ਤਾਜਾ ਖਬਰਾਂ
ਜ਼ਿਲ੍ਹਾ ਫਤਿਹਗੜ੍ਹ ਸਾਹਿਬ ਅਧੀਨ ਪੈਂਦੀ ਲੋਹਾ ਨਗਰੀ ਮੰਡੀ ਗੋਬਿੰਦਗੜ੍ਹ ਦੇ ਨਜ਼ਦੀਕੀ ਪਿੰਡ ਤੂਰਾਂ ਵਿੱਚ ਬੀਤੀ ਦੇਰ ਰਾਤ ਇੱਕ ਖ਼ੌਫ਼ਨਾਕ ਘਟਨਾ ਸਾਹਮਣੇ ਆਈ ਹੈ। ਇੱਥੇ ਕਰੀਬ 6-7 ਸਾਲ ਪਹਿਲਾਂ ਵਾਪਰੇ ਇੱਕ ਬੇਅਦਬੀ ਮਾਮਲੇ ਦੇ ਕਥਿਤ ਦੋਸ਼ੀ ਦਾ ਉਸ ਦੇ ਘਰ ਅੰਦਰ ਹੀ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਮੇਵਾ ਸਿੰਘ ਵਾਸੀ ਪਿੰਡ ਤੂਰਾਂ ਵਜੋਂ ਹੋਈ ਹੈ, ਜੋ ਹਾਲ ਹੀ ਵਿੱਚ ਅਦਾਲਤ ਵੱਲੋਂ ਜ਼ਮਾਨਤ ਮਿਲਣ ਤੋਂ ਬਾਅਦ ਜੇਲ੍ਹ ਵਿੱਚੋਂ ਬਾਹਰ ਆਇਆ ਹੋਇਆ ਸੀ।
ਘਟਨਾ ਦੀ ਚਸ਼ਮਦੀਦ ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਪੁੱਤਰ ਅੰਮ੍ਰਿਤਪਾਲ ਸਿੰਘ ਨੇ ਦੱਸਿਆ ਕਿ ਉਹ ਰਾਤ ਵੇਲੇ ਦਵਾਈ ਲੈ ਕੇ ਆਪਣੇ ਕਮਰੇ ਵਿੱਚ ਸੌਂ ਰਿਹਾ ਸੀ। ਅਚਾਨਕ ਅੱਧੀ ਰਾਤ ਨੂੰ ਉਸ ਦੇ ਕੰਨਾਂ ਵਿੱਚ 'ਬਚਾਓ-ਬਚਾਓ' ਦੀਆਂ ਚੀਕਾਂ ਪਈਆਂ। ਜਦੋਂ ਉਹ ਤੁਰੰਤ ਉੱਠ ਕੇ ਬਾਹਰ ਆਇਆ ਤਾਂ ਉਸ ਨੇ ਦੇਖਿਆ ਕਿ ਇੱਕ ਅਣਪਛਾਤਾ ਵਿਅਕਤੀ ਉਨ੍ਹਾਂ ਦੇ ਘਰ ਦੀ ਕੰਧ ਫ਼ਾਂਦ ਕੇ ਬਾਹਰ ਵੱਲ ਭੱਜ ਰਿਹਾ ਸੀ। ਅੰਮ੍ਰਿਤਪਾਲ ਜਦੋਂ ਆਪਣੇ ਪਿਤਾ ਦੇ ਕਮਰੇ ਵੱਲ ਗਿਆ ਤਾਂ ਉੱਥੇ ਮੇਵਾ ਸਿੰਘ ਖ਼ੂਨ ਨਾਲ ਲੱਥਪੱਥ ਹਾਲਤ ਵਿੱਚ ਪਏ ਸਨ। ਉਸ ਨੇ ਤੁਰੰਤ ਗੁਆਂਢੀਆਂ ਨੂੰ ਫ਼ੋਨ ਕਰਕੇ ਮਦਦ ਲਈ ਸੱਦਿਆ, ਪਰ ਉਦੋਂ ਤੱਕ ਮੇਵਾ ਸਿੰਘ ਦੀ ਜਾਨ ਜਾ ਚੁੱਕੀ ਸੀ।
ਵਾਰਦਾਤ ਦੀ ਖ਼ਬਰ ਮਿਲਦੇ ਸਾਰ ਹੀ ਸਥਾਨਕ ਪੁਲਿਸ ਪ੍ਰਸ਼ਾਸਨ ਦੇ ਉੱਚ ਅਧਿਕਾਰੀ ਪੂਰੀ ਟੀਮ ਸਮੇਤ ਮੌਕੇ 'ਤੇ ਪਹੁੰਚ ਗਏ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਅਤੇ ਮਾਮਲੇ ਦੀ ਬਾਰੀਕੀ ਨਾਲ ਪੜਤਾਲ ਸ਼ੁਰੂ ਕਰ ਦਿੱਤੀ ਹੈ।
ਇਸ ਸਬੰਧੀ ਗੱਲਬਾਤ ਕਰਦਿਆਂ ਡੀ.ਐੱਸ.ਪੀ. ਬਿਕਰਮਜੀਤ ਸਿੰਘ ਘੁੰਮਣ ਨੇ ਦੱਸਿਆ ਕਿ ਪੁਲਿਸ ਕੰਟਰੋਲ ਰੂਮ ਨੂੰ ਰਾਤ ਕਰੀਬ 2 ਤੋਂ 3 ਵਜੇ ਦੇ ਦਰਮਿਆਨ ਪਿੰਡ ਤੂਰਾਂ ਵਿੱਚ ਕਤਲ ਹੋਣ ਦੀ ਇਤਲਾਹ ਮਿਲੀ ਸੀ। ਪੁਲਿਸ ਵੱਲੋਂ ਹਰ ਪਹਿਲੂ ਤੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਫਿਲਹਾਲ ਕਤਲ ਦੇ ਅਸਲ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ ਕਿ ਇਹ ਹਮਲਾ ਕਿਸੇ ਪੁਰਾਣੀ ਰੰਜਿਸ਼ ਕਾਰਨ ਹੋਇਆ ਹੈ ਜਾਂ ਇਸ ਪਿੱਛੇ ਕੋਈ ਹੋਰ ਵਜ੍ਹਾ ਹੈ। ਆਸ-ਪਾਸ ਦੇ ਇਲਾਕੇ ਦੀ ਨਾਕਾਬੰਦੀ ਕਰਕੇ ਮੁਲਜ਼ਮ ਦੀ ਭਾਲ ਕੀਤੀ ਜਾ ਰਹੀ ਹੈ।
Get all latest content delivered to your email a few times a month.