ਤਾਜਾ ਖਬਰਾਂ
ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੇ ਇਥੋਪੀਆ ਵਿੱਚ ਫਸੇ ਪੰਜਾਬ ਅਤੇ ਹਰਿਆਣਾ ਦੇ ਚਾਰ ਨੌਜਵਾਨਾਂ ਦੀ ਸੁਰੱਖਿਅਤ ਭਾਰਤ ਵਾਪਸੀ ਲਈ ਵਿਦੇਸ਼ ਮੰਤਰਾਲੇ ਨੂੰ ਪੱਤਰ ਲਿਖ ਕੇ ਤੁਰੰਤ ਦਖ਼ਲ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਮਾਮਲਾ ਬਹੁਤ ਹੀ ਗੰਭੀਰ ਹੈ ਅਤੇ ਨੌਜਵਾਨਾਂ ਦੇ ਪਰਿਵਾਰ ਆਪਣੇ ਬੱਚਿਆਂ ਦੀ ਸੁਰੱਖਿਆ ਨੂੰ ਲੈ ਕੇ ਭਾਰੀ ਮਾਨਸਿਕ ਤਣਾਅ ਵਿੱਚ ਹਨ।
ਜਾਣਕਾਰੀ ਅਨੁਸਾਰ ਫਗਵਾੜਾ ਦੇ ਗੌਰਵ, ਗੁਰਦਾਸਪੁਰ ਦੇ ਰਹੀਮਾਬਾਦ (ਕਲਾਨੌਰ) ਦੇ ਮਨਜੀਤ ਸਿੰਘ, ਹਰਿਆਣਾ ਦੇ ਕੈਥਲ ਜ਼ਿਲ੍ਹੇ ਦੇ ਸੁਖਵਿੰਦਰ ਸਿੰਘ ਕਕਰਾਲਾ ਅਤੇ ਸੁਰਜੀਤ ਸਿੰਘ ਚੀਕਾ ਟੂਰਿਸਟ ਵੀਜ਼ੇ 'ਤੇ ਇਥੋਪੀਆ ਪਹੁੰਚੇ ਸਨ। ਹਵਾਈ ਅੱਡੇ ਤੋਂ ਬਾਹਰ ਨਿਕਲਦੇ ਹੀ ਕੁਝ ਅਗਵਾਕਾਰਾਂ ਨੇ ਉਨ੍ਹਾਂ ਨੂੰ ਹੋਟਲ ਛੱਡਣ ਦਾ ਝਾਂਸਾ ਦੇ ਕੇ ਆਪਣੇ ਨਾਲ ਲੈ ਗਿਆ। ਦੱਸਿਆ ਗਿਆ ਹੈ ਕਿ ਇਸ ਗਿਰੋਹ ਵਿੱਚ ਇੱਕ ਪੰਜਾਬੀ ਬੋਲਣ ਵਾਲਾ ਪਾਕਿਸਤਾਨੀ ਵੀ ਸ਼ਾਮਲ ਸੀ। ਨੌਜਵਾਨਾਂ ਨੂੰ ਇੱਕ ਹੋਰ ਥਾਂ ਲਿਜਾ ਕੇ ਉਨ੍ਹਾਂ ਨਾਲ ਕੁੱਟਮਾਰ ਕੀਤੀ ਗਈ, ਤੇਜ਼ਧਾਰ ਹਥਿਆਰਾਂ ਨਾਲ ਹਮਲੇ ਕੀਤੇ ਗਏ ਅਤੇ ਉਨ੍ਹਾਂ ਤੋਂ ਨਕਦੀ ਤੇ ਹੋਰ ਸਮਾਨ ਵੀ ਖੋਹ ਲਿਆ ਗਿਆ।
ਸਤਨਾਮ ਸੰਧੂ ਨੇ ਦੱਸਿਆ ਕਿ ਉਨ੍ਹਾਂ ਨੂੰ ਮਿਲੀਆਂ ਵੀਡੀਓ ਅਤੇ ਤਸਵੀਰਾਂ ਵਿੱਚ ਨੌਜਵਾਨਾਂ ਦੇ ਸਰੀਰ 'ਤੇ ਗੰਭੀਰ ਸੱਟਾਂ ਸਾਫ਼ ਨਜ਼ਰ ਆ ਰਹੀਆਂ ਹਨ। ਇਸ ਘਟਨਾ ਤੋਂ ਬਾਅਦ ਜਦੋਂ ਨੌਜਵਾਨ ਅਗਵਾਕਾਰਾਂ ਦੇ ਚੁੰਗਲ ਤੋਂ ਬਾਹਰ ਨਿਕਲੇ ਤਾਂ ਇਥੋਪੀਆ ਦੇ ਇਮੀਗ੍ਰੇਸ਼ਨ ਅਧਿਕਾਰੀਆਂ ਨੇ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਲਿਆ।
ਸੰਧੂ ਨੇ ਵਿਦੇਸ਼ ਮੰਤਰਾਲੇ ਅਤੇ ਇਥੋਪੀਆ ਵਿੱਚ ਭਾਰਤੀ ਦੂਤਾਵਾਸ ਨੂੰ ਤੁਰੰਤ ਕਾਰਵਾਈ ਕਰਕੇ ਚਾਰਾਂ ਨੌਜਵਾਨਾਂ ਦੀ ਸੁਰੱਖਿਅਤ ਭਾਰਤ ਵਾਪਸੀ ਯਕੀਨੀ ਬਣਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਪਰਿਵਾਰਾਂ ਨੂੰ ਭਰੋਸਾ ਦਿੱਤਾ ਕਿ ਉਹ ਖੁਦ ਇਸ ਮਾਮਲੇ ਦੀ ਨਿਗਰਾਨੀ ਕਰ ਰਹੇ ਹਨ ਅਤੇ ਸਬੰਧਤ ਅਧਿਕਾਰੀਆਂ ਨਾਲ ਲਗਾਤਾਰ ਸੰਪਰਕ ਵਿੱਚ ਹਨ।
ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵਿਦੇਸ਼ਾਂ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਭਾਰਤੀਆਂ ਦੀ ਸੁਰੱਖਿਆ ਨੂੰ ਲੈ ਕੇ ਗੰਭੀਰ ਹੈ ਅਤੇ ਉਮੀਦ ਹੈ ਕਿ ਚਾਰਾਂ ਨੌਜਵਾਨਾਂ ਨੂੰ ਜਲਦੀ ਸੁਰੱਖਿਅਤ ਦੇਸ਼ ਵਾਪਸ ਲਿਆਂਦਾ ਜਾਵੇਗਾ।
ਇਸ ਮੌਕੇ ਸੰਧੂ ਨੇ ਨੌਜਵਾਨਾਂ ਨੂੰ ਵਿਦੇਸ਼ ਜਾਣ ਤੋਂ ਪਹਿਲਾਂ ਪੂਰੀ ਜਾਂਚ-ਪੜਤਾਲ ਕਰਨ ਅਤੇ ਖਤਰੇ ਵਾਲੇ ਇਲਾਕਿਆਂ ਤੋਂ ਦੂਰ ਰਹਿਣ ਦੀ ਅਪੀਲ ਵੀ ਕੀਤੀ। ਨਾਲ ਹੀ ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਅਜਿਹੇ ਮੌਕੇ ਪੈਦਾ ਕਰਨ ਦੀ ਲੋੜ ਹੈ, ਤਾਂ ਜੋ ਨੌਜਵਾਨਾਂ ਨੂੰ ਆਪਣਾ ਭਵਿੱਖ ਬਣਾਉਣ ਲਈ ਖਤਰਨਾਕ ਹਾਲਾਤਾਂ ਵਿੱਚ ਵਿਦੇਸ਼ਾਂ ਦਾ ਰੁਖ ਨਾ ਕਰਨਾ ਪਵੇ।
Get all latest content delivered to your email a few times a month.