ਤਾਜਾ ਖਬਰਾਂ
ਇਹ ਕਾਰਵਾਈ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ (ਆਈ.ਪੀ.ਐਸ.) ਦੇ ਦਿਸ਼ਾ-ਨਿਰਦੇਸ਼ਾਂ ਹੇਠ ਡਿਪਟੀ ਕਮਿਸ਼ਨਰ ਪੁਲਿਸ (ਇਨਵੈਸਟੀਗੇਸ਼ਨ) ਹਰਪਾਲ ਸਿੰਘ, ਵਧੀਕ ਡਿਪਟੀ ਕਮਿਸ਼ਨਰ ਪੁਲਿਸ ਅਮਨਦੀਪ ਸਿੰਘ ਬਰਾੜ ਅਤੇ ਸਹਾਇਕ ਕਮਿਸ਼ਨਰ ਪੁਲਿਸ ਹਰਸ਼ਪ੍ਰੀਤ ਸਿੰਘ ਦੀ ਨਿਗਰਾਨੀ ਵਿੱਚ ਸੀ.ਆਈ.ਏ. ਸਟਾਫ਼ ਲੁਧਿਆਣਾ ਵੱਲੋਂ ਅੰਜਾਮ ਦਿੱਤੀ ਗਈ। ਇੰਸਪੈਕਟਰ ਅਵਤਾਰ ਸਿੰਘ ਦੀ ਟੀਮ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਫਿਰੋਜ਼ਪੁਰ ਰੋਡ ਸਥਿਤ ਨਹਿਰੀ ਵਿਭਾਗ ਦੀ ਸੁੰਨੀ ਪਈ ਜ਼ਮੀਨ 'ਤੇ ਛਾਪੇਮਾਰੀ ਕਰਕੇ ਚਾਰਾਂ ਮੁਲਜ਼ਮਾਂ ਨੂੰ ਕਾਬੂ ਕੀਤਾ।
ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਪੁਨੀਤ ਬੈਂਸ ਉਰਫ਼ ਮਨੀ ਵਾਸੀ ਲੇਬਰ ਕਾਲੋਨੀ, ਗੌਰਵ ਡੰਗ ਵਾਸੀ ਬਸਤੀ ਗੁੱਜਰਾਂ, ਨਵੀਨ ਨੇਗੀ ਵਾਸੀ ਗੀਤਾ ਨਗਰ (ਤਾਜਪੁਰ ਰੋਡ) ਅਤੇ ਅਮਨ ਮਲਿਕ ਉਰਫ਼ ਭੋਲਾ ਵਾਸੀ ਜਲੰਧਰ ਵਜੋਂ ਹੋਈ ਹੈ। ਪੁਲਿਸ ਅਨੁਸਾਰ ਇਹ ਚਾਰੇ ਇੱਕ ਸੰਗਠਿਤ ਅਪਰਾਧਿਕ ਗਿਰੋਹ ਵਜੋਂ ਕੰਮ ਕਰ ਰਹੇ ਸਨ ਅਤੇ ਨਾਜਾਇਜ਼ ਹਥਿਆਰਾਂ ਨਾਲ ਲੈਸ ਸਨ।
ਸੀ.ਆਈ.ਏ. ਸਟਾਫ਼ ਨੂੰ ਮਿਲੀ ਖ਼ੁਫ਼ੀਆ ਜਾਣਕਾਰੀ ਅਨੁਸਾਰ ਮੁਲਜ਼ਮ ਹੌਂਡਾ ਅਮੇਜ਼ ਕਾਰ (ਨੰਬਰ PB-01-B-7252) ਵਿੱਚ ਸਵਾਰ ਹੋ ਕੇ ਸ਼ਹਿਰ ਵਿੱਚ ਕਿਸੇ ਵੱਡੇ ਅਪਰਾਧ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਹੇ ਸਨ। ਸੂਚਨਾ ਮਿਲਦੇ ਹੀ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਥਾਣਾ ਡਿਵੀਜ਼ਨ ਨੰਬਰ-8 ਵਿੱਚ ਮੁਕੱਦਮਾ ਨੰਬਰ 200 ਮਿਤੀ 11 ਜੁਲਾਈ 2026 ਅਧੀਨ ਅਸਲਾ ਐਕਟ ਅਤੇ ਭਾਰਤੀ ਨਿਆਂ ਸੰਹਿਤਾ (BNS) ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ।
ਤਲਾਸ਼ੀ ਦੌਰਾਨ ਪੁਲਿਸ ਨੇ ਇੱਕ 30 ਬੋਰ ਦਾ ਪਿਸਤੌਲ ਦੋ ਜ਼ਿੰਦਾ ਕਾਰਤੂਸਾਂ ਸਮੇਤ ਅਤੇ ਇੱਕ 32 ਬੋਰ ਦਾ ਪਿਸਤੌਲ ਛੇ ਜ਼ਿੰਦਾ ਕਾਰਤੂਸਾਂ ਸਮੇਤ ਬਰਾਮਦ ਕੀਤਾ। ਇਸ ਤੋਂ ਇਲਾਵਾ ਵਾਰਦਾਤ ਲਈ ਵਰਤੀ ਜਾ ਰਹੀ ਹੌਂਡਾ ਅਮੇਜ਼ ਕਾਰ ਵੀ ਜ਼ਬਤ ਕਰ ਲਈ ਗਈ ਹੈ।
ਪੁਲਿਸ ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਜ਼ਿਆਦਾਤਰ ਮੁਲਜ਼ਮ ਪਹਿਲਾਂ ਤੋਂ ਹੀ ਕਈ ਗੰਭੀਰ ਅਪਰਾਧਿਕ ਮਾਮਲਿਆਂ ਵਿੱਚ ਨਾਮਜ਼ਦ ਹਨ। ਪੁਨੀਤ ਬੈਂਸ ਉਰਫ਼ ਮਨੀ ਖ਼ਿਲਾਫ਼ ਕਤਲ ਦੀ ਕੋਸ਼ਿਸ਼, ਲੁੱਟ-ਖੋਹ, ਨਸ਼ਾ ਤਸਕਰੀ, ਗੈਂਗਸਟਰ ਗਤੀਵਿਧੀਆਂ ਅਤੇ ਅਸਲਾ ਐਕਟ ਸਮੇਤ 17 ਤੋਂ ਵੱਧ ਕੇਸ ਦਰਜ ਹਨ। ਇਸੇ ਤਰ੍ਹਾਂ ਗੌਰਵ ਡੰਗ ਅਤੇ ਹੋਰ ਮੁਲਜ਼ਮਾਂ ਦਾ ਵੀ ਅਪਰਾਧਿਕ ਰਿਕਾਰਡ ਸਾਹਮਣੇ ਆਇਆ ਹੈ।
ਚਾਰਾਂ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰ ਲਿਆ ਗਿਆ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਰਿਮਾਂਡ ਦੌਰਾਨ ਮੁਲਜ਼ਮਾਂ ਤੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ ਤਾਂ ਜੋ ਉਨ੍ਹਾਂ ਦੇ ਹੋਰ ਸਾਥੀਆਂ, ਹਥਿਆਰਾਂ ਦੇ ਸਰੋਤ ਅਤੇ ਸੰਭਾਵਿਤ ਅਪਰਾਧਿਕ ਸਾਜ਼ਿਸ਼ਾਂ ਬਾਰੇ ਮਹੱਤਵਪੂਰਨ ਜਾਣਕਾਰੀ ਹਾਸਲ ਕੀਤੀ ਜਾ ਸਕੇ।
ਲੁਧਿਆਣਾ ਪੁਲਿਸ ਨੇ ਕਿਹਾ ਹੈ ਕਿ ਸ਼ਹਿਰ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਮਜ਼ਬੂਤ ਬਣਾਈ ਰੱਖਣ ਲਈ ਗੈਂਗਸਟਰਾਂ, ਨਾਜਾਇਜ਼ ਅਸਲਾ ਰੱਖਣ ਵਾਲਿਆਂ ਅਤੇ ਸੰਗਠਿਤ ਅਪਰਾਧ ਨਾਲ ਜੁੜੇ ਤੱਤਾਂ ਖ਼ਿਲਾਫ਼ ਸਖ਼ਤ ਕਾਰਵਾਈ ਆਉਣ ਵਾਲੇ ਸਮੇਂ ਵਿੱਚ ਵੀ ਲਗਾਤਾਰ ਜਾਰੀ ਰਹੇਗੀ।
Get all latest content delivered to your email a few times a month.