ਤਾਜਾ ਖਬਰਾਂ
ਕਪੂਰਥਲਾ ਨਗਰ ਨਿਗਮ ਵਿੱਚ ਆਮ ਆਦਮੀ ਪਾਰਟੀ (AAP) ਨੇ ਆਪਣੀ ਸਿਆਸੀ ਪਕੜ ਹੋਰ ਮਜ਼ਬੂਤ ਕਰਦਿਆਂ ਨਵੀਂ ਟੀਮ ਨੇ ਸ਼ੁੱਕਰਵਾਰ ਨੂੰ ਰਸਮੀ ਤੌਰ 'ਤੇ ਅਹੁਦਾ ਸੰਭਾਲ ਲਿਆ। ਨਵ-ਨਿਯੁਕਤ ਮੇਅਰ ਨਰਿੰਦਰ ਸਿੰਘ ਮੰਸੂ, ਸੀਨੀਅਰ ਡਿਪਟੀ ਮੇਅਰ ਕਾਮਾਕਸ਼ੀ ਦੁੱਗਲ ਅਤੇ ਡਿਪਟੀ ਮੇਅਰ ਸਮੀਰ ਸ਼ਰਮਾ ਨੇ ਸ਼ਾਨਦਾਰ ਸਮਾਗਮ ਦੌਰਾਨ ਆਪਣੇ ਅਹੁਦਿਆਂ ਦੀ ਜ਼ਿੰਮੇਵਾਰੀ ਸੰਭਾਲੀ। ਸਮਾਗਮ ਵਿੱਚ ਪੰਜਾਬ ਦੇ ਟਰਾਂਸਪੋਰਟ ਅਤੇ ਸਥਾਨਕ ਸਰਕਾਰਾਂ ਬਾਰੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਅਤੇ ਹੁਸ਼ਿਆਰਪੁਰ ਤੋਂ ਲੋਕ ਸਭਾ ਮੈਂਬਰ ਡਾ. ਰਾਜਕੁਮਾਰ ਚੱਬੇਵਾਲ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ।
ਇਸ ਮੌਕੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਨਵੀਂ ਟੀਮ ਨੂੰ ਵਧਾਈ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਕਪੂਰਥਲਾ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਨਵੀਂ ਟੀਮ ਦੇ ਕਾਰਜਭਾਰ ਸੰਭਾਲਣ ਨਾਲ ਸ਼ਹਿਰ ਦੀਆਂ ਬੁਨਿਆਦੀ ਸਹੂਲਤਾਂ ਵਿੱਚ ਸੁਧਾਰ ਹੋਵੇਗਾ ਅਤੇ ਲੰਬੇ ਸਮੇਂ ਤੋਂ ਰੁਕੇ ਵਿਕਾਸ ਕਾਰਜਾਂ ਨੂੰ ਰਫ਼ਤਾਰ ਮਿਲੇਗੀ।
ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਮੰਤਰੀ ਮੁੰਡੀਆਂ ਨੇ ਕਾਂਗਰਸੀ ਵਿਧਾਇਕ ਰਾਣਾ ਗੁਰਜੀਤ ਸਿੰਘ ਵੱਲੋਂ ਨਗਰ ਨਿਗਮ ਚੋਣਾਂ ਨੂੰ ਲੈ ਕੇ ਲਗਾਏ ਗਏ ਧਾਂਦਲੀ ਦੇ ਦੋਸ਼ਾਂ ਨੂੰ ਸਿਰੇ ਤੋਂ ਰੱਦ ਕਰ ਦਿੱਤਾ। ਉਨ੍ਹਾਂ ਕਿਹਾ ਕਿ ਚੋਣਾਂ ਪੂਰੀ ਤਰ੍ਹਾਂ ਨਿਰਪੱਖ ਅਤੇ ਲੋਕਤੰਤਰੀ ਢੰਗ ਨਾਲ ਹੋਈਆਂ ਹਨ। ਰਾਣਾ ਗੁਰਜੀਤ 'ਤੇ ਤਨਜ਼ ਕਰਦਿਆਂ ਉਨ੍ਹਾਂ ਕਿਹਾ, "ਕੀ ਰਾਣਾ ਗੁਰਜੀਤ ਵਰਗੇ ਪ੍ਰਭਾਵਸ਼ਾਲੀ ਆਗੂ ਨਾਲ ਵੀ ਕੋਈ ਧੱਕਾ ਕਰ ਸਕਦਾ ਹੈ?" ਉਨ੍ਹਾਂ ਦਾਅਵਾ ਕੀਤਾ ਕਿ ਕਪੂਰਥਲਾ ਦੀ ਜਨਤਾ ਨੇ ਕਾਂਗਰਸ ਦੀਆਂ ਨੀਤੀਆਂ ਨੂੰ ਨਕਾਰਦੇ ਹੋਏ ਆਮ ਆਦਮੀ ਪਾਰਟੀ 'ਤੇ ਭਰੋਸਾ ਜਤਾਇਆ ਹੈ।
ਉਧਰ, ਨਵੇਂ ਮੇਅਰ ਨਰਿੰਦਰ ਸਿੰਘ ਮੰਸੂ ਨੇ ਕਿਹਾ ਕਿ ਉਨ੍ਹਾਂ ਦੀ ਪਹਿਲੀ ਤਰਜੀਹ ਸ਼ਹਿਰ ਦੀ ਸਫ਼ਾਈ ਵਿਵਸਥਾ ਵਿੱਚ ਸੁਧਾਰ, ਸੀਵਰੇਜ ਨਾਲ ਜੁੜੀਆਂ ਸਮੱਸਿਆਵਾਂ ਦਾ ਹੱਲ ਅਤੇ ਲੋਕਾਂ ਦੀਆਂ ਰੋਜ਼ਾਨਾ ਦੀਆਂ ਮੁਸ਼ਕਲਾਂ ਨੂੰ ਤੁਰੰਤ ਦੂਰ ਕਰਨਾ ਹੋਵੇਗੀ। ਉਨ੍ਹਾਂ ਕਿਹਾ ਕਿ ਕਾਂਗਰਸ ਵਿੱਚ ਰਹਿੰਦੇ ਹੋਏ ਉਹ ਲੋਕਾਂ ਲਈ ਕੰਮ ਤਾਂ ਕਰਦੇ ਰਹੇ, ਪਰ ਲੋੜੀਂਦੀ ਸਿਆਸੀ ਤਾਕਤ ਦੀ ਕਮੀ ਕਾਰਨ ਕਈ ਫ਼ੈਸਲੇ ਨਹੀਂ ਲੈ ਸਕੇ। ਹੁਣ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਤੋਂ ਬਾਅਦ ਉਹ ਖੁਦ ਨੂੰ ਵਧੇਰੇ ਮਜ਼ਬੂਤ ਮਹਿਸੂਸ ਕਰ ਰਹੇ ਹਨ ਅਤੇ ਬਿਨਾਂ ਕਿਸੇ ਭੇਦਭਾਵ ਦੇ ਸ਼ਹਿਰ ਦੇ ਵਿਕਾਸ ਲਈ ਕੰਮ ਕਰਨ ਦਾ ਭਰੋਸਾ ਦਿੱਤਾ।
Editor in Chief
ਕੱਪੜ ਛਾਣ
Get all latest content delivered to your email a few times a month.