ਤਾਜਾ ਖਬਰਾਂ
ਪੰਜਾਬੀ ਅਦਾਕਾਰ ਤੇ ਗਾਇਕ ਦਿਲਜੀਤ ਦੁਸਾਂਝ ਦੀ ਨਵੀਂ ਫ਼ਿਲਮ ‘ਸਤਲੁਜ’ ‘ਤੇ ਲਗਾਈ ਗਈ ਪਾਬੰਦੀ ਨੂੰ ਲੈ ਕੇ ਸਿੱਖ ਜਗਤ ਵਿੱਚ ਰੋਸ ਦੀ ਅੱਗ ਲਗਾਤਾਰ ਭਖਦੀ ਜਾ ਰਹੀ ਹੈ। ਇਸ ਵਿਵਾਦ ਦਰਮਿਆਨ ਹੁਣ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਇੱਕ ਵੱਡਾ ਐਲਾਨ ਕਰਦਿਆਂ ਗੁਰੂ ਨਗਰੀ ਅੰਮ੍ਰਿਤਸਰ ਵਿੱਚ ਇੱਕ ਵਿਸ਼ਾਲ ਰੋਸ ਮਾਰਚ ਕੱਢਣ ਦਾ ਫੈਸਲਾ ਕੀਤਾ ਹੈ। ਐੱਸ.ਜੀ.ਪੀ.ਸੀ. ਦੇ ਨੁਮਾਇੰਦੇ ਵੱਖ-ਵੱਖ ਇਲਾਕਿਆਂ ਵਿੱਚੋਂ ਹੁੰਦੇ ਹੋਏ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ (DC) ਦਫ਼ਤਰ ਤੱਕ ਪਹੁੰਚਣਗੇ ਅਤੇ ਸਰਕਾਰ ਦੇ ਨਾਮ ਇੱਕ ਮੰਗ ਪੱਤਰ ਸੌਂਪ ਕੇ ਫ਼ਿਲਮ ਤੋਂ ਪਾਬੰਦੀ ਤੁਰੰਤ ਹਟਾਉਣ ਦੀ ਮੰਗ ਕਰਨਗੇ। ਕਮੇਟੀ ਨੇ ਸਾਫ਼ ਕੀਤਾ ਹੈ ਕਿ ਇਹ ਪ੍ਰਦਰਸ਼ਨ ਪੂਰੀ ਤਰ੍ਹਾਂ ਸ਼ਾਂਤਮਈ ਰਹੇਗਾ।
ਜ਼ਿਕਰਯੋਗ ਹੈ ਕਿ ਮਨੁੱਖੀ ਅਧਿਕਾਰਾਂ ਦੇ ਰਾਖੇ ਭਾਈ ਜਸਵੰਤ ਸਿੰਘ ਖਾਲੜਾ ਦੇ ਜੀਵਨ ਅਤੇ ਇਤਿਹਾਸਕ ਤੱਥਾਂ 'ਤੇ ਆਧਾਰਿਤ ਇਸ ਫ਼ਿਲਮ ਨੂੰ ਪ੍ਰਸਿੱਧ ਓ.ਟੀ.ਟੀ. ਪਲੇਟਫਾਰਮ 'Zee5' 'ਤੇ ਰਿਲੀਜ਼ ਕੀਤਾ ਗਿਆ ਸੀ। ਪਰ ਰਿਲੀਜ਼ ਦੇ ਮਹਿਜ਼ ਦੋ ਦਿਨਾਂ ਬਾਅਦ ਹੀ ਅਚਾਨਕ ਇਸ ਨੂੰ ਪਲੇਟਫਾਰਮ ਤੋਂ ਹਟਾ ਦਿੱਤਾ ਗਿਆ, ਜਿਸ ਕਾਰਨ ਫ਼ਿਲਮ ਪ੍ਰੇਮੀਆਂ ਅਤੇ ਸਿੱਖ ਕੌਮ ਵਿੱਚ ਭਾਰੀ ਨਾਰਾਜ਼ਗੀ ਹੈ। ਐੱਸ.ਜੀ.ਪੀ.ਸੀ. ਵੱਲੋਂ ਕੱਢੇ ਜਾ ਰਹੇ ਇਸ ਰੋਸ ਮਾਰਚ ਦਾ ਮੁੱਖ ਉਦੇਸ਼ ਡਿਜੀਟਲ ਪਲੇਟਫਾਰਮਾਂ 'ਤੇ ਲਗਾਈਆਂ ਅਜਿਹੀਆਂ ਅਣਐਲਾਨੀਆਂ ਪਾਬੰਦੀਆਂ ਦਾ ਸਖ਼ਤ ਵਿਰੋਧ ਦਰਜ ਕਰਵਾਉਣਾ ਅਤੇ ਫ਼ਿਲਮ ਨੂੰ ਮੁੜ ਜਨਤਕ ਕਰਵਾਉਣਾ ਹੈ।
ਮੀਡੀਆ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਨੇ ਕਿਹਾ ਕਿ ‘ਸਤਲੁਜ’ ਫ਼ਿਲਮ ਨੂੰ ਲੈ ਕੇ ਇਸ ਵੇਲੇ ਪੂਰੇ ਸਿੱਖ ਸਮਾਜ ਅਤੇ ਸੰਗਤਾਂ ਵਿੱਚ ਡੂੰਘੀ ਚਰਚਾ ਚੱਲ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਇਹ ਫ਼ਿਲਮ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਅਤੇ ਪੰਜਾਬ ਦੇ ਇੱਕ ਇਤਿਹਾਸਕ ਦੌਰ ਦੇ ਸੱਚ ਨੂੰ ਸਾਹਮਣੇ ਲਿਆਉਂਦੀ ਹੈ, ਜਿਸ ਕਾਰਨ ਕੁਝ ਤਾਕਤਾਂ ਸੱਚ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਤਿਹਾਸਿਕ ਤੱਥਾਂ 'ਤੇ ਰੋਕ ਲਗਾਉਣਾ ਪ੍ਰਗਟਾਵੇ ਦੀ ਆਜ਼ਾਦੀ ਦਾ ਘਾਣ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਜਦੋਂ ਤੱਕ ਇਹ ਰੋਕ ਹਟਾਈ ਨਹੀਂ ਜਾਂਦੀ, ਉਦੋਂ ਤੱਕ ਕਾਨੂੰਨੀ ਅਤੇ ਸਮਾਜਿਕ ਪੱਧਰ 'ਤੇ ਵਿਰੋਧ ਜਾਰੀ ਰਹੇਗਾ।
Get all latest content delivered to your email a few times a month.