ਤਾਜਾ ਖਬਰਾਂ
1984 ਸਿੱਖ ਦੰਗਾ ਪੀੜਤ ਵੈਲਫੇਅਰ ਸੋਸਾਇਟੀ ਨੇ ਲੁਧਿਆਣਾ ਦੇ ਦੁੱਗਰੀ ਇਲਾਕੇ ਵਿੱਚ ਪ੍ਰੈੱਸ ਕਾਨਫਰੰਸ ਕਰਕੇ ਪੰਜਾਬ ਸਰਕਾਰ 'ਤੇ ਦੰਗਾ ਪੀੜਤਾਂ ਦੀ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਨੂੰ ਨਜ਼ਰਅੰਦਾਜ਼ ਕਰਨ ਦੇ ਗੰਭੀਰ ਦੋਸ਼ ਲਗਾਏ। ਸੋਸਾਇਟੀ ਦੇ ਆਗੂਆਂ ਨੇ ਕਿਹਾ ਕਿ ਸੱਤਾ ਵਿੱਚ ਆਏ ਸਾਢੇ ਚਾਰ ਸਾਲ ਤੋਂ ਵੱਧ ਸਮਾਂ ਬੀਤ ਜਾਣ ਦੇ ਬਾਵਜੂਦ ਸਰਕਾਰ ਨੇ ਨਾ ਤਾਂ ਦੰਗਾ ਪੀੜਤਾਂ ਨਾਲ ਕੋਈ ਅਰਥਪੂਰਨ ਗੱਲਬਾਤ ਕੀਤੀ ਹੈ ਅਤੇ ਨਾ ਹੀ ਉਨ੍ਹਾਂ ਦੀਆਂ ਮੁੱਖ ਮੰਗਾਂ ਦੇ ਹੱਲ ਲਈ ਕੋਈ ਢੁੱਕਵਾਂ ਕਦਮ ਚੁੱਕਿਆ ਹੈ।
ਆਗੂਆਂ ਨੇ ਦੱਸਿਆ ਕਿ ਸੈਕਟਰ-27 ਵਿੱਚ ਪੰਜ ਦੰਗਾ ਪੀੜਤ ਬੀਬੀਆਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਕਈ ਦਿਨਾਂ ਤੱਕ ਭੁੱਖ ਹੜਤਾਲ 'ਤੇ ਬੈਠੀਆਂ ਰਹੀਆਂ, ਪਰ ਸਰਕਾਰ ਦਾ ਕੋਈ ਵੀ ਨੁਮਾਇੰਦਾ ਉਨ੍ਹਾਂ ਦੀ ਸਾਰ ਲੈਣ ਨਹੀਂ ਪਹੁੰਚਿਆ। ਇਸ ਤੋਂ ਬਾਅਦ ਸੋਸਾਇਟੀ ਦੇ ਵਫ਼ਦ ਨੇ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕਰਕੇ ਪੀੜਤਾਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਤੋਂ ਜਾਣੂ ਕਰਵਾਇਆ। ਉਨ੍ਹਾਂ ਦੇ ਮੁਤਾਬਕ ਰਾਜਪਾਲ ਨੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਮੁੱਖ ਸਕੱਤਰ ਨੂੰ ਦੰਗਾ ਪੀੜਤਾਂ ਦੀਆਂ ਮੰਗਾਂ ਦੇ ਹੱਲ ਲਈ ਲੋੜੀਂਦੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ।
ਸੋਸਾਇਟੀ ਨੇ ਕਿਹਾ ਕਿ ਦੰਗਾ ਪੀੜਤ ਪਰਿਵਾਰ ਅੱਜ ਵੀ ਨੌਕਰੀਆਂ, ਮਕਾਨਾਂ ਅਤੇ ਬੂਥਾਂ ਦੀ ਅਲਾਟਮੈਂਟ ਵਰਗੀਆਂ ਬੁਨਿਆਦੀ ਮੰਗਾਂ ਦੇ ਪੂਰਾ ਹੋਣ ਦੀ ਉਡੀਕ ਕਰ ਰਹੇ ਹਨ। ਆਗੂਆਂ ਨੇ ਦੋਸ਼ ਲਗਾਇਆ ਕਿ ਉਨ੍ਹਾਂ ਨੂੰ ਅਜੇ ਤੱਕ ਮੁੱਖ ਮੰਤਰੀ ਨਾਲ ਮਿਲਣ ਦਾ ਸਮਾਂ ਵੀ ਨਹੀਂ ਦਿੱਤਾ ਗਿਆ। ਉਨ੍ਹਾਂ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਜਲਦ ਮੰਗਾਂ ਦਾ ਹੱਲ ਨਾ ਕੀਤਾ ਗਿਆ ਤਾਂ ਪੰਜਾਬ ਪੱਧਰ ਦੀ ਮੀਟਿੰਗ ਬੁਲਾ ਕੇ ਵੱਡੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ, ਜਿਸ ਦੀ ਪੂਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ।
Get all latest content delivered to your email a few times a month.