ਤਾਜਾ ਖਬਰਾਂ
ਆਮ ਆਦਮੀ ਪਾਰਟੀ (AAP) ਪੰਜਾਬ ਦੇ ਮੀਡੀਆ ਇੰਚਾਰਜ ਅਤੇ ਜਨਰਲ ਸਕੱਤਰ ਬਲਤੇਜ ਪੰਨੂ ਨੇ ਜਸਵੰਤ ਸਿੰਘ ਖਾਲੜਾ ਹੱਤਿਆਕਾਂਡ ਦੇ ਦੋਸ਼ੀ ਸਾਬਕਾ ਡੀਐਸਪੀ ਜਸਪਾਲ ਸਿੰਘ ਦੀ ਸਜ਼ਾ ਮੁਆਫ਼ੀ ਨੂੰ ਲੈ ਕੇ ਚੱਲ ਰਹੇ ਵਿਵਾਦ 'ਤੇ ਪ੍ਰੈਸ ਕਾਨਫਰੰਸ ਕਰਦਿਆਂ ਅਕਾਲੀ ਦਲ 'ਤੇ ਤਿੱਖਾ ਹਮਲਾ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਇਸ ਮਾਮਲੇ ਵਿੱਚ ਨਾ ਤਾਂ ਕੋਈ ਫਾਈਲ ਸਾਈਨ ਕੀਤੀ ਹੈ ਅਤੇ ਨਾ ਹੀ ਰਾਜਪਾਲ ਕੋਲ ਭੇਜੀ ਹੈ। ਪੰਨੂ ਨੇ ਦੋਸ਼ ਲਗਾਇਆ ਕਿ ਅਕਾਲੀ ਦਲ ਆਪਣੀਆਂ ਪੁਰਾਣੀਆਂ ਨਾਕਾਮੀਆਂ ਅਤੇ ਭੂਮਿਕਾ ਤੋਂ ਧਿਆਨ ਹਟਾਉਣ ਲਈ ਸੋਸ਼ਲ ਮੀਡੀਆ ਰਾਹੀਂ ਰੋਜ਼ ਨਵੇਂ ਝੂਠੇ ਦਾਅਵੇ ਕਰ ਰਿਹਾ ਹੈ।
ਪੰਨੂ ਨੇ ਫ਼ਿਲਮ 'ਸਤਲੁਜ' ਅਤੇ ਬੀਬੀ ਪਰਮਜੀਤ ਕੌਰ ਖਾਲੜਾ ਦੇ ਬਿਆਨਾਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਉਨ੍ਹਾਂ ਖ਼ੁਦ ਦੱਸਿਆ ਸੀ ਕਿ 1996 ਵਿੱਚ ਬਾਦਲ ਸਰਕਾਰ ਤੋਂ ਜਸਵੰਤ ਸਿੰਘ ਖਾਲੜਾ ਨੂੰ ਲੱਭਣ ਲਈ ਉਮੀਦਾਂ ਸਨ, ਪਰ ਸਰਕਾਰ ਬਣਨ ਤੋਂ ਬਾਅਦ ਕੋਈ ਠੋਸ ਕਾਰਵਾਈ ਨਹੀਂ ਹੋਈ। ਉਨ੍ਹਾਂ ਦੇ ਮੁਤਾਬਕ, ਉਸ ਸਮੇਂ ਉਨ੍ਹਾਂ ਨੂੰ ਚੇਅਰਮੈਨੀ ਦੇ ਕੇ ਚੁੱਪ ਰਹਿਣ ਦੀ ਸਲਾਹ ਦਿੱਤੀ ਗਈ ਸੀ। AAP ਨੇ ਦਾਅਵਾ ਕੀਤਾ ਕਿ ਇਹ ਘਟਨਾਵਾਂ ਅਕਾਲੀ ਦਲ ਦੇ ਰਵੱਈਏ ਨੂੰ ਬੇਨਕਾਬ ਕਰਦੀਆਂ ਹਨ।
ਕਾਨੂੰਨੀ ਪੱਖ ਰੱਖਦਿਆਂ ਬਲਤੇਜ ਪੰਨੂ ਨੇ ਕਿਹਾ ਕਿ ਜਸਵੰਤ ਸਿੰਘ ਖਾਲੜਾ ਹੱਤਿਆਕਾਂਡ ਦੀ ਜਾਂਚ ਸੀਬੀਆਈ ਨੇ ਕੀਤੀ ਸੀ, ਇਸ ਲਈ ਦੋਸ਼ੀ ਦੀ ਸਮੇਂ ਤੋਂ ਪਹਿਲਾਂ ਰਿਹਾਈ ਦਾ ਫੈਸਲਾ ਕੇਂਦਰੀ ਗ੍ਰਹਿ ਮੰਤਰਾਲੇ ਦੇ ਅਧਿਕਾਰ ਖੇਤਰ ਵਿੱਚ ਆਉਂਦਾ ਹੈ। ਉਨ੍ਹਾਂ ਦੱਸਿਆ ਕਿ ਦੋਸ਼ੀ ਜਸਪਾਲ ਸਿੰਘ ਵੱਲੋਂ 2017 ਵਿੱਚ ਦਿੱਤੀ ਗਈ ਰਿਹਾਈ ਦੀ ਅਰਜ਼ੀ ਨੂੰ ਕੇਂਦਰੀ ਗ੍ਰਹਿ ਮੰਤਰਾਲੇ ਨੇ ਮਾਰਚ 2023 ਵਿੱਚ ਰੱਦ ਕਰ ਦਿੱਤਾ ਸੀ ਅਤੇ ਬਾਅਦ ਵਿੱਚ ਮਾਮਲਾ ਮੁੜ ਕੇਂਦਰ ਕੋਲ ਗਿਆ। ਪੰਨੂ ਨੇ ਕਿਹਾ ਕਿ ਜਦੋਂ ਪੰਜਾਬ ਸਰਕਾਰ ਕੋਲ ਇਸ ਸਬੰਧੀ ਕੋਈ ਫਾਈਲ ਆਈ ਹੀ ਨਹੀਂ, ਤਾਂ ਮੁੱਖ ਮੰਤਰੀ ਵੱਲੋਂ ਉਸ 'ਤੇ ਦਸਤਖਤ ਕਰਨ ਦੇ ਦਾਅਵੇ ਬੇਬੁਨਿਆਦ ਅਤੇ ਗੁਮਰਾਹਕੁੰਨ ਹਨ। AAP ਨੇ ਅਕਾਲੀ ਦਲ ਨੂੰ ਤੱਥਾਂ ਦੇ ਆਧਾਰ 'ਤੇ ਰਾਜਨੀਤੀ ਕਰਨ ਅਤੇ ਲੋਕਾਂ ਵਿੱਚ ਭਰਮ ਨਾ ਫੈਲਾਉਣ ਦੀ ਅਪੀਲ ਵੀ ਕੀਤੀ।
Get all latest content delivered to your email a few times a month.