ਤਾਜਾ ਖਬਰਾਂ
ਬੇਅਦਬੀ ਮਾਮਲਿਆਂ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (SIT) ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਨੋਟਿਸ ਜਾਰੀ ਕੀਤੇ ਜਾਣ ਮਗਰੋਂ ਸਿਆਸੀ ਮਾਹੌਲ ਇੱਕ ਵਾਰ ਫਿਰ ਗਰਮਾ ਗਿਆ ਹੈ। ਇਸ ਮਾਮਲੇ 'ਤੇ ਪ੍ਰਤੀਕਿਰਿਆ ਦਿੰਦਿਆਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (DSGMC) ਦੇ ਸੀਨੀਅਰ ਆਗੂ ਅਤੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਪੰਜਾਬ ਸਰਕਾਰ ਦੀ ਕਾਰਵਾਈ 'ਤੇ ਸਵਾਲ ਉਠਾਏ ਹਨ।
ਸਰਨਾ ਨੇ ਕਿਹਾ ਕਿ ਮੌਜੂਦਾ ਹਾਲਾਤਾਂ ਨੂੰ ਦੇਖਦਿਆਂ ਇਹ ਸੰਭਾਵਨਾ ਵੀ ਬਣ ਸਕਦੀ ਹੈ ਕਿ ਸਰਕਾਰ ਸੁਖਬੀਰ ਸਿੰਘ ਬਾਦਲ ਦੀ ਗ੍ਰਿਫ਼ਤਾਰੀ ਕਰ ਸਕਦੀ ਹੈ। ਉਨ੍ਹਾਂ ਦਲੀਲ ਦਿੱਤੀ ਕਿ ਸਾਲ 2017 ਵਿੱਚ ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ ਵੀ ਬੇਅਦਬੀ ਮਾਮਲਿਆਂ ਦੀ ਲੰਬੀ ਜਾਂਚ ਕੀਤੀ ਗਈ ਸੀ, ਪਰ ਉਸ ਵਿੱਚੋਂ ਕੋਈ ਨਿਰਣਾਇਕ ਨਤੀਜਾ ਸਾਹਮਣੇ ਨਹੀਂ ਆਇਆ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਨੂੰ ਵੀ ਸੱਤਾ ਵਿੱਚ ਆਏ ਸਾਢੇ ਚਾਰ ਸਾਲ ਤੋਂ ਵੱਧ ਸਮਾਂ ਹੋ ਚੁੱਕਾ ਹੈ, ਪਰ ਅਜੇ ਤੱਕ ਕੋਈ ਅਜਿਹਾ ਠੋਸ ਸਬੂਤ ਜਨਤਕ ਨਹੀਂ ਕੀਤਾ ਗਿਆ, ਜਿਸ ਨਾਲ ਮਾਮਲਾ ਅੰਤਿਮ ਨਤੀਜੇ ਤੱਕ ਪਹੁੰਚ ਸਕੇ।
ਉਨ੍ਹਾਂ ਦਾ ਕਹਿਣਾ ਸੀ ਕਿ ਜਾਂਚ ਨਿਰਪੱਖ ਅਤੇ ਸਬੂਤਾਂ ਦੇ ਆਧਾਰ 'ਤੇ ਹੋਣੀ ਚਾਹੀਦੀ ਹੈ, ਤਾਂ ਜੋ ਸੱਚਾਈ ਲੋਕਾਂ ਦੇ ਸਾਹਮਣੇ ਆ ਸਕੇ ਅਤੇ ਕਿਸੇ ਵੀ ਤਰ੍ਹਾਂ ਦੇ ਸਿਆਸੀ ਵਿਵਾਦ ਨੂੰ ਜਨਮ ਨਾ ਮਿਲੇ।
Get all latest content delivered to your email a few times a month.