ਤਾਜਾ ਖਬਰਾਂ
ਲੋਕ ਜਨਸ਼ਕਤੀ ਪਾਰਟੀ (ਰਾਮਵਿਲਾਸ) ਦੇ ਰਾਸ਼ਟਰੀ ਪ੍ਰਧਾਨ ਅਤੇ ਕੇਂਦਰੀ ਮੰਤਰੀ ਚਿਰਾਗ ਪਾਸਵਾਨ ਨੇ ਐਤਵਾਰ ਨੂੰ ਆਪਣੀ ਮਾਤਾ ਅਤੇ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਘਰ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਦੌਰਾਨ ਉਨ੍ਹਾਂ ਨੇ ਸਰਬੱਤ ਦੇ ਭਲੇ ਦੀ ਅਰਦਾਸ ਕਰਨ ਦੇ ਨਾਲ-ਨਾਲ ਦੇਸ਼ ਦੀ ਖੁਸ਼ਹਾਲੀ, ਪੰਜਾਬ ਦੀ ਤਰੱਕੀ, ਆਪਣੇ ਪਰਿਵਾਰ ਦੀ ਚੜ੍ਹਦੀ ਕਲਾ ਅਤੇ ਲੋਕ ਜਨਸ਼ਕਤੀ ਪਾਰਟੀ ਦੀ ਮਜ਼ਬੂਤੀ ਲਈ ਵੀ ਅਰਦਾਸ ਕੀਤੀ। ਉਨ੍ਹਾਂ ਕਿਹਾ ਕਿ ਹਰ ਵੱਡੀ ਰਾਜਨੀਤਿਕ ਮੁਹਿੰਮ ਦੀ ਸ਼ੁਰੂਆਤ ਤੋਂ ਪਹਿਲਾਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣਾ ਅਤੇ ਗੁਰੂ ਸਾਹਿਬ ਦਾ ਆਸ਼ੀਰਵਾਦ ਲੈਣਾ ਉਹ ਆਪਣਾ ਸੌਭਾਗ ਸਮਝਦੇ ਹਨ।
ਮੀਡੀਆ ਨਾਲ ਗੱਲਬਾਤ ਕਰਦਿਆਂ ਚਿਰਾਗ ਪਾਸਵਾਨ ਨੇ ਆਪਣੇ ਪਿਤਾ ਅਤੇ ਲੋਕ ਜਨਸ਼ਕਤੀ ਪਾਰਟੀ ਦੇ ਸੰਸਥਾਪਕ ਸਵਰਗਵਾਸੀ ਰਾਮਵਿਲਾਸ ਪਾਸਵਾਨ ਨੂੰ ਯਾਦ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਸੁਪਨਾ ਸੀ ਕਿ ਪਾਰਟੀ ਦਾ ਵਿਸਥਾਰ ਦੇਸ਼ ਦੇ ਹਰ ਕੋਨੇ ਤੱਕ ਹੋਵੇ। ਇਸੇ ਮਕਸਦ ਨੂੰ ਅੱਗੇ ਵਧਾਉਂਦਿਆਂ ਪਾਰਟੀ ਉੱਤਰ ਪ੍ਰਦੇਸ਼, ਪੰਜਾਬ ਅਤੇ ਹੋਰ ਕਈ ਸੂਬਿਆਂ ਵਿੱਚ ਸੰਗਠਨ ਨੂੰ ਮਜ਼ਬੂਤ ਕਰਨ ਲਈ ਸਰਗਰਮ ਢੰਗ ਨਾਲ ਕੰਮ ਕਰ ਰਹੀ ਹੈ।
ਉਨ੍ਹਾਂ ਦੱਸਿਆ ਕਿ ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਤੇਜ਼ੀ ਨਾਲ ਚੱਲ ਰਹੀਆਂ ਹਨ, ਜਦਕਿ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਵੀ ਪਾਰਟੀ ਆਪਣਾ ਜਨਾਧਾਰ ਵਧਾਉਣ ਅਤੇ ਸੰਗਠਨ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਯਤਨ ਕਰ ਰਹੀ ਹੈ। ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਆਉਣ ਵਾਲੀਆਂ ਚੋਣਾਂ ਵਿੱਚ ਲੋਕ ਜਨਸ਼ਕਤੀ ਪਾਰਟੀ ਪ੍ਰਭਾਵਸ਼ਾਲੀ ਭੂਮਿਕਾ ਨਿਭਾਏਗੀ।
ਚਿਰਾਗ ਪਾਸਵਾਨ ਨੇ ਇਹ ਵੀ ਕਿਹਾ ਕਿ ਪੰਜਾਬ ਨਾਲ ਉਨ੍ਹਾਂ ਦਾ ਰਿਸ਼ਤਾ ਸਿਰਫ਼ ਸਿਆਸਤ ਤੱਕ ਸੀਮਿਤ ਨਹੀਂ, ਸਗੋਂ ਭਾਵਨਾਤਮਕ ਅਤੇ ਪਰਿਵਾਰਕ ਵੀ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦਾ ਨਨਿਹਾਲ ਪੰਜਾਬ ਨਾਲ ਜੁੜਿਆ ਹੋਇਆ ਹੈ ਅਤੇ ਉਨ੍ਹਾਂ ਦੀ ਮਾਤਾ ਵੀ ਪੰਜਾਬੀ ਪਰਿਵਾਰ ਨਾਲ ਸੰਬੰਧਿਤ ਹਨ। ਇਸ ਕਾਰਨ ਪੰਜਾਬ ਅਤੇ ਪੰਜਾਬੀਆਂ ਨਾਲ ਉਨ੍ਹਾਂ ਦਾ ਹਮੇਸ਼ਾ ਖ਼ਾਸ ਲਗਾਅ ਰਿਹਾ ਹੈ। ਅੰਤ ਵਿੱਚ ਉਨ੍ਹਾਂ ਨੇ ਅਰਦਾਸ ਕੀਤੀ ਕਿ ਪੰਜਾਬ ਹਮੇਸ਼ਾ ਚੜ੍ਹਦੀ ਕਲਾ ਵਿੱਚ ਰਹੇ ਅਤੇ ਸੂਬੇ ਦੇ ਲੋਕ ਆਪਸੀ ਭਾਈਚਾਰੇ ਅਤੇ ਏਕਤਾ ਨਾਲ ਤਰੱਕੀ ਦੇ ਰਾਹ 'ਤੇ ਅੱਗੇ ਵਧਣ।
Get all latest content delivered to your email a few times a month.