ਤਾਜਾ ਖਬਰਾਂ
ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ 650ਵੀਂ ਪਵਿੱਤਰ ਜਨਮ ਸ਼ਤਾਬਦੀ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਤਹਿਤ ਪੰਜਾਬ ਸਰਕਾਰ ਵੱਲੋਂ ਸੂਬਾ ਭਰ ਵਿੱਚ ਵਿਸ਼ੇਸ਼ ਪ੍ਰਚਾਰ ਮੁਹਿੰਮ ਸ਼ੁਰੂ ਕੀਤੀ ਗਈ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਗੁਰੂ ਰਵਿਦਾਸ ਜੀ ਦੇ ਜੀਵਨ, ਉਨ੍ਹਾਂ ਦੇ ਉਪਦੇਸ਼ਾਂ ਅਤੇ ਸਮਾਜਿਕ ਬਰਾਬਰੀ ਦੇ ਸੰਦੇਸ਼ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਇੱਕ ਵਿਸ਼ੇਸ਼ ਡੌਕੂਮੈਂਟਰੀ ਫ਼ਿਲਮ ਤਿਆਰ ਕੀਤੀ ਗਈ ਹੈ। ਇਸ ਫ਼ਿਲਮ ਨੂੰ ਪੰਜਾਬ ਦੇ ਹਰ ਪਿੰਡ ਅਤੇ ਸ਼ਹਿਰ ਤੱਕ ਪਹੁੰਚਾਉਣ ਲਈ ਪ੍ਰਚਾਰ ਵੈਨਾਂ ਨੂੰ ਰਵਾਨਾ ਕੀਤਾ ਜਾ ਰਿਹਾ ਹੈ।
ਇਸੇ ਤਹਿਤ ਪਠਾਨਕੋਟ ਜ਼ਿਲ੍ਹੇ ਵਿੱਚ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਇੱਕ ਵਿਸ਼ੇਸ਼ ਪ੍ਰਚਾਰ ਵੈਨ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਮੌਕੇ ਉਨ੍ਹਾਂ ਪਿੰਡ ਕਟਾਰੂਚੱਕ ਵਿੱਚ ਪਿੰਡ ਵਾਸੀਆਂ ਨਾਲ ਬੈਠ ਕੇ ਗੁਰੂ ਰਵਿਦਾਸ ਜੀ ਦੇ ਜੀਵਨ 'ਤੇ ਆਧਾਰਿਤ ਡੌਕੂਮੈਂਟਰੀ ਫ਼ਿਲਮ ਵੀ ਦੇਖੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜਿੱਥੇ ਵੀ ਇਹ ਵੈਨ ਪਹੁੰਚੇ, ਉੱਥੇ ਵੱਡੀ ਗਿਣਤੀ ਵਿੱਚ ਇਕੱਠੇ ਹੋ ਕੇ ਫ਼ਿਲਮ ਦੇਖਣ ਅਤੇ ਗੁਰੂ ਸਾਹਿਬ ਦੇ ਮਨੁੱਖਤਾ, ਸਮਾਨਤਾ ਅਤੇ ਭਾਈਚਾਰੇ ਦੇ ਸੰਦੇਸ਼ ਨੂੰ ਆਪਣੇ ਜੀਵਨ ਵਿੱਚ ਅਪਣਾਉਣ।
ਪ੍ਰੈਸ ਨਾਲ ਗੱਲਬਾਤ ਦੌਰਾਨ ਮੰਤਰੀ ਕਟਾਰੂਚੱਕ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਅੰਮ੍ਰਿਤਸਰ ਦੇ ਵੱਲਾ ਵਿਖੇ ਗੁਰੂ ਰਵਿਦਾਸ ਮਹਾਰਾਜ ਜੀ ਦੀ ਬਾਣੀ ਦੇ ਅਧਿਐਨ ਅਤੇ ਖੋਜ ਲਈ 11 ਕਰੋੜ ਰੁਪਏ ਦੀ ਲਾਗਤ ਨਾਲ 10 ਏਕੜ ਜ਼ਮੀਨ ਖਰੀਦੀ ਗਈ ਹੈ। ਇਸ ਜ਼ਮੀਨ 'ਤੇ ਇੱਕ ਆਧੁਨਿਕ ਖੋਜ ਅਤੇ ਅਧਿਐਨ ਕੇਂਦਰ ਸਥਾਪਤ ਕੀਤਾ ਜਾਵੇਗਾ, ਜਿੱਥੇ ਗੁਰੂ ਸਾਹਿਬ ਦੀ ਬਾਣੀ ਅਤੇ ਫਲਸਫ਼ੇ 'ਤੇ ਵਿਸਥਾਰ ਨਾਲ ਖੋਜ ਕੀਤੀ ਜਾਵੇਗੀ।
ਉਨ੍ਹਾਂ ਇਹ ਵੀ ਕਿਹਾ ਕਿ ਸੂਬੇ ਦੇ ਕਾਲਜਾਂ ਅਤੇ ਯੂਨੀਵਰਸਿਟੀਆਂ ਵਿੱਚ ਗੁਰੂ ਰਵਿਦਾਸ ਜੀ ਦੇ ਵਿਚਾਰਾਂ ਅਤੇ ਮਨੁੱਖਤਾਵਾਦੀ ਸੰਦੇਸ਼ ਨੂੰ ਨੌਜਵਾਨ ਪੀੜ੍ਹੀ ਤੱਕ ਪਹੁੰਚਾਉਣ ਲਈ ਸੈਮੀਨਾਰ ਅਤੇ ਵਿਚਾਰ-ਚਰਚਾਵਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਪੰਜਾਬ ਸਰਕਾਰ ਦਾ ਉਦੇਸ਼ ਗੁਰੂ ਰਵਿਦਾਸ ਮਹਾਰਾਜ ਜੀ ਦੀ ਸਿੱਖਿਆ ਨੂੰ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚਾ ਕੇ ਸਮਾਜ ਵਿੱਚ ਸਮਾਨਤਾ, ਸਦਭਾਵਨਾ ਅਤੇ ਭਾਈਚਾਰੇ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨਾ ਹੈ।
Get all latest content delivered to your email a few times a month.