IMG-LOGO
ਹੋਮ ਪੰਜਾਬ: ਸ਼ਹੀਦ ਭਾਈ ਮਨੀ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਦੁਆਰਾ...

ਸ਼ਹੀਦ ਭਾਈ ਮਨੀ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਸਜਿਆ ਗੁਰਮਤਿ ਸਮਾਗਮ

Admin User - Jul 09, 2026 03:34 PM
IMG

ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਮਨੀ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ਰਧਾ, ਸਤਿਕਾਰ ਅਤੇ ਧਾਰਮਿਕ ਭਾਵਨਾਵਾਂ ਨਾਲ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਹਾਜ਼ਰੀ ਭਰ ਕੇ ਸ਼ਹੀਦ ਭਾਈ ਮਨੀ ਸਿੰਘ ਜੀ ਨੂੰ ਨਿਮਰ ਸ਼ਰਧਾਂਜਲੀ ਭੇਟ ਕੀਤੀ।

ਸਮਾਗਮ ਦੀ ਸ਼ੁਰੂਆਤ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਨਾਲ ਹੋਈ। ਇਸ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਦੇਵ ਸਿੰਘ ਖ਼ਾਲਸਾ ਦੇ ਜਥੇ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ। ਅਰਦਾਸ ਦੀ ਸੇਵਾ ਭਾਈ ਪ੍ਰੇਮ ਸਿੰਘ ਨੇ ਨਿਭਾਈ, ਜਦਕਿ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਨੇ ਸਰਵਣ ਕਰਵਾਇਆ।

ਇਸ ਮੌਕੇ ਸੰਗਤ ਨੂੰ ਸੰਬੋਧਨ ਕਰਦਿਆਂ ਗਿਆਨੀ ਬਲਵਿੰਦਰ ਸਿੰਘ ਨੇ ਸ਼ਹੀਦ ਭਾਈ ਮਨੀ ਸਿੰਘ ਜੀ ਦੇ ਜੀਵਨ, ਉਨ੍ਹਾਂ ਦੀ ਅਟੱਲ ਗੁਰਸਿੱਖੀ, ਨਿਸ਼ਕਾਮ ਸੇਵਾ ਅਤੇ ਮਹਾਨ ਸ਼ਹਾਦਤ ਬਾਰੇ ਵਿਸਥਾਰ ਨਾਲ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਭਾਈ ਮਨੀ ਸਿੰਘ ਜੀ ਨੇ ਧਰਮ ਅਤੇ ਸਿੱਖੀ ਸਿਧਾਂਤਾਂ ਦੀ ਰੱਖਿਆ ਲਈ ਅਸਹਿ ਕਸ਼ਟ ਸਹਾਰਦਿਆਂ ਬੰਦ-ਬੰਦ ਕਟਵਾ ਕੇ ਅਦੁੱਤੀ ਸ਼ਹਾਦਤ ਦਿੱਤੀ, ਜੋ ਸਿੱਖ ਇਤਿਹਾਸ ਵਿੱਚ ਸਦਾ ਲਈ ਅਮਰ ਹੈ। ਉਨ੍ਹਾਂ ਇਹ ਵੀ ਕਿਹਾ ਕਿ ਭਾਈ ਸਾਹਿਬ ਦੇ ਪਰਿਵਾਰ ਦੇ ਕਈ ਮੈਂਬਰਾਂ ਨੇ ਵੀ ਧਰਮ ਦੀ ਖਾਤਰ ਸ਼ਹਾਦਤਾਂ ਦਿੱਤੀਆਂ, ਜਿਸ ਕਾਰਨ ਇਹ ਪਰਿਵਾਰ ਸਿੱਖ ਇਤਿਹਾਸ ਵਿੱਚ ਵਿਸ਼ੇਸ਼ ਸਥਾਨ ਰੱਖਦਾ ਹੈ।

ਗਿਆਨੀ ਬਲਵਿੰਦਰ ਸਿੰਘ ਨੇ ਸੰਗਤ ਨੂੰ ਅਪੀਲ ਕੀਤੀ ਕਿ ਭਾਈ ਮਨੀ ਸਿੰਘ ਜੀ ਦੇ ਜੀਵਨ ਤੋਂ ਪ੍ਰੇਰਣਾ ਲੈਂਦਿਆਂ ਗੁਰੂ ਸਾਹਿਬਾਨ ਦੇ ਦਰਸਾਏ ਮਾਰਗ 'ਤੇ ਚੱਲਿਆ ਜਾਵੇ ਅਤੇ ਸੱਚ, ਨਿਆਂ, ਸੇਵਾ ਅਤੇ ਸਿੱਖੀ ਸਿਧਾਂਤਾਂ ਨੂੰ ਆਪਣੇ ਜੀਵਨ ਦਾ ਅਹਿਮ ਹਿੱਸਾ ਬਣਾਇਆ ਜਾਵੇ।

ਧਾਰਮਿਕ ਦੀਵਾਨ ਦੌਰਾਨ ਪ੍ਰਚਾਰਕ-ਕਮ-ਨਿਗਰਾਨ ਭਾਈ ਬਲਵੰਤ ਸਿੰਘ ਐਨੋਕੋਟ ਨੇ ਵੀ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ ਅਤੇ ਭਾਈ ਮਨੀ ਸਿੰਘ ਜੀ ਦੇ ਜੀਵਨ ਤੋਂ ਮਿਲਣ ਵਾਲੀਆਂ ਸਿੱਖਿਆਵਾਂ ਨੂੰ ਉਜਾਗਰ ਕੀਤਾ। ਇਸ ਤੋਂ ਇਲਾਵਾ ਢਾਡੀ ਜਥਿਆਂ ਨੇ ਸਿੱਖ ਇਤਿਹਾਸ ਨਾਲ ਸਬੰਧਤ ਵਾਰਾਂ ਅਤੇ ਕਥਾਵਾਂ ਰਾਹੀਂ ਭਾਈ ਮਨੀ ਸਿੰਘ ਜੀ ਦੀ ਸ਼ਹਾਦਤ ਅਤੇ ਸਿੱਖ ਕੌਮ ਦੇ ਮਹਾਨ ਬਲਿਦਾਨਾਂ ਨੂੰ ਭਾਵਪੂਰਤ ਢੰਗ ਨਾਲ ਪੇਸ਼ ਕੀਤਾ।

ਸਮਾਗਮ ਦੌਰਾਨ ਸਮੂਹ ਸੰਗਤ ਨੇ ਸ਼ਹੀਦ ਭਾਈ ਮਨੀ ਸਿੰਘ ਜੀ ਦੀ ਲਾਸਾਨੀ ਕੁਰਬਾਨੀ ਨੂੰ ਨਮਨ ਕਰਦਿਆਂ ਸਿੱਖੀ ਮੁੱਲਾਂ ਅਤੇ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ 'ਤੇ ਅਮਲ ਕਰਨ ਦਾ ਸੰਕਲਪ ਵੀ ਦੁਹਰਾਇਆ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.