IMG-LOGO
ਹੋਮ ਪੰਜਾਬ: ਮੰਡੀ ਗੋਬਿੰਦਗੜ੍ਹ ਨਗਰ ਕੌਂਸਲ ਨੂੰ ਮਿਲਿਆ ਨਵਾਂ ਪ੍ਰਧਾਨ, ਹਰਪ੍ਰੀਤ ਸਿੰਘ...

ਮੰਡੀ ਗੋਬਿੰਦਗੜ੍ਹ ਨਗਰ ਕੌਂਸਲ ਨੂੰ ਮਿਲਿਆ ਨਵਾਂ ਪ੍ਰਧਾਨ, ਹਰਪ੍ਰੀਤ ਸਿੰਘ ਪ੍ਰਿੰਸ ਨੇ ਸੰਭਾਲਿਆ ਅਹੁਦਾ; ਵਿਧਾਇਕ ਗੈਰੀ ਬੜਿੰਗ ਨੇ ਵਿਕਾਸ ਦੇ ਕੀਤੇ ਵੱਡੇ ਦਾਅਵੇ

Admin User - Jul 08, 2026 05:04 PM
IMG

ਮੰਡੀ ਗੋਬਿੰਦਗੜ੍ਹ ਨਗਰ ਕੌਂਸਲ ਵਿੱਚ ਅੱਜ ਇੱਕ ਵਿਸ਼ੇਸ਼ ਤਾਜਪੋਸ਼ੀ ਸਮਾਗਮ ਦੌਰਾਨ ਹਰਪ੍ਰੀਤ ਸਿੰਘ ਪ੍ਰਿੰਸ ਨੇ ਦੂਜੀ ਵਾਰ ਨਗਰ ਕੌਂਸਲ ਦੇ ਪ੍ਰਧਾਨ ਵਜੋਂ ਅਹੁਦਾ ਸੰਭਾਲ ਲਿਆ। ਨਗਰ ਕੌਂਸਲ ਭਵਨ ਵਿੱਚ ਕਰਵਾਏ ਗਏ ਇਸ ਸਮਾਗਮ ਵਿੱਚ ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਉਨ੍ਹਾਂ ਨੇ ਰਸਮੀ ਤੌਰ 'ਤੇ ਹਰਪ੍ਰੀਤ ਸਿੰਘ ਪ੍ਰਿੰਸ ਨੂੰ ਪ੍ਰਧਾਨਗੀ ਦੀ ਕੁਰਸੀ 'ਤੇ ਬਿਠਾ ਕੇ ਵਧਾਈ ਦਿੱਤੀ। ਇਸ ਮੌਕੇ ਵੱਡੀ ਗਿਣਤੀ ਵਿੱਚ ਕੌਂਸਲਰ, ਪਾਰਟੀ ਆਗੂ, ਸਮਾਜਿਕ ਸ਼ਖ਼ਸੀਅਤਾਂ ਅਤੇ ਸ਼ਹਿਰ ਵਾਸੀ ਵੀ ਮੌਜੂਦ ਰਹੇ।

ਹਰਪ੍ਰੀਤ ਸਿੰਘ ਪ੍ਰਿੰਸ ਨੇ ਸਥਾਨਕ ਰਾਜਨੀਤੀ ਵਿੱਚ ਇੱਕ ਨਵਾਂ ਇਤਿਹਾਸ ਰਚਦਿਆਂ ਕਰੀਬ 34 ਸਾਲਾਂ ਬਾਅਦ ਲਗਾਤਾਰ ਦੂਜੀ ਵਾਰ ਨਗਰ ਕੌਂਸਲ ਦੇ ਪ੍ਰਧਾਨ ਬਣਨ ਦਾ ਮਾਣ ਹਾਸਲ ਕੀਤਾ ਹੈ। ਇਸ ਮੌਕੇ ਵਿਧਾਇਕ ਗੈਰੀ ਬੜਿੰਗ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਮੰਡੀ ਗੋਬਿੰਦਗੜ੍ਹ ਦੇ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਸ਼ਹਿਰ ਵਿੱਚ ਚੱਲ ਰਹੇ ਅਤੇ ਲੰਬਿਤ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਪੂਰਾ ਕੀਤਾ ਜਾਵੇਗਾ। ਉਨ੍ਹਾਂ ਨੇ ਭਰੋਸਾ ਦਿੱਤਾ ਕਿ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਲੋਕਾਂ ਦੀਆਂ ਲੋੜਾਂ ਨੂੰ ਪਹਿਲ ਦੇ ਆਧਾਰ 'ਤੇ ਪੂਰਾ ਕੀਤਾ ਜਾਵੇਗਾ।

ਵਿਧਾਇਕ ਬੜਿੰਗ ਨੇ ਸ਼ਹਿਰ ਦੇ ਬਹੁ-ਉਡੀਕੇ ਓਵਰ ਬ੍ਰਿਜ ਪ੍ਰੋਜੈਕਟ ਨੂੰ ਲੈ ਕੇ ਵੀ ਆਪਣਾ ਪੱਖ ਰੱਖਿਆ। ਉਨ੍ਹਾਂ ਦੋਸ਼ ਲਗਾਇਆ ਕਿ ਇਸ ਪ੍ਰੋਜੈਕਟ ਨੂੰ ਅੱਗੇ ਵਧਾਉਣ ਵਿੱਚ ਭਾਰਤੀ ਜਨਤਾ ਪਾਰਟੀ ਵੱਲੋਂ ਰੁਕਾਵਟਾਂ ਪੈਦਾ ਕੀਤੀਆਂ ਜਾ ਰਹੀਆਂ ਹਨ, ਜਦਕਿ ਪੰਜਾਬ ਸਰਕਾਰ ਵੱਲੋਂ ਇਸ ਸਬੰਧੀ ਸਾਰੀਆਂ ਲੋੜੀਂਦੀਆਂ ਪ੍ਰਸ਼ਾਸਨਿਕ ਅਤੇ ਤਕਨੀਕੀ ਕਾਰਵਾਈਆਂ ਪਹਿਲਾਂ ਹੀ ਪੂਰੀਆਂ ਕੀਤੀਆਂ ਜਾ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦੀ ਕੋਸ਼ਿਸ਼ ਹੈ ਕਿ ਓਵਰ ਬ੍ਰਿਜ ਦਾ ਕੰਮ ਜਲਦ ਸ਼ੁਰੂ ਹੋਵੇ ਤਾਂ ਜੋ ਸ਼ਹਿਰ ਵਾਸੀਆਂ ਨੂੰ ਟ੍ਰੈਫਿਕ ਸਮੱਸਿਆ ਤੋਂ ਰਾਹਤ ਮਿਲ ਸਕੇ।

ਅਹੁਦਾ ਸੰਭਾਲਣ ਤੋਂ ਬਾਅਦ ਹਰਪ੍ਰੀਤ ਸਿੰਘ ਪ੍ਰਿੰਸ ਨੇ ਸ਼ਹਿਰ ਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਸਾਰੇ ਕੌਂਸਲਰਾਂ ਅਤੇ ਪ੍ਰਸ਼ਾਸਨ ਦੇ ਸਹਿਯੋਗ ਨਾਲ ਮੰਡੀ ਗੋਬਿੰਦਗੜ੍ਹ ਦੇ ਵਿਕਾਸ ਨੂੰ ਨਵੀਂ ਦਿਸ਼ਾ ਦੇਣ ਲਈ ਪੂਰੀ ਇਮਾਨਦਾਰੀ ਨਾਲ ਕੰਮ ਕਰਨਗੇ। ਉਨ੍ਹਾਂ ਐਲਾਨ ਕੀਤਾ ਕਿ ਸ਼ਹਿਰ ਨੂੰ ਜਲਦੀ ਹੀ ਨਹਿਰੀ ਪਾਣੀ ਪ੍ਰੋਜੈਕਟ ਨਾਲ ਜੋੜਿਆ ਜਾਵੇਗਾ, ਜਿਸ ਨਾਲ ਲੋਕਾਂ ਨੂੰ ਸ਼ੁੱਧ ਪੀਣ ਵਾਲਾ ਪਾਣੀ ਉਪਲਬਧ ਹੋਵੇਗਾ। ਇਸ ਤੋਂ ਇਲਾਵਾ ਜਿਨ੍ਹਾਂ ਇਲਾਕਿਆਂ ਵਿੱਚ ਸੀਵਰੇਜ ਅਤੇ ਸੜਕਾਂ ਦੇ ਕੰਮ ਅਧੂਰੇ ਪਏ ਹਨ, ਉਨ੍ਹਾਂ ਨੂੰ ਪਹਿਲ ਦੇ ਆਧਾਰ 'ਤੇ ਪੂਰਾ ਕਰਵਾ ਕੇ ਸ਼ਹਿਰ ਦੀ ਬੁਨਿਆਦੀ ਸਹੂਲਤਾਂ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.