ਤਾਜਾ ਖਬਰਾਂ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਭੇਜ ਕੇ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ, ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਤੁਰੰਤ ਮੁੜ ਖੋਲ੍ਹਣ ਦੀ ਮੰਗ ਕੀਤੀ ਹੈ। ਆਪਣੇ ਪੱਤਰ ਵਿੱਚ ਧਾਮੀ ਨੇ ਕਿਹਾ ਕਿ ਸ੍ਰੀ ਕਰਤਾਰਪੁਰ ਸਾਹਿਬ ਉਹ ਪਵਿੱਤਰ ਧਰਤੀ ਹੈ, ਜਿੱਥੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੇ ਜੀਵਨ ਦਾ ਅੰਤਿਮ ਸਮਾਂ ਬਿਤਾਇਆ ਅਤੇ ਮਨੁੱਖਤਾ ਨੂੰ ਕਿਰਤ ਕਰਨ, ਨਾਮ ਜਪਣ, ਵੰਡ ਛਕਣ ਅਤੇ ਸਰਬੱਤ ਦੇ ਭਲੇ ਦਾ ਸੰਦੇਸ਼ ਦਿੱਤਾ। ਇਸ ਕਾਰਨ ਦੁਨੀਆ ਭਰ ਦੇ ਸਿੱਖਾਂ ਲਈ ਇਸ ਅਸਥਾਨ ਦੀ ਵਿਸ਼ੇਸ਼ ਧਾਰਮਿਕ ਅਤੇ ਆਤਮਿਕ ਮਹੱਤਤਾ ਹੈ।
ਧਾਮੀ ਨੇ ਯਾਦ ਦਿਵਾਇਆ ਕਿ ਸਾਲ 2019 ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਕਰਤਾਰਪੁਰ ਲਾਂਘਾ ਖੁੱਲ੍ਹਣ ਨਾਲ ਲੱਖਾਂ ਸਿੱਖ ਸ਼ਰਧਾਲੂਆਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਅਰਦਾਸ ਪੂਰੀ ਹੋਈ ਸੀ। ਇਸ ਰਾਹੀਂ ਦੇਸ਼-ਵਿਦੇਸ਼ ਤੋਂ ਆਉਣ ਵਾਲੀਆਂ ਸੰਗਤਾਂ ਨੇ ਬਿਨਾਂ ਵੀਜ਼ੇ ਦੇ ਪਵਿੱਤਰ ਅਸਥਾਨ ਦੇ ਦਰਸ਼ਨ ਕਰਕੇ ਆਪਣੀ ਸ਼ਰਧਾ ਪ੍ਰਗਟਾਈ। ਪਰ ਹਾਲ ਹੀ ਵਿੱਚ ਦੋਵਾਂ ਦੇਸ਼ਾਂ ਵਿਚਕਾਰ ਬਣੇ ਸੁਰੱਖਿਆ ਹਾਲਾਤਾਂ ਕਾਰਨ ਲਾਂਘੇ ਦੀ ਆਵਾਜਾਈ ਰੋਕ ਦਿੱਤੀ ਗਈ, ਜਿਸ ਨਾਲ ਵਿਸ਼ਵ ਭਰ ਦੇ ਸਿੱਖ ਭਾਈਚਾਰੇ ਵਿੱਚ ਡੂੰਘੀ ਨਿਰਾਸ਼ਾ ਅਤੇ ਦੁੱਖ ਹੈ।
ਪੱਤਰ ਵਿੱਚ ਇਹ ਵੀ ਉਲੇਖ ਕੀਤਾ ਗਿਆ ਕਿ ਕਰਤਾਰਪੁਰ ਲਾਂਘਾ ਮੁੜ ਸ਼ੁਰੂ ਕਰਨ ਦੀ ਮੰਗ ਪਹਿਲਾਂ ਵੀ ਕਈ ਵਾਰ ਕੀਤੀ ਜਾ ਚੁੱਕੀ ਹੈ। ਸ਼੍ਰੋਮਣੀ ਕਮੇਟੀ ਵੱਲੋਂ ਇਸ ਸਬੰਧੀ ਮਤੇ ਪਾਸ ਕਰਕੇ ਕੇਂਦਰ ਸਰਕਾਰ ਤੱਕ ਸੰਗਤਾਂ ਦੀਆਂ ਭਾਵਨਾਵਾਂ ਪਹੁੰਚਾਈਆਂ ਗਈਆਂ ਹਨ। ਇਸ ਤੋਂ ਇਲਾਵਾ ਪੰਜਾਬ ਦੇ ਰਾਜਪਾਲ ਅਤੇ ਕੇਂਦਰੀ ਗ੍ਰਹਿ ਮੰਤਰੀ ਨੂੰ ਵੀ ਯਾਦ ਪੱਤਰ ਭੇਜ ਕੇ ਜਲਦ ਕਾਰਵਾਈ ਦੀ ਅਪੀਲ ਕੀਤੀ ਗਈ ਸੀ।
ਐਡਵੋਕੇਟ ਧਾਮੀ ਨੇ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਕਿ ਕਰਤਾਰਪੁਰ ਲਾਂਘੇ ਨੂੰ ਮੁੜ ਖੋਲ੍ਹਣਾ ਸਿਰਫ਼ ਇੱਕ ਧਾਰਮਿਕ ਯਾਤਰਾ ਦੀ ਸਹੂਲਤ ਨਹੀਂ, ਸਗੋਂ ਕਰੋੜਾਂ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਨਮਾਨ ਵੀ ਹੈ। ਉਨ੍ਹਾਂ ਮੰਗ ਕੀਤੀ ਕਿ ਇਸ ਮਾਮਲੇ ਨੂੰ ਪਹਿਲ ਦੇ ਆਧਾਰ 'ਤੇ ਵਿਚਾਰਦੇ ਹੋਏ ਸਬੰਧਤ ਮੰਤਰਾਲਿਆਂ ਨੂੰ ਲੋੜੀਂਦੇ ਕੂਟਨੀਤਕ ਅਤੇ ਪ੍ਰਸ਼ਾਸਕੀ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ ਜਾਣ, ਤਾਂ ਜੋ ਦੁਨੀਆ ਭਰ ਦੀ ਸਿੱਖ ਸੰਗਤ ਇੱਕ ਵਾਰ ਫਿਰ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਨਤਮਸਤਕ ਹੋ ਸਕੇ। ਧਾਮੀ ਨੇ ਵਿਸ਼ਵਾਸ ਜਤਾਇਆ ਕਿ ਕੇਂਦਰ ਸਰਕਾਰ ਸਿੱਖ ਭਾਈਚਾਰੇ ਦੀ ਇਸ ਭਾਵਨਾਤਮਕ ਅਪੀਲ 'ਤੇ ਹਮਦਰਦੀ ਅਤੇ ਸੰਵੇਦਨਸ਼ੀਲਤਾ ਨਾਲ ਵਿਚਾਰ ਕਰੇਗੀ।
Get all latest content delivered to your email a few times a month.