IMG-LOGO
ਹੋਮ ਪੰਜਾਬ: "Compromised ਲੀਡਰ ਨਹੀਂ ਚਾਹੀਦਾ" – ਰੰਧਾਵਾ ਦੇ ਬਿਆਨ ਨਾਲ ਪੰਜਾਬ...

"Compromised ਲੀਡਰ ਨਹੀਂ ਚਾਹੀਦਾ" – ਰੰਧਾਵਾ ਦੇ ਬਿਆਨ ਨਾਲ ਪੰਜਾਬ ਕਾਂਗਰਸ 'ਚ ਨਵਾਂ ਸਿਆਸੀ ਤੂਫ਼ਾਨ

Admin User - Jul 11, 2026 04:16 PM
IMG

ਪੰਜਾਬ ਕਾਂਗਰਸ ਦੀ ਅੰਦਰੂਨੀ ਸਿਆਸਤ ਇੱਕ ਵਾਰ ਫਿਰ ਚਰਚਾ ਦਾ ਕੇਂਦਰ ਬਣ ਗਈ ਹੈ। ਪੰਜਾਬ ਕਾਂਗਰਸ ਦੇ ਇੰਚਾਰਜ ਭੂਪੇਸ਼ ਬਘੇਲ ਨਾਲ ਹੋਈ ਅਹਿਮ ਮੀਟਿੰਗ ਦੌਰਾਨ ਸਾਬਕਾ ਉਪ ਮੁੱਖ ਮੰਤਰੀ ਅਤੇ ਗੁਰਦਾਸਪੁਰ ਤੋਂ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਦੇ ਬਿਆਨ ਨੇ ਪਾਰਟੀ ਅੰਦਰ ਚੱਲ ਰਹੇ ਮਤਭੇਦਾਂ ਨੂੰ ਖੁੱਲ੍ਹ ਕੇ ਸਾਹਮਣੇ ਲਿਆ ਦਿੱਤਾ। ਰੰਧਾਵਾ ਨੇ ਕਿਹਾ ਕਿ ਪੰਜਾਬ ਨੂੰ ਅਜਿਹਾ ਆਗੂ ਚਾਹੀਦਾ ਹੈ ਜੋ ਸੂਬੇ ਦੇ ਮੁੱਦਿਆਂ 'ਤੇ ਬੇਬਾਕੀ ਨਾਲ ਆਪਣੀ ਗੱਲ ਰੱਖ ਸਕੇ, ਨਾ ਕਿ ਕੋਈ "Compromised" (ਸਮਝੌਤਾ ਕਰ ਚੁੱਕਿਆ) ਲੀਡਰ।

ਇਸ ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਵੀ ਮੌਜੂਦ ਸਨ। ਚੰਨੀ ਪਹਿਲਾਂ ਹੀ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਕਾਰਗੁਜ਼ਾਰੀ 'ਤੇ ਸਵਾਲ ਚੁੱਕ ਚੁੱਕੇ ਹਨ। ਹੁਣ ਰੰਧਾਵਾ ਦੇ ਬਿਆਨ ਨੂੰ ਵੀ ਚੰਨੀ ਧੜੇ ਦੇ ਉਸੇ ਰੁਖ ਦਾ ਸਮਰਥਨ ਮੰਨਿਆ ਜਾ ਰਿਹਾ ਹੈ, ਜਿਸ ਨਾਲ ਇਹ ਸੰਕੇਤ ਮਿਲਦਾ ਹੈ ਕਿ ਧੜਾ ਮੌਜੂਦਾ ਪ੍ਰਧਾਨਗੀ ਤੋਂ ਸੰਤੁਸ਼ਟ ਨਹੀਂ ਹੈ।

ਮੀਟਿੰਗ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਰੰਧਾਵਾ ਨੇ ਦੱਸਿਆ ਕਿ ਲਗਭਗ 92 ਸੀਨੀਅਰ ਆਗੂਆਂ, ਵਿਧਾਇਕਾਂ, ਸੰਸਦ ਮੈਂਬਰਾਂ ਅਤੇ ਹੋਰ ਅਹੁਦੇਦਾਰਾਂ ਨੇ ਮੀਟਿੰਗ ਵਿੱਚ ਹਿੱਸਾ ਲਿਆ। ਉਨ੍ਹਾਂ ਕਿਹਾ ਕਿ ਸਾਰੇ ਆਗੂਆਂ ਨੇ ਪੰਜਾਬ ਵਿੱਚ ਕਾਂਗਰਸ ਨੂੰ ਮੁੜ ਮਜ਼ਬੂਤ ਕਰਨ ਲਈ ਆਪਣੇ ਸੁਝਾਅ ਦਿੱਤੇ ਅਤੇ ਵਰਕਰਾਂ ਦੀਆਂ ਭਾਵਨਾਵਾਂ ਵੀ ਹਾਈਕਮਾਨ ਤੱਕ ਪਹੁੰਚਾਈਆਂ।

ਰੰਧਾਵਾ ਨੇ ਇਹ ਵੀ ਕਿਹਾ ਕਿ ਕਈ ਵਾਰ ਪਾਰਟੀ ਨੂੰ ਹਾਲਾਤ ਦੇ ਮੁਤਾਬਕ ਆਪਣੇ ਫ਼ੈਸਲੇ ਵਾਪਸ ਵੀ ਲੈਣੇ ਪੈਂਦੇ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਕਾਂਗਰਸ ਦਾ ਟੀਚਾ ਪੰਜਾਬ ਵਿੱਚ ਦੁਬਾਰਾ ਸਰਕਾਰ ਬਣਾਉਣਾ ਹੈ ਅਤੇ ਇਸ ਲਈ ਮਜ਼ਬੂਤ ਅਤੇ ਨਿਡਰ ਲੀਡਰਸ਼ਿਪ ਦੀ ਲੋੜ ਹੈ।

ਦੂਜੇ ਪਾਸੇ, ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਨੇ ਮੀਟਿੰਗ ਤੋਂ ਬਾਅਦ ਪਾਰਟੀ ਅੰਦਰ ਕਿਸੇ ਵੀ ਤਰ੍ਹਾਂ ਦੇ ਟਕਰਾਅ ਨੂੰ ਨਕਾਰਨ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਕਿਹਾ ਕਿ ਸਾਰੇ ਆਗੂ ਕਾਂਗਰਸ ਹਾਈਕਮਾਨ ਦੇ ਫ਼ੈਸਲਿਆਂ ਦਾ ਸਤਿਕਾਰ ਕਰਦੇ ਹਨ ਅਤੇ ਮੀਟਿੰਗ ਵਿੱਚ ਸਿਰਫ਼ ਸੰਗਠਨ ਨੂੰ ਹੋਰ ਮਜ਼ਬੂਤ ਬਣਾਉਣ ਸਬੰਧੀ ਸੁਝਾਵਾਂ 'ਤੇ ਚਰਚਾ ਹੋਈ। ਬਘੇਲ ਨੇ ਇਹ ਵੀ ਕਿਹਾ ਕਿ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਪ੍ਰਧਾਨ ਦੇ ਅਹੁਦੇ ਤੋਂ ਹਟਾਉਣ ਬਾਰੇ ਕੋਈ ਚਰਚਾ ਨਹੀਂ ਹੋਈ ਅਤੇ ਨਾ ਹੀ ਪਾਰਟੀ ਵਿੱਚ ਕੋਈ ਨਾਰਾਜ਼ਗੀ ਹੈ।

ਹਾਲਾਂਕਿ, ਰੰਧਾਵਾ ਦੇ "Compromised ਲੀਡਰ" ਵਾਲੇ ਬਿਆਨ ਨੇ ਸਿਆਸੀ ਹਲਕਿਆਂ ਵਿੱਚ ਨਵੀਂ ਚਰਚਾ ਛੇੜ ਦਿੱਤੀ ਹੈ। ਇਸ ਨਾਲ ਇਹ ਅਟਕਲਾਂ ਹੋਰ ਤੇਜ਼ ਹੋ ਗਈਆਂ ਹਨ ਕਿ ਪੰਜਾਬ ਕਾਂਗਰਸ ਵਿੱਚ ਲੀਡਰਸ਼ਿਪ ਨੂੰ ਲੈ ਕੇ ਮਤਭੇਦ ਅਜੇ ਵੀ ਬਰਕਰਾਰ ਹਨ। ਹੁਣ ਸਭ ਦੀ ਨਜ਼ਰ ਕਾਂਗਰਸ ਹਾਈਕਮਾਨ ਦੇ ਅਗਲੇ ਕਦਮ 'ਤੇ ਟਿਕੀ ਹੋਈ ਹੈ ਕਿ ਉਹ ਮੌਜੂਦਾ ਸਥਿਤੀ ਨੂੰ ਕਿਵੇਂ ਸੰਭਾਲਦੀ ਹੈ ਅਤੇ ਕੀ ਪੰਜਾਬ ਇਕਾਈ ਵਿੱਚ ਕਿਸੇ ਵੱਡੇ ਬਦਲਾਅ ਵੱਲ ਕਦਮ ਚੁੱਕੇ ਜਾਂਦੇ ਹਨ।

ਮੀਟਿੰਗ ਵਿੱਚ ਭੂਪੇਸ਼ ਬਘੇਲ, ਚਰਨਜੀਤ ਸਿੰਘ ਚੰਨੀ, ਸੁਖਜਿੰਦਰ ਸਿੰਘ ਰੰਧਾਵਾ, ਪ੍ਰਤਾਪ ਸਿੰਘ ਬਾਜਵਾ, ਪਰਗਟ ਸਿੰਘ, ਭਾਰਤ ਭੂਸ਼ਣ ਆਸ਼ੂ, ਓ.ਪੀ. ਸੋਨੀ, ਗੁਰਕੀਰਤ ਸਿੰਘ ਕੋਟਲੀ, ਰਜ਼ੀਆ ਸੁਲਤਾਨਾ, ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ, ਸ਼ੁਭਮ ਸ਼ਰਮਾ, ਈਸ਼ਰਪ੍ਰੀਤ ਸਿੰਘ ਸਮੇਤ ਕਈ ਮੌਜੂਦਾ ਅਤੇ ਸਾਬਕਾ ਵਿਧਾਇਕਾਂ, ਸੰਸਦ ਮੈਂਬਰਾਂ ਅਤੇ ਸੀਨੀਅਰ ਕਾਂਗਰਸੀ ਆਗੂਆਂ ਨੇ ਹਾਜ਼ਰੀ ਭਰੀ। ਮੀਟਿੰਗ ਵਿੱਚ ਪੰਜਾਬ ਵਿੱਚ ਪਾਰਟੀ ਦੇ ਸੰਗਠਨ ਨੂੰ ਮਜ਼ਬੂਤ ਕਰਨ ਅਤੇ ਆਉਣ ਵਾਲੀਆਂ ਸਿਆਸੀ ਚੁਣੌਤੀਆਂ ਦਾ ਮੁਕਾਬਲਾ ਕਰਨ ਦੀ ਰਣਨੀਤੀ 'ਤੇ ਵੀ ਵਿਚਾਰ ਕੀਤਾ ਗਿਆ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.