ ਦੀ ਸਰਵੋਚਤਾ ਨੂੰ ਪ੍ਰਵਾਨ ਕਰਕੇ ਕਰਨਾ ਹੀ ਸਮੇਂ ਦੀ ਸਭ ਤੋਂ ਵੱਡੀ ਮੰਗ ਹੈ।
ਨਿਆਂ ਪ੍ਰਣਾਲੀ 'ਤੇ ਗੱਲ ਕਰਦਿਆਂ ਜਥੇਦਾਰ ਨੇ ਕਿਹਾ ਕਿ ਇਤਿਹਾਸ ਗਵਾਹ ਹੈ ਕਿ ਦੁਨਿਆਵੀ ਅਦਾਲਤਾਂ ਅਤੇ ਕਾਨੂੰਨੀ ਪ੍ਰਣਾਲੀਆਂ ਕਈ ਵਾਰ ਇਨਸਾਫ਼ ਦੇਣ ਵਿੱਚ ਨਾਕਾਮ ਰਹਿੰਦੀਆਂ ਹਨ ਜਾਂ ਬਹੁਤ ਦੇਰੀ ਕਰਦੀਆਂ ਹਨ, ਪਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਹਮੇਸ਼ਾ ਬਿਨਾਂ ਕਿਸੇ ਦੇਰੀ ਦੇ ਸੱਚ ਦੀ ਆਵਾਜ਼ ਬੁਲੰਦ ਕੀਤੀ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਬੇਗੁਨਾਹ 'ਤੇ ਜ਼ੁਲਮ ਕਰਨਾ ਜਾਂ ਫ਼ਰਜ਼ੀ ਮੁਕਾਬਲਿਆਂ ਰਾਹੀਂ ਕਿਸੇ ਦੀ ਜਾਨ ਲੈਣਾ ਮਨੁੱਖਤਾ ਦੇ ਸਭ ਤੋਂ ਵੱਡਾ ਗੁਨਾਹ ਹੈ। ਅਖ਼ੀਰ ਵਿੱਚ ਉਨ੍ਹਾਂ ਸੰਗਤ ਨੂੰ "ਸਰਬੱਤ ਦਾ ਭਲਾ" ਅਤੇ ਆਪਸੀ ਪਿਆਰ ਦੇ ਸਿਧਾਂਤ 'ਤੇ ਚੱਲਦਿਆਂ ਮਨੁੱਖਤਾ ਦੀ ਸੇਵਾ ਵਿੱਚ ਯੋਗਦਾਨ ਪਾਉਣ ਦਾ ਸੰਦੇਸ਼ ਦਿੱਤਾ।
Get all latest content delivered to your email a few times a month.