ਤਾਜਾ ਖਬਰਾਂ
ਯੂਕੇ ਦੌਰੇ 'ਤੇ ਪਹੁੰਚੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸ਼ਨਿੱਚਰਵਾਰ ਨੂੰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਾਊਥਾਲ ਵਿਖੇ ਕਰਵਾਏ ਗੁਰਮਤਿ ਸਮਾਗਮ ਵਿੱਚ ਸ਼ਮੂਲੀਅਤ ਕਰਦਿਆਂ ਸਿੱਖ ਸੰਗਤ ਨੂੰ ਇਕਜੁੱਟਤਾ, ਗੁਰਮਤਿ ਅਤੇ ਮੀਰੀ-ਪੀਰੀ ਦੇ ਸਿਧਾਂਤਾਂ 'ਤੇ ਚੱਲਣ ਦਾ ਸੰਦੇਸ਼ ਦਿੱਤਾ। ਇਸ ਮੌਕੇ ਉਨ੍ਹਾਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਅਤੇ ਸਿੱਖ ਚਿੰਤਕਾਂ ਨਾਲ ਵਿਸ਼ੇਸ਼ ਵਿਚਾਰ-ਵਟਾਂਦਰਾ ਕੀਤਾ, ਜਿਸ ਵਿੱਚ ਖ਼ਾਲਸਾ ਪੰਥ, ਪੰਜਾਬ ਅਤੇ ਨੌਜਵਾਨ ਪੀੜ੍ਹੀ ਦੇ ਭਵਿੱਖ ਨਾਲ ਜੁੜੇ ਕਈ ਅਹਿਮ ਮੁੱਦਿਆਂ 'ਤੇ ਚਰਚਾ ਹੋਈ। ਸਿੱਖ ਚਿੰਤਕਾਂ ਵੱਲੋਂ ਦਿੱਤੇ ਸੁਝਾਵਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਜਥੇਦਾਰ ਗੜਗੱਜ ਨੇ ਉਨ੍ਹਾਂ ਨੂੰ ਲਿਖਤੀ ਰੂਪ ਵਿੱਚ ਵੀ ਭੇਜਣ ਦੀ ਅਪੀਲ ਕੀਤੀ।
ਸਮਾਗਮ ਦੌਰਾਨ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਾਊਥਾਲ ਦੇ ਪ੍ਰਧਾਨ ਗੁਰਮੇਲ ਸਿੰਘ ਮੱਲ੍ਹੀ ਅਤੇ ਸਟੇਜ ਸਕੱਤਰ ਮਨਜੀਤ ਸਿੰਘ ਨੇ ਜਥੇਦਾਰ ਗੜਗੱਜ ਦਾ ਨਿੱਘਾ ਸਵਾਗਤ ਕੀਤਾ ਅਤੇ ਉਨ੍ਹਾਂ ਵੱਲੋਂ ਨਿਭਾਈਆਂ ਜਾ ਰਹੀਆਂ ਪੰਥਕ ਸੇਵਾਵਾਂ ਦੀ ਸ਼ਲਾਘਾ ਕੀਤੀ। ਆਪਣੇ ਸੰਬੋਧਨ ਵਿੱਚ ਜਥੇਦਾਰ ਗੜਗੱਜ ਨੇ ਕਿਹਾ ਕਿ ਗੁਰਦੁਆਰੇ ਸਿਰਫ਼ ਇਬਾਦਤ ਦੇ ਸਥਾਨ ਨਹੀਂ, ਸਗੋਂ ਸਿੱਖ ਕੌਮ ਨੂੰ ਜੋੜਨ ਵਾਲੇ ਕੇਂਦਰ ਹਨ। ਉਨ੍ਹਾਂ ਕਿਹਾ ਕਿ ਨਵੀਂ ਪੀੜ੍ਹੀ ਨੂੰ ਗੁਰੂ ਘਰਾਂ ਨਾਲ ਜੋੜਨਾ ਅਤੇ ਉਨ੍ਹਾਂ ਨੂੰ ਸੇਵਾ ਦੇ ਮੌਕੇ ਦੇਣਾ ਸਮੇਂ ਦੀ ਲੋੜ ਹੈ। ਉਨ੍ਹਾਂ ਇਹ ਵੀ ਕਿਹਾ ਕਿ ਵਿਦੇਸ਼ਾਂ ਵਿੱਚ ਵੱਸਦੇ ਸਿੱਖਾਂ ਅਤੇ ਪੰਜਾਬੀਆਂ ਨੇ ਯੂਕੇ ਦੀ ਤਰੱਕੀ ਦੇ ਨਾਲ-ਨਾਲ ਪੰਜਾਬ ਦੀ ਚੜ੍ਹਦੀ ਕਲਾ ਵਿੱਚ ਵੀ ਮਹੱਤਵਪੂਰਨ ਯੋਗਦਾਨ ਪਾਇਆ ਹੈ, ਇਸ ਲਈ ਹਰ ਪੰਜਾਬੀ ਨੂੰ ਆਪਣੇ ਮੂਲ ਨਾਲ ਜੁੜੇ ਰਹਿਣਾ ਚਾਹੀਦਾ ਹੈ ਅਤੇ ਸਮੇਂ-ਸਮੇਂ 'ਤੇ ਪੰਜਾਬ ਆ ਕੇ ਸ੍ਰੀ ਨਨਕਾਣਾ ਸਾਹਿਬ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨੇ ਚਾਹੀਦੇ ਹਨ।
ਉਨ੍ਹਾਂ ਨੌਜਵਾਨਾਂ ਨੂੰ ਸਿੱਖ ਇਤਿਹਾਸ ਦਾ ਗਹਿਰਾਈ ਨਾਲ ਅਧਿਐਨ ਕਰਨ ਅਤੇ ਉਸ ਤੋਂ ਪ੍ਰੇਰਣਾ ਲੈ ਕੇ ਜੀਵਨ ਵਿੱਚ ਅਮਲ ਕਰਨ ਦੀ ਅਪੀਲ ਕੀਤੀ। ਜਥੇਦਾਰ ਗੜਗੱਜ ਨੇ ਕਿਹਾ ਕਿ ਅੱਜ ਸਿੱਖ ਕੌਮ ਨੂੰ ਧੜੇਬੰਦੀ ਤੋਂ ਉੱਪਰ ਉੱਠ ਕੇ ਇਕਜੁੱਟ ਹੋਣ ਦੀ ਲੋੜ ਹੈ ਅਤੇ ਮੀਰੀ-ਪੀਰੀ ਦੇ ਸਿਧਾਂਤ ਨੂੰ ਸਮਝ ਕੇ ਪੰਥ ਅਤੇ ਪੰਜਾਬ ਨੂੰ ਮਜ਼ਬੂਤ ਬਣਾਉਣ ਲਈ ਯਤਨ ਕਰਨੇ ਚਾਹੀਦੇ ਹਨ। ਉਨ੍ਹਾਂ ਯੂਕੇ ਦੀ ਸੰਗਤ ਨੂੰ ਸੇਵਾ ਅਤੇ ਦਾਨ ਸੋਚ-ਵਿਚਾਰ ਨਾਲ ਕਰਨ ਦੀ ਸਲਾਹ ਦਿੰਦਿਆਂ ਕਿਹਾ ਕਿ ਵਿਦੇਸ਼ਾਂ ਤੋਂ ਭੇਜੀ ਜਾਣ ਵਾਲੀ ਮਦਦ ਸਿੱਧੀ ਲੋੜਵੰਦਾਂ ਤੱਕ ਪਹੁੰਚਣੀ ਯਕੀਨੀ ਬਣਾਈ ਜਾਵੇ।
ਜਥੇਦਾਰ ਗੜਗੱਜ ਨੇ ਆਪਣੇ ਸੰਬੋਧਨ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਖ਼ਿਲਾਫ਼ ਹੋ ਰਹੀਆਂ ਕਥਿਤ ਸਾਜ਼ਿਸ਼ਾਂ ਪ੍ਰਤੀ ਵੀ ਸੰਗਤ ਨੂੰ ਸੁਚੇਤ ਰਹਿਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਐਸਜੀਪੀਸੀ ਸਿੱਖ ਕੌਮ ਦੀ ਇਤਿਹਾਸਕ ਅਤੇ ਕੇਂਦਰੀ ਸੰਸਥਾ ਹੈ, ਜਿਸ ਦੀ ਸਥਾਪਨਾ ਲਈ ਬਜ਼ੁਰਗਾਂ ਨੇ ਵੱਡੀਆਂ ਕੁਰਬਾਨੀਆਂ ਦਿੱਤੀਆਂ ਹਨ, ਇਸ ਲਈ ਇਸ ਨੂੰ ਕਮਜ਼ੋਰ ਕਰਨ ਵਾਲੀਆਂ ਕੋਸ਼ਿਸ਼ਾਂ ਨੂੰ ਸਮਝਣ ਅਤੇ ਰੋਕਣ ਦੀ ਲੋੜ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਐਸਜੀਪੀਸੀ ਨਾਲ ਵਿਸ਼ਵ ਭਰ ਦੀ ਸਿੱਖ ਸੰਗਤ ਨੂੰ ਹੋਰ ਮਜ਼ਬੂਤੀ ਨਾਲ ਜੋੜਨ ਲਈ ਯਤਨ ਕੀਤੇ ਜਾਣਗੇ। ਸਮਾਗਮ ਦੇ ਅੰਤ ਵਿੱਚ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਸਿਰੋਪਾਓ ਅਤੇ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ।
Get all latest content delivered to your email a few times a month.