IMG-LOGO
ਹੋਮ ਪੰਜਾਬ, ਰਾਸ਼ਟਰੀ, ਬੰਦੀ ਸਿੰਘਾਂ ਦੀ ਰਿਹਾਈ ਅਤੇ ਪੁਲਿਸ ਤਸ਼ੱਦਦ ਮਾਮਲਿਆਂ 'ਤੇ ਸਰਕਾਰ...

ਬੰਦੀ ਸਿੰਘਾਂ ਦੀ ਰਿਹਾਈ ਅਤੇ ਪੁਲਿਸ ਤਸ਼ੱਦਦ ਮਾਮਲਿਆਂ 'ਤੇ ਸਰਕਾਰ ਦੀ ਦੋਹਰੀ ਨੀਤੀ ਨਿੰਦਣਯੋਗ: ਐਡਵੋਕੇਟ ਹਰਜਿੰਦਰ ਸਿੰਘ ਧਾਮੀ

Admin User - Jul 15, 2026 08:28 PM
IMG

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸਜੀਪੀਸੀ) ਦੀ ਅੰਤ੍ਰਿੰਗ ਕਮੇਟੀ ਦੀ ਬੈਠਕ ਅੱਜ ਅੰਮ੍ਰਿਤਸਰ ਸਥਿਤ ਮੁੱਖ ਦਫ਼ਤਰ ਵਿੱਚ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਹੋਈ। ਬੈਠਕ ਦੌਰਾਨ ਕਈ ਮਹੱਤਵਪੂਰਨ ਮਤੇ ਪਾਸ ਕੀਤੇ ਗਏ, ਜਿਨ੍ਹਾਂ ਵਿੱਚ 1980-90 ਦੇ ਦਹਾਕੇ ਦੌਰਾਨ ਸਿੱਖਾਂ ਨਾਲ ਹੋਏ ਕਥਿਤ ਪੁਲਿਸ ਅੱਤਿਆਚਾਰਾਂ, ਬੰਦੀ ਸਿੰਘਾਂ ਦੀ ਰਿਹਾਈ ਅਤੇ ਧਾਰਮਿਕ ਪ੍ਰਚਾਰ ਨੂੰ ਹੋਰ ਮਜ਼ਬੂਤ ਕਰਨ ਸਬੰਧੀ ਅਹਿਮ ਫੈਸਲੇ ਸ਼ਾਮਲ ਰਹੇ।

ਐਡਵੋਕੇਟ ਧਾਮੀ ਨੇ ਦੱਸਿਆ ਕਿ ਅੰਤ੍ਰਿੰਗ ਕਮੇਟੀ ਨੇ ਉਸ ਦੌਰ ਦੇ ਘਟਨਾਕ੍ਰਮ ਨੂੰ ਦਰਸਾਉਂਦੀ ਫ਼ਿਲਮ 'ਸਤਲੁਜ' ਦੀ ਪੂਰੀ ਟੀਮ ਦਾ ਧੰਨਵਾਦ ਕਰਦਿਆਂ ਮਤਾ ਪਾਸ ਕੀਤਾ। ਉਨ੍ਹਾਂ ਕਿਹਾ ਕਿ ਇਸ ਫ਼ਿਲਮ ਨੇ ਉਸ ਸਮੇਂ ਦੇ ਦਰਦਨਾਕ ਹਾਲਾਤਾਂ ਅਤੇ ਸਿੱਖਾਂ 'ਤੇ ਹੋਏ ਕਥਿਤ ਸਰਕਾਰੀ ਜ਼ੁਲਮਾਂ ਨੂੰ ਲੋਕਾਂ ਸਾਹਮਣੇ ਲਿਆਉਣ ਦਾ ਯਤਨ ਕੀਤਾ ਹੈ। ਉਨ੍ਹਾਂ ਅਨੁਸਾਰ, ਉਸ ਦੌਰ ਵਿੱਚ ਹਜ਼ਾਰਾਂ ਬੇਕਸੂਰ ਸਿੱਖ ਨੌਜਵਾਨ ਮਾਰੇ ਗਏ, ਕਈਆਂ ਦੇ ਪਰਿਵਾਰਾਂ ਨੂੰ ਉਨ੍ਹਾਂ ਦੀਆਂ ਲਾਸ਼ਾਂ ਤੱਕ ਨਹੀਂ ਮਿਲੀਆਂ ਅਤੇ ਅੱਜ ਵੀ ਕਈ ਪਰਿਵਾਰ ਆਪਣੇ ਪਿਆਰਿਆਂ ਦੀ ਉਡੀਕ ਕਰ ਰਹੇ ਹਨ।

ਧਾਮੀ ਨੇ ਮਨੁੱਖੀ ਅਧਿਕਾਰਾਂ ਲਈ ਸੰਘਰਸ਼ ਕਰਨ ਵਾਲੇ ਭਾਈ ਜਸਵੰਤ ਸਿੰਘ ਖਾਲੜਾ ਦੀ ਕੁਰਬਾਨੀ ਨੂੰ ਯਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਲਾਵਾਰਿਸ ਦੱਸ ਕੇ ਸਾੜੇ ਜਾਂ ਨਹਿਰਾਂ ਵਿੱਚ ਸੁੱਟੇ ਗਏ ਨੌਜਵਾਨਾਂ ਦਾ ਸੱਚ ਸਾਹਮਣੇ ਲਿਆਉਣ ਦੀ ਕੋਸ਼ਿਸ਼ ਕੀਤੀ, ਜਿਸ ਕਾਰਨ ਉਹ ਖੁਦ ਵੀ ਪੁਲਿਸ ਤਸ਼ੱਦਦ ਦਾ ਸ਼ਿਕਾਰ ਹੋਏ। ਕਮੇਟੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਹਰੀਕੇ ਪੱਤਣ ਵਿਖੇ ਸਿੱਖ ਕਤਲੇਆਮ ਦੇ ਪੀੜਤਾਂ ਦੀ ਯਾਦ ਵਿੱਚ ਕੀਤੀ ਗਈ ਸਮੂਹਿਕ ਅਰਦਾਸ ਦੇ ਉਪਰਾਲੇ ਦਾ ਸਵਾਗਤ ਕਰਦਿਆਂ ਉਸ ਪ੍ਰਤੀ ਆਪਣੀ ਵਚਨਬੱਧਤਾ ਵੀ ਪ੍ਰਗਟਾਈ।

ਇੱਕ ਹੋਰ ਮਤੇ ਰਾਹੀਂ ਐੱਸਜੀਪੀਸੀ ਨੇ ਲੰਬੇ ਸਮੇਂ ਤੋਂ ਵੱਖ-ਵੱਖ ਜੇਲ੍ਹਾਂ ਵਿੱਚ ਬੰਦ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਦੁਹਰਾਈ। ਧਾਮੀ ਨੇ ਕਿਹਾ ਕਿ ਕਈ ਸਿੱਖ ਕੈਦੀ ਆਪਣੀਆਂ ਨਿਰਧਾਰਤ ਸਜ਼ਾਵਾਂ ਤੋਂ ਕਈ ਸਾਲ ਵੱਧ ਜੇਲ੍ਹਾਂ ਵਿੱਚ ਰਹਿ ਚੁੱਕੇ ਹਨ, ਪਰ ਇਸ ਦੇ ਬਾਵਜੂਦ ਉਨ੍ਹਾਂ ਨੂੰ ਰਿਹਾ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਦੋਸ਼ ਲਗਾਇਆ ਕਿ ਦੂਜੇ ਪਾਸੇ ਬੇਦੋਸ਼ ਲੋਕਾਂ 'ਤੇ ਕਥਿਤ ਤਸ਼ੱਦਦ ਕਰਨ ਵਾਲੇ ਅਤੇ ਅਦਾਲਤਾਂ ਵੱਲੋਂ ਦੋਸ਼ੀ ਕਰਾਰ ਦਿੱਤੇ ਗਏ ਕੁਝ ਪੁਲਿਸ ਅਧਿਕਾਰੀਆਂ ਨੂੰ ਵਿਸ਼ੇਸ਼ ਰਿਆਇਤਾਂ ਅਤੇ ਸਮੇਂ ਤੋਂ ਪਹਿਲਾਂ ਰਿਹਾਈ ਦੇ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਸਰਕਾਰ ਦੀ ਦੋਹਰੀ ਨੀਤੀ ਨੂੰ ਦਰਸਾਉਂਦਾ ਹੈ।

ਬੈਠਕ ਦੌਰਾਨ ਗੁਰਦੁਆਰਾ ਸਾਹਿਬਾਨ, ਟਰੱਸਟਾਂ ਅਤੇ ਪ੍ਰੈੱਸਾਂ ਨਾਲ ਸਬੰਧਿਤ ਪ੍ਰਸ਼ਾਸਕੀ ਮਾਮਲਿਆਂ ਨੂੰ ਵੀ ਮਨਜ਼ੂਰੀ ਦਿੱਤੀ ਗਈ। ਇਸ ਦੇ ਨਾਲ ਹੀ ਧਰਮ ਪ੍ਰਚਾਰ ਕਮੇਟੀ ਦੀ ਵੱਖਰੀ ਬੈਠਕ ਵਿੱਚ ਸਿੱਖੀ ਦੇ ਪ੍ਰਚਾਰ-ਪ੍ਰਸਾਰ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਵੱਖ-ਵੱਖ ਯੋਜਨਾਵਾਂ 'ਤੇ ਵਿਚਾਰ-ਵਟਾਂਦਰਾ ਕੀਤਾ ਗਿਆ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.