ਤਾਜਾ ਖਬਰਾਂ
ਪੰਜਾਬ ਸਰਕਾਰ ਦੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਨੂੰ ਮੋਹਾਲੀ ਵਿਧਾਨ ਸਭਾ ਹਲਕੇ ਵਿੱਚ ਲਗਾਤਾਰ ਮਿਲ ਰਹੇ ਭਰਪੂਰ ਹੁੰਗਾਰੇ ਦੇ ਮੱਦੇਨਜ਼ਰ ਅੱਜ ਵਿਧਾਇਕ ਕੁਲਵੰਤ ਸਿੰਘ ਦੀ ਅਗਵਾਈ ਹੇਠ ਸ਼ਰਧਾਲੂਆਂ ਨਾਲ ਭਰੀਆਂ ਤਿੰਨ ਬੱਸਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਪਿੰਡ ਗੀਗੇ ਮਾਜਰਾ ਵਿਖੇ ਕਰਵਾਏ ਸਮਾਗਮ ਦੌਰਾਨ ਵਿਧਾਇਕ ਨੇ ਦੱਸਿਆ ਕਿ ਇਹ ਪਹਿਲਾ ਮੌਕਾ ਹੈ ਜਦੋਂ ਕਿਸੇ ਇੱਕ ਹੀ ਪਿੰਡ ਤੋਂ ਦੋ ਬੱਸਾਂ ਸ਼ਰਧਾਲੂਆਂ ਨਾਲ ਭਰ ਕੇ ਇਸ ਯੋਜਨਾ ਤਹਿਤ ਰਵਾਨਾ ਹੋਈਆਂ ਹਨ, ਜਦਕਿ ਤੀਜੀ ਬੱਸ ਪਿੰਡ ਗਿੱਦੜਪੁਰ ਤੋਂ ਰਵਾਨਾ ਕੀਤੀ ਗਈ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੁਲਵੰਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੀ ਗਈ ਇਹ ਯੋਜਨਾ ਸੀਨੀਅਰ ਸਿਟੀਜ਼ਨਾਂ ਨੂੰ ਮੁਫ਼ਤ ਅਤੇ ਸੁਵਿਧਾਜਨਕ ਧਾਰਮਿਕ ਯਾਤਰਾ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਸ਼ੁਰੂ ਕੀਤੀ ਗਈ ਸੀ ਅਤੇ ਅੱਜ ਇਹ ਸਫਲਤਾਪੂਰਵਕ ਅੱਗੇ ਵੱਧ ਰਹੀ ਹੈ। ਉਨ੍ਹਾਂ ਦੱਸਿਆ ਕਿ ਪਹਿਲਾਂ ਹਲਕੇ ਤੋਂ ਕੇਵਲ ਇੱਕ ਬੱਸ ਰਵਾਨਾ ਹੁੰਦੀ ਸੀ, ਪਰ ਸ਼ਰਧਾਲੂਆਂ ਦੀ ਵਧਦੀ ਗਿਣਤੀ ਨੂੰ ਵੇਖਦੇ ਹੋਏ ਪਹਿਲਾਂ ਇਸ ਨੂੰ ਦੋ ਅਤੇ ਹੁਣ ਤਿੰਨ ਬੱਸਾਂ ਤੱਕ ਵਧਾ ਦਿੱਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਯਾਤਰਾ ਦੌਰਾਨ ਸੀਨੀਅਰ ਸਿਟੀਜ਼ਨਾਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦਿਆਂ ਹਰ ਬੱਸ ਵਿੱਚ ਮੈਡੀਕਲ ਟੀਮ ਅਤੇ ਗਾਈਡ ਮੌਜੂਦ ਰਹਿੰਦੇ ਹਨ। ਇਸ ਤੋਂ ਇਲਾਵਾ ਸ਼ਰਧਾਲੂਆਂ ਦੇ ਠਹਿਰਨ ਲਈ ਏਅਰ ਕੰਡੀਸ਼ਨਡ ਹੋਟਲ ਕਮਰੇ, ਖਾਣ-ਪੀਣ ਅਤੇ ਹੋਰ ਸਾਰੀਆਂ ਲੋੜੀਂਦੀਆਂ ਸਹੂਲਤਾਂ ਦਾ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤਾ ਜਾਂਦਾ ਹੈ। ਯਾਤਰਾ ਪੂਰੀ ਹੋਣ ਉਪਰੰਤ ਸ਼ਰਧਾਲੂਆਂ ਨੂੰ ਉਸੇ ਸਥਾਨ 'ਤੇ ਵਾਪਸ ਛੱਡਿਆ ਜਾਂਦਾ ਹੈ ਜਿੱਥੋਂ ਉਨ੍ਹਾਂ ਨੂੰ ਬੱਸ ਵਿੱਚ ਬਿਠਾਇਆ ਗਿਆ ਸੀ।
ਵਿਧਾਇਕ ਕੁਲਵੰਤ ਸਿੰਘ ਨੇ ਦੱਸਿਆ ਕਿ ਇਸ ਸਮੇਂ ਯਾਤਰੀਆਂ ਨੂੰ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਨਾ ਮੰਦਰ, ਰਾਮ ਤੀਰਥ ਵਾਲਮੀਕੀ ਮੰਦਰ, ਬਾਘਾ ਬਾਰਡਰ ਅਤੇ ਜਲਿਆਂਵਾਲਾ ਬਾਗ ਦੇ ਦਰਸ਼ਨ ਕਰਵਾਏ ਜਾਂਦੇ ਹਨ। ਭਵਿੱਖ ਵਿੱਚ ਹਰਿਦੁਆਰ ਅਤੇ ਖਾਟੂ ਸ਼ਿਆਮ ਸਮੇਤ ਹੋਰ ਪ੍ਰਮੁੱਖ ਧਾਰਮਿਕ ਸਥਾਨਾਂ ਲਈ ਵੀ ਬੱਸਾਂ ਚਲਾਉਣ ਦੀ ਯੋਜਨਾ ਹੈ। ਉਨ੍ਹਾਂ ਵਿਸ਼ਵਾਸ ਜਤਾਇਆ ਕਿ ਸ਼ਰਧਾਲੂਆਂ ਦੀ ਲਗਾਤਾਰ ਵਧ ਰਹੀ ਗਿਣਤੀ ਨੂੰ ਵੇਖਦਿਆਂ ਆਉਣ ਵਾਲੇ ਸਮੇਂ ਵਿੱਚ ਬੱਸਾਂ ਦੀ ਗਿਣਤੀ ਛੇ ਤੱਕ ਵੀ ਪਹੁੰਚ ਸਕਦੀ ਹੈ।
ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਹਲਕਾ ਕੋਆਰਡੀਨੇਟਰ ਫੂਲਰਾਜ ਸਿੰਘ ਨੇ ਦੱਸਿਆ ਕਿ ਮੋਹਾਲੀ ਹਲਕੇ ਵਿੱਚ ਹਰ ਰੋਜ਼ ਵੱਡੀ ਗਿਣਤੀ ਵਿੱਚ ਸੀਨੀਅਰ ਸਿਟੀਜ਼ਨ ਇਸ ਯੋਜਨਾ ਲਈ ਰਜਿਸਟ੍ਰੇਸ਼ਨ ਕਰਵਾ ਰਹੇ ਹਨ। ਉਨ੍ਹਾਂ ਕਿਹਾ ਕਿ ਅੱਜ ਦਾ ਦਿਨ ਇਸ ਲਈ ਵੀ ਖਾਸ ਰਿਹਾ ਕਿਉਂਕਿ ਪਹਿਲੀ ਵਾਰ ਕਿਸੇ ਇੱਕ ਪਿੰਡ ਤੋਂ ਦੋ ਬੱਸਾਂ ਸ਼ਰਧਾਲੂਆਂ ਨਾਲ ਭਰ ਕੇ ਇਕੱਠੇ ਰਵਾਨਾ ਕੀਤੀਆਂ ਗਈਆਂ।
ਇਸ ਮੌਕੇ ਸਤਨਾਮ ਸਿੰਘ, ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਕੁਲਦੀਪ ਸਿੰਘ ਸਮਾਣਾ, ਸਾਬਕਾ ਸਰਪੰਚ ਅਵਤਾਰ ਸਿੰਘ ਮੌਲੀ, ਮੋਹਾਲੀ ਨਗਰ ਨਿਗਮ ਦੇ ਡਿਪਟੀ ਮੇਅਰ ਹਰਪਾਲ ਸਿੰਘ ਚੰਨਾ, ਰਣਦੀਪ ਸਿੰਘ ਮਟੌਰ, ਜਸਪਾਲ ਸਿੰਘ ਮਟੌਰ, ਅਕਵਿੰਦਰ ਸਿੰਘ ਗੋਸਲ, ਨਰਿੰਦਰ ਪਾਲ ਸਿੰਘ ਧਾਲੀਵਾਲ, ਬਲਜੀਤ ਸਿੰਘ ਅਤੇ ਪ੍ਰਗਟ ਸਿੰਘ ਸਮੇਤ ਹੋਰ ਕਈ ਆਗੂ ਅਤੇ ਇਲਾਕਾ ਵਾਸੀ ਵੀ ਹਾਜ਼ਰ ਰਹੇ।
Get all latest content delivered to your email a few times a month.