ਤਾਜਾ ਖਬਰਾਂ
ਮਨੁੱਖੀ ਅਧਿਕਾਰਾਂ ਦੇ ਹਿਮਾਇਤੀ ਭਾਈ ਜਸਵੰਤ ਸਿੰਘ ਖਾਲੜਾ ਅਤੇ 25 ਹਜ਼ਾਰ ਲਾਵਾਰਸ ਲਾਸ਼ਾਂ ਦੀ ਯਾਦ ਵਿੱਚ ਕਰਵਾਏ ਗਏ ਸ਼ਰਧਾਂਜਲੀ ਸਮਾਗਮ ਦੌਰਾਨ ਭਾਈ ਖਾਲੜਾ ਦੇ ਅਗਵਾ ਮਾਮਲੇ ਦੇ ਚਸ਼ਮਦੀਦ ਗਵਾਹ ਰਾਜੀਵ ਸਿੰਘ ਰੰਧਾਵਾ ਨੇ ਭਾਵੁਕ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਭਾਈ ਖਾਲੜਾ ਨੇ ਮਨੁੱਖੀ ਅਧਿਕਾਰਾਂ ਦੀ ਰੱਖਿਆ ਲਈ ਇਤਿਹਾਸਕ ਸੰਘਰਸ਼ ਕੀਤਾ, ਜਿਸ ਨੂੰ ਦੇਸ਼ ਕਦੇ ਭੁੱਲ ਨਹੀਂ ਸਕਦਾ। ਆਪਣੇ ਸੰਬੋਧਨ ਵਿੱਚ ਉਨ੍ਹਾਂ ਨੇ ਸਿੱਖ ਕੌਮ ਦੇ ਦੇਸ਼ ਦੀ ਆਜ਼ਾਦੀ ਵਿੱਚ ਯੋਗਦਾਨ ਅਤੇ ਭਾਈ ਖਾਲੜਾ ਦੇ ਜੀਵਨ, ਪਰਿਵਾਰਕ ਪਿਛੋਕੜ ਅਤੇ ਉਨ੍ਹਾਂ ਦੀ ਕੁਰਬਾਨੀ ਦਾ ਵੀ ਵਿਸਥਾਰ ਨਾਲ ਜ਼ਿਕਰ ਕੀਤਾ।
ਰੰਧਾਵਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕਰਦਿਆਂ ਕਿਹਾ ਕਿ ਜਿਸ ਤਰ੍ਹਾਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਇਤਿਹਾਸ ਦੇਸ਼ ਦੇ ਸਕੂਲਾਂ ਵਿੱਚ ਪੜ੍ਹਾਇਆ ਜਾਂਦਾ ਹੈ, ਉਸੇ ਤਰ੍ਹਾਂ ਭਾਈ ਜਸਵੰਤ ਸਿੰਘ ਖਾਲੜਾ ਦੇ ਜੀਵਨ ਅਤੇ ਮਨੁੱਖੀ ਅਧਿਕਾਰਾਂ ਲਈ ਕੀਤੇ ਗਏ ਸੰਘਰਸ਼ ਨੂੰ ਵੀ ਸਾਰੇ ਸਿੱਖਿਆ ਬੋਰਡਾਂ ਦੇ ਪਾਠਕ੍ਰਮ ਵਿੱਚ ਸ਼ਾਮਲ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਇਹ ਵੀ ਮੰਗ ਕੀਤੀ ਕਿ ਭਾਈ ਖਾਲੜਾ ਦੀ ਤਸਵੀਰ ਨੂੰ ਭਾਰਤੀ ਸੰਸਦ ਵਿੱਚ ਸਨਮਾਨ ਨਾਲ ਸਥਾਪਿਤ ਕੀਤਾ ਜਾਵੇ। ਰੰਧਾਵਾ ਨੇ ਕਿਹਾ ਕਿ ਜਦੋਂ ਮਨੁੱਖੀ ਅਧਿਕਾਰਾਂ ਦੇ ਰਾਖਿਆਂ ਨੂੰ ਯੋਗ ਸਨਮਾਨ ਮਿਲੇਗਾ, ਤਦੋਂ ਹੀ ਭਾਰਤ ਅਸਲ ਅਰਥਾਂ ਵਿੱਚ ਲੋਕਤੰਤਰਕ ਕਦਰਾਂ-ਕੀਮਤਾਂ ਨੂੰ ਮਜ਼ਬੂਤ ਕਰ ਸਕੇਗਾ ਅਤੇ ਸੰਵਿਧਾਨ ਦੀ ਭਾਵਨਾ ਹੋਰ ਮਜ਼ਬੂਤ ਹੋਵੇਗੀ।
Get all latest content delivered to your email a few times a month.