IMG-LOGO
ਹੋਮ ਪੰਜਾਬ: ਜਾਇਦਾਦ ਦੀ ਰੰਜਿਸ਼ ਬਣੀ ਖੂਨੀ ਟਕਰਾਅ ਦਾ ਕਾਰਨ, ਨਵ-ਵਿਆਹੇ ਨੌਜਵਾਨ...

ਜਾਇਦਾਦ ਦੀ ਰੰਜਿਸ਼ ਬਣੀ ਖੂਨੀ ਟਕਰਾਅ ਦਾ ਕਾਰਨ, ਨਵ-ਵਿਆਹੇ ਨੌਜਵਾਨ ਦੇ ਕਤਲ ਮਾਮਲੇ 'ਚ ਮਾਪੇ ਗ੍ਰਿਫ਼ਤਾਰ, ਦੋ ਭਰਾ ਫਰਾਰ

Admin User - Jul 07, 2026 08:46 PM
IMG

ਅੰਮ੍ਰਿਤਸਰ ਦਿਹਾਤੀ ਦੇ ਮਜੀਠਾ ਇਲਾਕੇ ਵਿੱਚ ਜਾਇਦਾਦ ਦੇ ਵਿਵਾਦ ਨੇ ਇੱਕ ਨਵ-ਵਿਆਹੇ ਪਰਿਵਾਰ ਦੀਆਂ ਖੁਸ਼ੀਆਂ ਉਜਾੜ ਦਿੱਤੀਆਂ। ਕੇਵਲ ਨੌਂ ਮਹੀਨੇ ਪਹਿਲਾਂ ਲਵ ਮੈਰਿਜ ਕਰਨ ਵਾਲੇ ਆਕਾਸ਼ਦੀਪ ਸਿੰਘ ਦੀ ਕਥਿਤ ਤੌਰ 'ਤੇ ਉਸਦੇ ਆਪਣੇ ਪਰਿਵਾਰਕ ਮੈਂਬਰਾਂ ਵੱਲੋਂ ਹੱਤਿਆ ਕਰ ਦਿੱਤੀ ਗਈ। ਮ੍ਰਿਤਕ ਦੀ ਪਤਨੀ ਕਿਰਨਦੀਪ ਕੌਰ ਨੇ ਆਪਣੇ ਸੱਸ-ਸਹੁਰੇ ਅਤੇ ਦੋ ਦੇਵਰਾਂ 'ਤੇ ਕਤਲ ਦੇ ਗੰਭੀਰ ਦੋਸ਼ ਲਗਾਏ ਹਨ, ਜਿਸ ਤੋਂ ਬਾਅਦ ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਕਿਰਨਦੀਪ ਕੌਰ ਮੁਤਾਬਕ ਵਿਆਹ ਤੋਂ ਬਾਅਦ ਹੀ ਆਕਾਸ਼ਦੀਪ ਦਾ ਆਪਣੇ ਮਾਪਿਆਂ ਅਤੇ ਭਰਾਵਾਂ ਨਾਲ ਜਾਇਦਾਦ ਦੀ ਵੰਡ ਨੂੰ ਲੈ ਕੇ ਲਗਾਤਾਰ ਵਿਵਾਦ ਚੱਲ ਰਿਹਾ ਸੀ। ਉਸ ਨੇ ਦੋਸ਼ ਲਗਾਇਆ ਕਿ ਘਟਨਾ ਵਾਲੀ ਰਾਤ ਉਸਦੇ ਦੋਵੇਂ ਦੇਵਰ ਗੁਰਪ੍ਰੀਤ ਸਿੰਘ ਅਤੇ ਜਸ਼ਨਦੀਪ ਸਿੰਘ ਆਪਣੇ ਮਾਪਿਆਂ ਨਾਲ ਤੇਜ਼ਧਾਰ ਹਥਿਆਰ ਲੈ ਕੇ ਘਰ ਆਏ ਅਤੇ ਦਰਵਾਜ਼ਾ ਖੁਲ੍ਹਦੇ ਹੀ ਆਕਾਸ਼ਦੀਪ 'ਤੇ ਹਮਲਾ ਕਰ ਦਿੱਤਾ। ਉਸ ਦਾ ਕਹਿਣਾ ਹੈ ਕਿ ਨੌਜਵਾਨ 'ਤੇ ਦਾਤਰਾਂ ਨਾਲ ਕਈ ਵਾਰ ਕੀਤੇ ਗਏ ਅਤੇ ਬੇਰਹਿਮੀ ਨਾਲ ਕੁੱਟਮਾਰ ਕੀਤੀ ਗਈ।

ਪੀੜਤਾ ਨੇ ਇਹ ਵੀ ਦੱਸਿਆ ਕਿ ਹਮਲੇ ਦੌਰਾਨ ਉਸ ਨੂੰ ਇੱਕ ਕਮਰੇ ਵਿੱਚ ਬੰਦ ਕਰ ਦਿੱਤਾ ਗਿਆ ਅਤੇ ਉਸ ਦਾ ਮੋਬਾਈਲ ਫੋਨ ਤੇ ਹੋਰ ਜ਼ਰੂਰੀ ਦਸਤਾਵੇਜ਼ ਖੋਹ ਲਏ ਗਏ। ਉਸ ਨੇ ਦੋਸ਼ ਲਗਾਇਆ ਕਿ ਮੁਲਜ਼ਮਾਂ ਨੇ ਉਸ ਨੂੰ ਧਮਕੀ ਵੀ ਦਿੱਤੀ ਕਿ ਜੇਕਰ ਉਸ ਨੇ ਕਿਸੇ ਨੂੰ ਘਟਨਾ ਬਾਰੇ ਦੱਸਿਆ ਤਾਂ ਉਸ ਨੂੰ ਵੀ ਜਾਨੋਂ ਮਾਰ ਦਿੱਤਾ ਜਾਵੇਗਾ। ਅਗਲੇ ਦਿਨ ਉਸ ਨੇ ਘਰ ਵਿੱਚ ਖੂਨ ਦੇ ਨਿਸ਼ਾਨ ਅਤੇ ਉਨ੍ਹਾਂ ਨੂੰ ਮਿਟਾਉਣ ਦੀ ਕੋਸ਼ਿਸ਼ ਦੇਖੀ, ਜਿਸ ਤੋਂ ਬਾਅਦ ਉਸ ਨੇ ਇਨਸਾਫ਼ ਦੀ ਮੰਗ ਕੀਤੀ।

ਮਾਮਲੇ ਦੀ ਜਾਂਚ ਕਰ ਰਹੇ ਡੀਐਸਪੀ ਕਮਲਮੀਤ ਸਿੰਘ ਨੇ ਦੱਸਿਆ ਕਿ ਕਿਰਨਦੀਪ ਕੌਰ ਦੇ ਬਿਆਨਾਂ ਦੇ ਆਧਾਰ 'ਤੇ ਮਜੀਠਾ ਥਾਣੇ ਵਿੱਚ ਬੀਐਨਐੱਸ ਦੀ ਧਾਰਾ 103 ਤਹਿਤ ਕੇਸ ਦਰਜ ਕੀਤਾ ਗਿਆ ਹੈ। ਪੁਲਿਸ ਨੇ ਮ੍ਰਿਤਕ ਦੇ ਪਿਤਾ ਮਲਕੀਤ ਸਿੰਘ ਅਤੇ ਮਾਤਾ ਰਣਜੀਤ ਕੌਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਦਕਿ ਦੋਵੇਂ ਭਰਾ ਗੁਰਪ੍ਰੀਤ ਸਿੰਘ ਅਤੇ ਜਸ਼ਨਦੀਪ ਸਿੰਘ ਅਜੇ ਵੀ ਫਰਾਰ ਹਨ। ਉਨ੍ਹਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਜਾਰੀ ਹੈ।

ਪੁਲਿਸ ਮੁਤਾਬਕ ਜਾਂਚ ਦੌਰਾਨ ਇਹ ਵੀ ਜਾਣਕਾਰੀ ਸਾਹਮਣੇ ਆਈ ਹੈ ਕਿ ਕਤਲ ਤੋਂ ਬਾਅਦ ਲਾਸ਼ ਨੂੰ ਨਹਿਰ ਵਿੱਚ ਸੁੱਟਿਆ ਗਿਆ ਹੋ ਸਕਦਾ ਹੈ। ਲਾਸ਼ ਦੀ ਭਾਲ ਲਈ ਸਰਚ ਆਪਰੇਸ਼ਨ ਚਲਾਇਆ ਜਾ ਰਿਹਾ ਹੈ ਅਤੇ ਮਾਮਲੇ ਦੇ ਹਰ ਪਹਿਲੂ ਦੀ ਬਰੀਕੀ ਨਾਲ ਜਾਂਚ ਕਰਦੇ ਹੋਏ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.