ਤਾਜਾ ਖਬਰਾਂ
ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਨੇ ਲੁਧਿਆਣਾ ਵਿੱਚ ਕੀਤੀ ਪ੍ਰੈੱਸ ਕਾਨਫਰੰਸ ਦੌਰਾਨ 15 ਜੁਲਾਈ ਨੂੰ ਵੱਡੇ ਪੱਧਰ 'ਤੇ ਸੰਘਰਸ਼ ਕਰਨ ਦਾ ਐਲਾਨ ਕੀਤਾ ਹੈ। ਯੂਨੀਅਨ ਆਗੂਆਂ ਨੇ ਦੱਸਿਆ ਕਿ ਉਸ ਦਿਨ ਮੱਤੇਵਾੜਾ ਦਾਣਾ ਮੰਡੀ ਤੋਂ ਵਿਸ਼ਾਲ ਮੋਟਰਸਾਈਕਲ ਮਾਰਚ ਕੱਢਿਆ ਜਾਵੇਗਾ, ਜਿਸ ਤੋਂ ਬਾਅਦ ਲੁਧਿਆਣਾ-ਦਿੱਲੀ ਨੈਸ਼ਨਲ ਹਾਈਵੇਅ ਨੂੰ ਜਾਮ ਕਰਕੇ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਨੀਤੀਆਂ ਵਿਰੁੱਧ ਰੋਸ ਪ੍ਰਗਟਾਇਆ ਜਾਵੇਗਾ।
ਕਿਸਾਨ ਆਗੂਆਂ ਨੇ ਦੋਸ਼ ਲਾਇਆ ਕਿ ਕੇਂਦਰ ਸਰਕਾਰ ਦੀਆਂ ਨੀਤੀਆਂ ਕਾਰਨ ਦੇਸ਼ ਦਾ ਖੇਤੀਬਾੜੀ ਖੇਤਰ ਗੰਭੀਰ ਸੰਕਟ ਦਾ ਸਾਹਮਣਾ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਪ੍ਰਸਤਾਵਿਤ ਭਾਰਤ-ਅਮਰੀਕਾ ਵਪਾਰ ਸਮਝੌਤਾ ਲਾਗੂ ਹੋਣ ਨਾਲ ਖੇਤੀ ਸੈਕਟਰ ਨੂੰ ਵੱਡਾ ਨੁਕਸਾਨ ਹੋਵੇਗਾ ਅਤੇ ਇਸ ਦਾ ਅਸਰ ਸਿਰਫ਼ ਕਿਸਾਨਾਂ ਹੀ ਨਹੀਂ, ਸਗੋਂ ਖੇਤ ਮਜ਼ਦੂਰਾਂ ਅਤੇ ਵਪਾਰੀਆਂ 'ਤੇ ਵੀ ਪਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਦੇਸ਼ ਦੀਆਂ ਮੌਜੂਦਾ ਨੀਤੀਆਂ ਕਾਰਨ ਭਾਰਤ ਆਰਥਿਕ ਅਤੇ ਰਣਨੀਤਿਕ ਪੱਧਰ 'ਤੇ ਕਮਜ਼ੋਰ ਹੋ ਰਿਹਾ ਹੈ।
ਪ੍ਰੈੱਸ ਕਾਨਫਰੰਸ ਦੌਰਾਨ ਕਿਸਾਨਾਂ ਨੇ ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਨੀਤੀ ਦਾ ਵੀ ਤਿੱਖਾ ਵਿਰੋਧ ਕੀਤਾ। ਉਨ੍ਹਾਂ ਕਿਹਾ ਕਿ ਇਸ ਨੀਤੀ ਰਾਹੀਂ ਸਰਕਾਰ ਕਿਸਾਨਾਂ ਦੀ ਜ਼ਮੀਨ ਹਾਸਲ ਕਰਨ ਦੀ ਕੋਸ਼ਿਸ਼ ਕਰ ਰਹੀ ਹੈ, ਜਿਸ ਨੂੰ ਉਹ ਕਿਸੇ ਵੀ ਕੀਮਤ 'ਤੇ ਸਵੀਕਾਰ ਨਹੀਂ ਕਰਨਗੇ। ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਲੈਂਡ ਪੂਲਿੰਗ ਨੀਤੀ ਨੂੰ ਤੁਰੰਤ ਵਾਪਸ ਲਿਆ ਜਾਵੇ।
ਇਸ ਤੋਂ ਇਲਾਵਾ, ਕਿਸਾਨਾਂ ਨੇ ਮਨਰੇਗਾ ਸਕੀਮ ਦੇ ਨਾਮ ਵਿੱਚ ਕੀਤੀ ਜਾ ਰਹੀ ਤਬਦੀਲੀ ਦਾ ਵੀ ਵਿਰੋਧ ਕੀਤਾ। ਉਨ੍ਹਾਂ ਐਲਾਨ ਕੀਤਾ ਕਿ ਮਨੁੱਖੀ ਅਧਿਕਾਰ ਕਾਰਕੁਨ ਜਸਵੰਤ ਸਿੰਘ ਖਾਲੜਾ ਦੇ ਜੀਵਨ 'ਤੇ ਆਧਾਰਿਤ ਫਿਲਮ 'ਸਤਲੁਜ' ਨੂੰ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਦੇ ਹਰ ਪਿੰਡ ਵਿੱਚ ਵਿਖਾਇਆ ਜਾਵੇਗਾ ਤਾਂ ਜੋ ਲੋਕਾਂ ਨੂੰ ਇਸ ਦੇ ਸੰਦੇਸ਼ ਨਾਲ ਜੋੜਿਆ ਜਾ ਸਕੇ।
ਕਿਸਾਨ ਯੂਨੀਅਨ ਨੇ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ 'ਤੇ ਗੰਭੀਰਤਾ ਨਾਲ ਵਿਚਾਰ ਨਾ ਕੀਤਾ ਗਿਆ ਤਾਂ ਆਉਣ ਵਾਲੇ ਸਮੇਂ ਵਿੱਚ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।
Get all latest content delivered to your email a few times a month.