IMG-LOGO
ਹੋਮ ਪੰਜਾਬ: ਫਿਲਮ ‘ਸਤਲੁਜ’ ’ਤੇ ਪਾਬੰਦੀ ਦੇ ਵਿਰੋਧ ’ਚ ਅੰਮ੍ਰਿਤਸਰ ਸੜਕਾਂ ’ਤੇ...

ਫਿਲਮ ‘ਸਤਲੁਜ’ ’ਤੇ ਪਾਬੰਦੀ ਦੇ ਵਿਰੋਧ ’ਚ ਅੰਮ੍ਰਿਤਸਰ ਸੜਕਾਂ ’ਤੇ ਉਤਰੇ ਲੋਕ, ਪਾਬੰਦੀ ਹਟਾਉਣ ਦੀ ਉਠੀ ਜ਼ੋਰਦਾਰ ਮੰਗ

Admin User - Jul 12, 2026 03:30 PM
IMG

ਜਸਵੰਤ ਸਿੰਘ ਖਾਲੜਾ ਦੇ ਜੀਵਨ ਅਤੇ ਮਨੁੱਖੀ ਅਧਿਕਾਰਾਂ ਲਈ ਉਨ੍ਹਾਂ ਦੇ ਸੰਘਰਸ਼ ’ਤੇ ਆਧਾਰਿਤ ਫਿਲਮ ‘ਸਤਲੁਜ’ ’ਤੇ ਲੱਗੀ ਪਾਬੰਦੀ ਦੇ ਵਿਰੋਧ ਵਿੱਚ ਐਤਵਾਰ ਨੂੰ ਅੰਮ੍ਰਿਤਸਰ ਵਿੱਚ ਆਜ਼ਾਦ ਗਰੁੱਪ ਵੱਲੋਂ ਵਿਸ਼ਾਲ ਰੋਸ ਮਾਰਚ ਕੱਢਿਆ ਗਿਆ। ਇਹ ਮਾਰਚ ਭਾਈ ਸੰਜੀਤ ਸਿੰਘ ਸਨੀ ਦੀ ਅਗਵਾਈ ਅਤੇ ਭਾਈ ਮਨਜੀਤ ਸਿੰਘ ਦੀ ਦੇਖ-ਰੇਖ ਹੇਠ ਆਯੋਜਿਤ ਕੀਤਾ ਗਿਆ, ਜਿਸ ਵਿੱਚ ਵੱਡੀ ਗਿਣਤੀ ਵਿੱਚ ਨੌਜਵਾਨਾਂ, ਸ਼ਹੀਦੀ ਪਰਿਵਾਰਾਂ ਅਤੇ ਵੱਖ-ਵੱਖ ਸਮਾਜਿਕ ਤੇ ਧਾਰਮਿਕ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਹਿੱਸਾ ਲਿਆ।

ਰੋਸ ਮਾਰਚ ਗੋਲਡਨ ਗੇਟ ਇਲਾਕੇ ਤੋਂ ਸ਼ੁਰੂ ਹੋ ਕੇ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚੋਂ ਲੰਘਿਆ। ਪ੍ਰਦਰਸ਼ਨਕਾਰੀਆਂ ਨੇ ਹੱਥਾਂ ਵਿੱਚ ਬੈਨਰ ਅਤੇ ਤਖ਼ਤੀਆਂ ਫੜ ਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਫਿਲਮ ’ਤੇ ਲੱਗੀ ਪਾਬੰਦੀ ਤੁਰੰਤ ਹਟਾਉਣ ਦੀ ਮੰਗ ਕੀਤੀ। ਪ੍ਰਦਰਸ਼ਨ ਦੌਰਾਨ ਮਾਹੌਲ ਪੂਰੀ ਤਰ੍ਹਾਂ ਸ਼ਾਂਤਮਈ ਰਿਹਾ ਅਤੇ ਆਗੂਆਂ ਨੇ ਆਪਣੇ ਵਿਚਾਰ ਮੀਡੀਆ ਰਾਹੀਂ ਲੋਕਾਂ ਤੱਕ ਪਹੁੰਚਾਏ।

ਮੀਡੀਆ ਨਾਲ ਗੱਲਬਾਤ ਕਰਦਿਆਂ ਆਜ਼ਾਦ ਗਰੁੱਪ ਦੇ ਆਗੂਆਂ ਨੇ ਕਿਹਾ ਕਿ ਭਾਈ ਜਸਵੰਤ ਸਿੰਘ ਖਾਲੜਾ ਨੇ ਮਨੁੱਖੀ ਅਧਿਕਾਰਾਂ ਦੀ ਰੱਖਿਆ ਲਈ ਇਤਿਹਾਸਕ ਯੋਗਦਾਨ ਪਾਇਆ ਸੀ ਅਤੇ ਉਨ੍ਹਾਂ ਦੇ ਜੀਵਨ ਸੰਘਰਸ਼ ਨੂੰ ਨੌਜਵਾਨ ਪੀੜ੍ਹੀ ਤੱਕ ਪਹੁੰਚਾਉਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਦਾ ਮੰਨਣਾ ਹੈ ਕਿ ਇਤਿਹਾਸਕ ਅਤੇ ਸਮਾਜਿਕ ਮੁੱਦਿਆਂ ’ਤੇ ਬਣੀਆਂ ਫਿਲਮਾਂ ਬਾਰੇ ਫ਼ੈਸਲਾ ਕਰਨ ਦਾ ਹੱਕ ਲੋਕਾਂ ਨੂੰ ਹੋਣਾ ਚਾਹੀਦਾ ਹੈ, ਨਾ ਕਿ ਪਾਬੰਦੀਆਂ ਰਾਹੀਂ ਉਨ੍ਹਾਂ ਦੀ ਪਹੁੰਚ ਰੋਕੀ ਜਾਵੇ।

ਆਜ਼ਾਦ ਗਰੁੱਪ ਪੰਜਾਬ ਦੇ ਮੈਂਬਰ ਦਵਿੰਦਰ ਸਿੰਘ ਹਰਿਆਵਾਲਾ ਨੇ ਕਿਹਾ ਕਿ ਭਾਈ ਜਸਵੰਤ ਸਿੰਘ ਖਾਲੜਾ ਨੇ ਆਪਣੀ ਜਾਨ ਦੀ ਪਰਵਾਹ ਕੀਤੇ ਬਿਨਾਂ ਮਨੁੱਖੀ ਅਧਿਕਾਰਾਂ ਨਾਲ ਜੁੜੇ ਮਾਮਲਿਆਂ ਨੂੰ ਬੇਨਕਾਬ ਕੀਤਾ। ਉਨ੍ਹਾਂ ਕਿਹਾ ਕਿ ਅਜਿਹੇ ਮਹਾਨ ਵਿਅਕਤੀ ਦੇ ਜੀਵਨ ਅਤੇ ਸੰਘਰਸ਼ ਬਾਰੇ ਨਵੀਂ ਪੀੜ੍ਹੀ ਨੂੰ ਜਾਣੂ ਕਰਵਾਉਣ ਲਈ ਇਹ ਫਿਲਮ ਇੱਕ ਮਹੱਤਵਪੂਰਨ ਸਾਧਨ ਬਣ ਸਕਦੀ ਹੈ।

ਪ੍ਰਦਰਸ਼ਨਕਾਰੀਆਂ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਫਿਲਮ ’ਤੇ ਲੱਗੀਆਂ ਸਾਰੀਆਂ ਪਾਬੰਦੀਆਂ ਹਟਾ ਕੇ ਇਸ ਨੂੰ ਪੰਜਾਬ ਸਮੇਤ ਦੇਸ਼ ਭਰ ਵਿੱਚ ਵੱਖ-ਵੱਖ ਭਾਸ਼ਾਵਾਂ ਵਿੱਚ ਰਿਲੀਜ਼ ਕਰਨ ਦੀ ਇਜਾਜ਼ਤ ਦਿੱਤੀ ਜਾਵੇ, ਤਾਂ ਜੋ ਵੱਧ ਤੋਂ ਵੱਧ ਲੋਕ ਭਾਈ ਜਸਵੰਤ ਸਿੰਘ ਖਾਲੜਾ ਦੇ ਜੀਵਨ, ਉਨ੍ਹਾਂ ਦੇ ਸੰਘਰਸ਼ ਅਤੇ ਮਨੁੱਖੀ ਅਧਿਕਾਰਾਂ ਨਾਲ ਜੁੜੇ ਇਤਿਹਾਸਕ ਪੱਖਾਂ ਨੂੰ ਜਾਣ ਸਕਣ।

ਰੋਸ ਮਾਰਚ ਦੇ ਅੰਤ ਵਿੱਚ ਆਗੂਆਂ ਨੇ ਕਿਹਾ ਕਿ ਉਨ੍ਹਾਂ ਦਾ ਉਦੇਸ਼ ਲੋਕਤੰਤਰੀ ਅਤੇ ਸ਼ਾਂਤਮਈ ਢੰਗ ਨਾਲ ਆਪਣੀ ਆਵਾਜ਼ ਸਰਕਾਰ ਤੱਕ ਪਹੁੰਚਾਉਣਾ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਫਿਲਮ ’ਤੇ ਲੱਗੀ ਪਾਬੰਦੀ ਜਲਦ ਨਾ ਹਟਾਈ ਗਈ ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.