ਤਾਜਾ ਖਬਰਾਂ
ਪੰਜਾਬ ਵਿੱਚ ਸਰਕਾਰੀ ਬੱਸਾਂ ਰਾਹੀਂ ਸਫ਼ਰ ਕਰਨ ਵਾਲੇ ਲੱਖਾਂ ਮੁਸਾਫ਼ਰਾਂ ਲਈ ਅੱਜ ਵੱਡੀ ਅਤੇ ਪਰੇਸ਼ਾਨੀ ਭਰੀ ਖ਼ਬਰ ਸਾਹਮਣੇ ਆਈ ਹੈ। ਪੀ.ਆਰ.ਟੀ.ਸੀ. (PRTC) ਅਤੇ ਪਨਬੱਸ (PUNBUS) ਕੰਟਰੈਕਟ ਮੁਲਾਜ਼ਮ ਯੂਨੀਅਨ ਨੇ ਸਰਕਾਰ ਵਿਰੁੱਧ ਮੋਰਚਾ ਖੋਲ੍ਹਦਿਆਂ ਸੂਬੇ ਦੇ ਸਾਰੇ 18 ਡਿੱਪੂਆਂ 'ਤੇ ਬੱਸਾਂ ਖੜ੍ਹੀਆਂ ਕਰ ਦਿੱਤੀਆਂ ਹਨ। ਯੂਨੀਅਨ ਆਗੂਆਂ ਦਾ ਦੋਸ਼ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਲੰਘੀ 1 ਮਈ ਨੂੰ ਮਜ਼ਦੂਰ ਦਿਵਸ ਮੌਕੇ ਮੁਲਾਜ਼ਮਾਂ ਨਾਲ ਕੀਤਾ ਗਿਆ ਲਿਖਤੀ ਵਾਅਦਾ ਪੂਰਾ ਨਹੀਂ ਕੀਤਾ ਗਿਆ। ਅਚਾਨਕ ਹੋਈ ਇਸ ਹੜਤਾਲ ਕਾਰਨ ਸੂਬੇ ਭਰ ਦੇ ਬੱਸ ਅੱਡਿਆਂ 'ਤੇ ਸਵਾਰੀਆਂ ਦੀਆਂ ਲੰਬੀਆਂ ਕਤਾਰਾਂ ਦੇਖਣ ਨੂੰ ਮਿਲ ਰਹੀਆਂ ਹਨ। ਪ੍ਰਸ਼ਾਸਨ ਨੇ ਯਾਤਰੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਘਰਾਂ ਤੋਂ ਨਿਕਲਣ ਤੋਂ ਪਹਿਲਾਂ ਰੂਟਾਂ ਅਤੇ ਬੱਸਾਂ ਦੀ ਉਪਲਬਧਤਾ ਬਾਰੇ ਜਾਣਕਾਰੀ ਜ਼ਰੂਰ ਲੈ ਲੈਣ।
ਪੰਜਾਬ ਰੋਡਵੇਜ਼ ਪਨਬੱਸ/ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ (25/11) ਵੱਲੋਂ ਜਾਰੀ ਪ੍ਰੈਸ ਨੋਟ ਵਿੱਚ ਕਿਹਾ ਗਿਆ ਹੈ ਕਿ ਸੂਬਾ ਸਰਕਾਰ ਨੇ ਨੋਟੀਫਿਕੇਸ਼ਨ ਜਾਰੀ ਕਰਕੇ 1 ਮਈ 2026 (ਮਜ਼ਦੂਰ ਦਿਵਸ) 'ਤੇ ਕੰਟਰੈਕਟ ਮੁਲਾਜ਼ਮਾਂ ਦੀਆਂ ਘੱਟੋ-ਘੱਟ ਉਜਰਤਾਂ (Minimum Wages) ਵਿੱਚ 15 ਫ਼ੀਸਦੀ ਵਾਧਾ ਕਰਨ ਦਾ ਐਲਾਨ ਕੀਤਾ ਸੀ। ਪਰ ਦੋ ਮਹੀਨੇ ਬੀਤ ਜਾਣ ਦੇ ਬਾਅਦ ਵੀ ਇਸ ਫੈਸਲੇ ਨੂੰ ਜ਼ਮੀਨੀ ਪੱਧਰ 'ਤੇ ਲਾਗੂ ਨਹੀਂ ਕੀਤਾ ਗਿਆ। ਯੂਨੀਅਨ ਨੇ ਤਿੱਖੇ ਸ਼ਬਦਾਂ ਵਿੱਚ ਕਿਹਾ ਕਿ ਸਾਰੇ ਡਿੱਪੂਆਂ ਵੱਲੋਂ ਮੈਨੇਜਮੈਂਟ ਨੂੰ ਮੰਗ ਪੱਤਰ ਸੌਂਪੇ ਗਏ ਸਨ, ਪਰ ਅਧਿਕਾਰੀਆਂ ਨੇ ਇਸ ਵਾਧੇ ਨੂੰ ਜੋੜੇ ਬਿਨਾਂ ਹੀ ਪੁਰਾਣੀ ਦਰ 'ਤੇ ਤਨਖਾਹਾਂ ਜਾਰੀ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ, ਜੋ ਕਿ ਮੁੱਖ ਮੰਤਰੀ ਦੇ ਹੁਕਮਾਂ ਦੀ ਸਿੱਧੀ ਅਣਦੇਖੀ ਹੈ।
ਮੁਲਾਜ਼ਮ ਆਗੂਆਂ ਨੇ ਸਪੱਸ਼ਟ ਚੇਤਾਵਨੀ ਦਿੱਤੀ ਹੈ ਕਿ ਜੇਕਰ ਵਿਭਾਗ ਨੇ 15 ਫ਼ੀਸਦੀ ਵਾਧੇ ਤੋਂ ਬਿਨਾਂ ਮੁਲਾਜ਼ਮਾਂ ਦੇ ਖਾਤਿਆਂ ਵਿੱਚ ਪੈਸੇ ਪਾਉਣ ਦੀ ਕੋਸ਼ਿਸ਼ ਕੀਤੀ, ਤਾਂ ਸਾਰੇ ਡਿੱਪੂਆਂ ਦਾ ਕੰਮਕਾਜ ਪੂਰੀ ਤਰ੍ਹਾਂ ਠੱਪ ਰੱਖਿਆ ਜਾਵੇਗਾ ਅਤੇ ਪੰਜਾਬ ਸਰਕਾਰ ਖ਼ਿਲਾਫ਼ ਸੜਕਾਂ 'ਤੇ ਉੱਤਰ ਕੇ ਤਿੱਖਾ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।
ਇਸ ਹੜਤਾਲ ਕਾਰਨ ਪਨਬੱਸ ਅਤੇ ਪੀ.ਆਰ.ਟੀ.ਸੀ. ਦੀਆਂ ਸੈਂਕੜੇ ਬੱਸਾਂ ਦੇ ਪਹੀਏ ਜਾਮ ਹੋ ਗਏ ਹਨ, ਜਿਸ ਦਾ ਸਿੱਧਾ ਅਸਰ ਰੋਜ਼ਾਨਾ ਸਫ਼ਰ ਕਰਨ ਵਾਲੇ ਨੌਕਰੀਪੇਸ਼ਾ ਲੋਕਾਂ, ਵਿਦਿਆਰਥੀਆਂ ਅਤੇ ਔਰਤਾਂ 'ਤੇ ਪੈ ਰਿਹਾ ਹੈ। ਪ੍ਰਾਈਵੇਟ ਬੱਸਾਂ ਵਿੱਚ ਭਾਰੀ ਭੀੜ ਦੇਖਣ ਨੂੰ ਮਿਲ ਰਹੀ ਹੈ। ਯਾਤਰੀਆਂ ਦੀ ਖ਼ੱਜਲ-ਖ਼ੁਆਰੀ ਨੂੰ ਦੇਖਦੇ ਹੋਏ ਟ੍ਰਾਂਸਪੋਰਟ ਵਿਭਾਗ ਦੇ ਉੱਚ ਅਧਿਕਾਰੀਆਂ ਵੱਲੋਂ ਯੂਨੀਅਨ ਦੇ ਆਗੂਆਂ ਨਾਲ ਰਾਬਤਾ ਕਾਇਮ ਕਰਕੇ ਕੋਈ ਵਿਚਕਾਰਲਾ ਰਾਹ ਕੱਢਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਤਾਂ ਜੋ ਜਨਤਕ ਸੇਵਾਵਾਂ ਨੂੰ ਜਲਦ ਬਹਾਲ ਕੀਤਾ ਜਾ ਸਕੇ।
Get all latest content delivered to your email a few times a month.