ਤਾਜਾ ਖਬਰਾਂ
ਪੰਜਾਬ ਪੁਲਿਸ ਨੂੰ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਦੌਰਾਨ ਇੱਕ ਹੋਰ ਵੱਡੀ ਕਾਮਯਾਬੀ ਮਿਲੀ ਹੈ। ਕਾਊਂਟਰ ਇੰਟੈਲੀਜੈਂਸ, ਅੰਮ੍ਰਿਤਸਰ ਦੀ ਟੀਮ ਨੇ ਇੱਕ ਸੁਚੱਜੀ ਕਾਰਵਾਈ ਕਰਦਿਆਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਨਾਲ ਜੁੜੇ ਇੱਕ ਸਰਗਰਮ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਇਸ ਕਾਰਵਾਈ ਦੌਰਾਨ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ, ਜਿਨ੍ਹਾਂ ਦੇ ਕਬਜ਼ੇ ਵਿੱਚੋਂ 25 ਕਿਲੋਗ੍ਰਾਮ ਹੈਰੋਇਨ ਬਰਾਮਦ ਹੋਈ ਹੈ।
ਪੁਲਿਸ ਦੀ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਦੋਸ਼ੀ ਇੱਕ ਸਰਹੱਦ ਪਾਰ ਬੈਠੇ ਤਸਕਰ ਦੇ ਇਸ਼ਾਰਿਆਂ 'ਤੇ ਕੰਮ ਕਰ ਰਹੇ ਸਨ। ਇਹ ਮੁਲਜ਼ਮ ਪੰਜਾਬ ਦੇ ਵੱਖ-ਵੱਖ ਇਲਾਕਿਆਂ ਵਿੱਚੋਂ ਹੈਰੋਇਨ ਦੀਆਂ ਖੇਪਾਂ ਇਕੱਠੀਆਂ ਕਰਕੇ ਅੱਗੇ ਸਪਲਾਈ ਕਰਨ ਦਾ ਕੰਮ ਕਰਦੇ ਸਨ। ਜਾਂਚ ਏਜੰਸੀਆਂ ਇਸ ਗੱਲ ਦਾ ਵੀ ਪਤਾ ਲਗਾ ਰਹੀਆਂ ਹਨ ਕਿ ਇਸ ਗਿਰੋਹ ਨਾਲ ਹੋਰ ਕੌਣ-ਕੌਣ ਲੋਕ ਜੁੜੇ ਹੋਏ ਹਨ ਅਤੇ ਨਸ਼ੇ ਦੀ ਇਹ ਸਪਲਾਈ ਲੜੀ ਕਿੱਥੋਂ ਤੱਕ ਫੈਲੀ ਹੋਈ ਹੈ।
ਇਸ ਮਾਮਲੇ ਸਬੰਧੀ ਐਨਡੀਪੀਐਸ ਐਕਟ ਤਹਿਤ ਪੁਲਿਸ ਸਟੇਸ਼ਨ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐੱਸ.ਐੱਸ.ਓ.ਸੀ.), ਅੰਮ੍ਰਿਤਸਰ ਵਿਖੇ ਐਫਆਈਆਰ ਦਰਜ ਕਰ ਲਈ ਗਈ ਹੈ। ਪੁਲਿਸ ਵੱਲੋਂ ਗ੍ਰਿਫ਼ਤਾਰ ਮੁਲਜ਼ਮਾਂ ਤੋਂ ਪੁੱਛਗਿੱਛ ਜਾਰੀ ਹੈ ਤਾਂ ਜੋ ਇਸ ਨੈੱਟਵਰਕ ਦੇ ਅੱਗੇ ਅਤੇ ਪਿੱਛੇ ਦੇ ਸਾਰੇ ਸਬੰਧਾਂ ਨੂੰ ਜੋੜਿਆ ਜਾ ਸਕੇ, ਹੋਰ ਸਾਥੀਆਂ ਦੀ ਪਛਾਣ ਹੋ ਸਕੇ ਅਤੇ ਪੂਰੀ ਤਸਕਰੀ ਲੜੀ ਦਾ ਪਰਦਾਫਾਸ਼ ਕੀਤਾ ਜਾ ਸਕੇ।
ਪੰਜਾਬ ਪੁਲਿਸ ਨੇ ਦੁਹਰਾਇਆ ਹੈ ਕਿ ਸੂਬੇ ਵਿੱਚ ਸਰਹੱਦ ਪਾਰ ਨਸ਼ਾ ਤਸਕਰੀ ਕਰਨ ਵਾਲੇ ਨੈੱਟਵਰਕਾਂ ਨੂੰ ਜੜ੍ਹੋਂ ਖਤਮ ਕਰਨ ਲਈ ਕਾਰਵਾਈ ਲਗਾਤਾਰ ਜਾਰੀ ਰਹੇਗੀ ਅਤੇ ਪੰਜਾਬ ਨੂੰ ਸੁਰੱਖਿਅਤ ਤੇ ਨਸ਼ਾ-ਮੁਕਤ ਬਣਾਉਣ ਲਈ ਹਰ ਸੰਭਵ ਕਦਮ ਚੁੱਕਿਆ ਜਾਵੇਗਾ।
Get all latest content delivered to your email a few times a month.