ਤਾਜਾ ਖਬਰਾਂ
ਸ਼੍ਰੋਮਣੀ ਅਕਾਲੀ ਦਲ ਨੇ 2027 ਦੀ ਪੰਜਾਬ ਵਿਧਾਨ ਸਭਾ ਚੋਣ ਨੂੰ ਧਿਆਨ ਵਿੱਚ ਰੱਖਦਿਆਂ ਆਪਣੀ ਰਣਨੀਤੀ ਨੂੰ ਅੰਤਿਮ ਰੂਪ ਦੇਣਾ ਸ਼ੁਰੂ ਕਰ ਦਿੱਤਾ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਹੋਈ ਕੋਰ ਕਮੇਟੀ ਅਤੇ ਹਲਕਾ ਇੰਚਾਰਜਾਂ ਦੀਆਂ ਮੀਟਿੰਗਾਂ ਵਿੱਚ ਕਈ ਮਹੱਤਵਪੂਰਨ ਫੈਸਲੇ ਲਏ ਗਏ।
ਪਾਰਟੀ ਨੇ 2027 ਦੀਆਂ ਚੋਣਾਂ ਲਈ ਚੋਣ ਮਨੋਰਥ ਪੱਤਰ ਤਿਆਰ ਕਰਨ ਵਾਸਤੇ ਇੱਕ ਵਿਸ਼ੇਸ਼ ਕਮੇਟੀ ਬਣਾਉਣ ਦਾ ਫੈਸਲਾ ਕੀਤਾ ਹੈ। ਅਕਾਲੀ ਦਲ ਦਾ ਕਹਿਣਾ ਹੈ ਕਿ ਇਸ ਮਨੋਰਥ ਪੱਤਰ ਨੂੰ ਸਿਰਫ਼ ਚੋਣੀ ਵਾਅਦਾ ਨਹੀਂ, ਸਗੋਂ ਇੱਕ ਕਾਨੂੰਨੀ ਦਸਤਾਵੇਜ਼ ਵਜੋਂ ਮੰਨਿਆ ਜਾਵੇਗਾ ਅਤੇ ਜੇਕਰ ਸਰਕਾਰ ਬਣਦੀ ਹੈ ਤਾਂ ਪਹਿਲੀ ਕੈਬਨਿਟ ਮੀਟਿੰਗ ਵਿੱਚ ਹੀ ਇਸ ਨੂੰ ਲਾਗੂ ਕਰਨ ਦੀ ਕਾਰਵਾਈ ਸ਼ੁਰੂ ਕੀਤੀ ਜਾਵੇਗੀ।
ਇਸ ਦੇ ਨਾਲ ਹੀ ਪਾਰਟੀ ਨੇ ਆਮ ਆਦਮੀ ਪਾਰਟੀ ਸਰਕਾਰ ਖ਼ਿਲਾਫ਼ ਇੱਕ ਚਾਰਜਸ਼ੀਟ ਤਿਆਰ ਕਰਨ ਦਾ ਵੀ ਐਲਾਨ ਕੀਤਾ ਹੈ। ਪਾਰਟੀ ਦਾ ਦੋਸ਼ ਹੈ ਕਿ ਮੌਜੂਦਾ ਸਰਕਾਰ ਨੇ ਪੰਜਾਬ ਦੇ ਸਰੋਤਾਂ ਦੀ ਬਦਇੰਤਜ਼ਾਮੀ ਕੀਤੀ, ਕਾਨੂੰਨ-ਵਿਵਸਥਾ ਨੂੰ ਕਮਜ਼ੋਰ ਕੀਤਾ ਅਤੇ ਸੂਬੇ ਦੀ ਆਰਥਿਕ ਹਾਲਤ ਨੂੰ ਨੁਕਸਾਨ ਪਹੁੰਚਾਇਆ।
ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਹੜ੍ਹਾਂ ਨਾਲ ਪ੍ਰਭਾਵਿਤ ਇਲਾਕਿਆਂ ਵਿੱਚ ਫਸਲਾਂ, ਘਰਾਂ ਅਤੇ ਬੁਨਿਆਦੀ ਢਾਂਚੇ ਨੂੰ ਹੋਏ ਨੁਕਸਾਨ ਦੇ ਮੱਦੇਨਜ਼ਰ ਪਾਰਟੀ ਨੇ ‘ਆਪਣਾ ਪੰਜਾਬ ਆਪ ਬਚਾਈਏ’ ਮੁਹਿੰਮ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ। ਇਸ ਤਹਿਤ ਸੁਖਬੀਰ ਸਿੰਘ ਬਾਦਲ 18 ਜੁਲਾਈ ਤੋਂ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰਨਗੇ, ਲੋਕਾਂ ਨਾਲ ਮੁਲਾਕਾਤ ਕਰਨਗੇ ਅਤੇ ਜਿੱਥੇ ਲੋੜ ਹੋਵੇਗੀ ਉੱਥੇ ਹੜ੍ਹ ਰੋਕੂ ਕੰਮਾਂ ਨੂੰ ਅੱਗੇ ਵਧਾਉਣ ਲਈ ਯਤਨ ਕਰਨਗੇ। ਇਹ ਮੁਹਿੰਮ 18 ਜੁਲਾਈ ਤੋਂ ਸ਼ੁਰੂ ਹੋ ਕੇ 21, 22 ਅਤੇ 23 ਜੁਲਾਈ ਤੱਕ ਜਾਰੀ ਰਹੇਗੀ।
ਪਾਰਟੀ ਨੇ ਦੋਸ਼ ਲਾਇਆ ਕਿ ਪਿਛਲੇ ਸਾਲ ਦੇ ਹੜ੍ਹਾਂ ਤੋਂ ਬਾਅਦ ਵੀ ਪੰਜਾਬ ਸਰਕਾਰ ਨੇ ਨਾ ਤਾਂ ਪ੍ਰਭਾਵਿਤ ਕਿਸਾਨਾਂ ਨੂੰ ਯੋਗ ਮੁਆਵਜ਼ਾ ਦਿੱਤਾ ਅਤੇ ਨਾ ਹੀ ਇਸ ਸਾਲ ਹੜ੍ਹ ਰੋਕੂ ਪ੍ਰਬੰਧ ਕੀਤੇ, ਜਿਸ ਕਾਰਨ ਮੁੜ ਵੱਡੇ ਨੁਕਸਾਨ ਦਾ ਖ਼ਤਰਾ ਬਣਿਆ ਹੋਇਆ ਹੈ।
ਮੀਟਿੰਗ ਵਿੱਚ ਇਹ ਵੀ ਫੈਸਲਾ ਕੀਤਾ ਗਿਆ ਕਿ ਅਕਾਲੀ ਦਲ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਕਰਵਾਏ ਜਾਣ ਵਾਲੇ ਪ੍ਰੋਗਰਾਮਾਂ ਵਿੱਚ ਸਰਗਰਮ ਹਿੱਸਾ ਲਵੇਗਾ। ਇਸ ਸਿਲਸਿਲੇ ਵਿੱਚ 24 ਜੁਲਾਈ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸ਼ੁਰੂ ਹੋਣ ਵਾਲੀ ‘ਵਹੀਰ’ ਸ੍ਰੀ ਤਲਵੰਡੀ ਸਾਬੋ ਅਤੇ ਉੱਥੋਂ ਸ੍ਰੀ ਆਨੰਦਪੁਰ ਸਾਹਿਬ ਤੱਕ ਜਾਵੇਗੀ।
ਅਕਾਲੀ ਦਲ ਦੇ ਮੁੱਖ ਬੁਲਾਰੇ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਨੇ ਦੱਸਿਆ ਕਿ ਸੁਖਬੀਰ ਸਿੰਘ ਬਾਦਲ 20 ਜੁਲਾਈ ਨੂੰ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਸਾਹਮਣੇ ਪੇਸ਼ ਹੋਣਗੇ ਅਤੇ ਸਾਰੇ ਸਵਾਲਾਂ ਦੇ ਜਵਾਬ ਦੇਣਗੇ। ਉਨ੍ਹਾਂ ਕਿਹਾ ਕਿ ਇਹ ਕਾਰਵਾਈ ਸਿਆਸੀ ਬਦਲਾਖੋਰੀ ਤੋਂ ਪ੍ਰੇਰਿਤ ਹੈ ਅਤੇ ਬਾਦਲ ਦਾ ਇਸ ਮਾਮਲੇ ਨਾਲ ਕੋਈ ਸਬੰਧ ਨਹੀਂ।
ਪਾਰਟੀ ਨੇ 15 ਅਗਸਤ ਨੂੰ ਸ਼ਹੀਦ ਕਰਨੈਲ ਸਿੰਘ ਈਸੜੂ, 20 ਅਗਸਤ ਨੂੰ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੇ ਸ਼ਹੀਦੀ ਦਿਹਾੜੇ ਅਤੇ ਰੱਖੜ ਪੁੰਨਿਆ ਮੌਕੇ ਬਾਬਾ ਬਕਾਲਾ ਵਿਖੇ ਵਿਸ਼ਾਲ ਸਮਾਗਮ ਕਰਵਾਉਣ ਦਾ ਵੀ ਐਲਾਨ ਕੀਤਾ।
ਇਸ ਤੋਂ ਇਲਾਵਾ ਅਕਾਲੀ ਦਲ ਨੇ ਮਨਰੇਗਾ ਵਰਕਰਾਂ ਅਤੇ ਸਟਾਫ਼ 'ਤੇ ਪੁਲਿਸ ਕਾਰਵਾਈ ਦੀ ਨਿਖੇਧੀ ਕਰਦਿਆਂ ਪੰਜਾਬ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ। ਸਫਾਈ ਸੇਵਕਾਂ ਦੀ ਹੜਤਾਲ ਲਈ ਵੀ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਜੇਕਰ ਸੂਬੇ ਵਿੱਚ ਸਿਹਤ ਸੰਕਟ ਜਾਂ ਮਹਾਂਮਾਰੀ ਪੈਦਾ ਹੁੰਦੀ ਹੈ ਤਾਂ ਇਸ ਦੀ ਪੂਰੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ।
ਅੰਤ ਵਿੱਚ ਪਾਰਟੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਪੰਜਾਬ ਦੌਰੇ ਦੌਰਾਨ ਕਰਤਾਰਪੁਰ ਸਾਹਿਬ ਲਾਂਘੇ ਦੇ ਨਾਲ ਵਾਹਗਾ ਸਰਹੱਦ ਰਾਹੀਂ ਵਪਾਰ ਮੁੜ ਸ਼ੁਰੂ ਕਰਨ ਦਾ ਐਲਾਨ ਕੀਤਾ ਜਾਵੇ। ਨਾਲ ਹੀ ਪੰਜਾਬ ਅਤੇ ਸਰਹੱਦੀ ਇਲਾਕਿਆਂ ਲਈ ਵਿਸ਼ੇਸ਼ ਆਰਥਿਕ ਪੈਕੇਜ ਅਤੇ ਕਿਸਾਨਾਂ ਲਈ ਐਮਐਸਪੀ ਨੂੰ ਕਾਨੂੰਨੀ ਗਰੰਟੀ ਦੇਣ ਦੀ ਮੰਗ ਵੀ ਦੁਹਰਾਈ।
Get all latest content delivered to your email a few times a month.