ਤਾਜਾ ਖਬਰਾਂ
ਪੰਜਾਬ ਵਿੱਚ ਨਸ਼ਿਆਂ ਕਾਰਨ ਨੌਜਵਾਨਾਂ ਦੀਆਂ ਹੋ ਰਹੀਆਂ ਮੌਤਾਂ ਚਿੰਤਾ ਦਾ ਵਿਸ਼ਾ ਬਣੀਆਂ ਹੋਈਆਂ ਹਨ। ਇਸੇ ਦੌਰਾਨ ਨਾਭਾ ਤੋਂ ਇੱਕ ਹੋਰ ਦੁਖਦਾਈ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਕੋਠੀ ਨੇੜੇ ਸਥਿਤ ਬੰਦ ਪਏ ਸਵਿਮਿੰਗ ਪੂਲ ਕੋਲ ਇੱਕ ਅਣਪਛਾਤੇ ਨੌਜਵਾਨ ਦੀ ਲਾਸ਼ ਮਿਲਣ ਨਾਲ ਇਲਾਕੇ ਵਿੱਚ ਹੜਕੰਪ ਮਚ ਗਿਆ। ਮੁੱਢਲੀ ਜਾਂਚ ਦੌਰਾਨ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ, ਹਾਲਾਂਕਿ ਪੁਲਿਸ ਨੇ ਪੋਸਟਮਾਰਟਮ ਰਿਪੋਰਟ ਆਉਣ ਤੱਕ ਮੌਤ ਦੇ ਅਸਲ ਕਾਰਨਾਂ ਬਾਰੇ ਕੁਝ ਵੀ ਸਪੱਸ਼ਟ ਨਹੀਂ ਕੀਤਾ।
ਜਾਣਕਾਰੀ ਅਨੁਸਾਰ ਐਤਵਾਰ ਸਵੇਰੇ ਕੁਝ ਨੌਜਵਾਨ ਨੇੜਲੇ ਮੈਦਾਨ ਵਿੱਚ ਕ੍ਰਿਕਟ ਖੇਡਣ ਲਈ ਪਹੁੰਚੇ ਸਨ। ਇਸ ਦੌਰਾਨ ਉਨ੍ਹਾਂ ਦੀ ਨਜ਼ਰ ਬੰਦ ਪਏ ਸਵਿਮਿੰਗ ਪੂਲ ਦੇ ਨੇੜੇ ਪਈ ਇੱਕ ਲਾਸ਼ 'ਤੇ ਪਈ। ਉਨ੍ਹਾਂ ਨੇ ਤੁਰੰਤ ਇਸ ਦੀ ਸੂਚਨਾ ਸਥਾਨਕ ਕੌਂਸਲਰ ਅਤੇ ਪੁਲਿਸ ਨੂੰ ਦਿੱਤੀ, ਜਿਸ ਤੋਂ ਬਾਅਦ ਥਾਣਾ ਸਦਰ ਨਾਭਾ ਦੀ ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ।
ਪੁਲਿਸ ਦੀ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਕਿ ਲਾਸ਼ ਕੁਝ ਦਿਨ ਪੁਰਾਣੀ ਲੱਗਦੀ ਹੈ। ਮ੍ਰਿਤਕ ਦੇ ਸਰੀਰ 'ਤੇ ਕਿਸੇ ਵੀ ਤਰ੍ਹਾਂ ਦੀ ਸੱਟ ਜਾਂ ਹਮਲੇ ਦੇ ਨਿਸ਼ਾਨ ਨਹੀਂ ਮਿਲੇ, ਜਿਸ ਕਾਰਨ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋਣ ਦਾ ਸ਼ੱਕ ਜਤਾਇਆ ਜਾ ਰਿਹਾ ਹੈ। ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਬੰਦ ਪਿਆ ਇਹ ਸਵਿਮਿੰਗ ਪੂਲ ਅਤੇ ਆਲੇ-ਦੁਆਲੇ ਦਾ ਸੁੰਨਸਾਨ ਇਲਾਕਾ ਲੰਬੇ ਸਮੇਂ ਤੋਂ ਨਸ਼ਾ ਕਰਨ ਵਾਲੇ ਨੌਜਵਾਨਾਂ ਦੀ ਆਵਾਜਾਈ ਦਾ ਕੇਂਦਰ ਬਣਿਆ ਹੋਇਆ ਹੈ, ਕਿਉਂਕਿ ਇੱਥੇ ਨਾ ਤਾਂ ਕੋਈ ਸੁਰੱਖਿਆ ਪ੍ਰਬੰਧ ਹੈ ਅਤੇ ਨਾ ਹੀ ਨਿਗਰਾਨੀ।
ਰੋਹਟੀ ਪੁਲਿਸ ਚੌਂਕੀ ਦੇ ਇੰਚਾਰਜ ਬੂਟਾ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਅਜੇ ਤੱਕ ਨਹੀਂ ਹੋ ਸਕੀ। ਲਾਸ਼ ਨੂੰ ਸਿਵਲ ਹਸਪਤਾਲ ਨਾਭਾ ਦੀ ਮੋਰਚਰੀ ਵਿੱਚ 72 ਘੰਟਿਆਂ ਲਈ ਰੱਖਿਆ ਗਿਆ ਹੈ ਤਾਂ ਜੋ ਪਰਿਵਾਰਕ ਮੈਂਬਰਾਂ ਜਾਂ ਜਾਣਕਾਰਾਂ ਰਾਹੀਂ ਉਸ ਦੀ ਸ਼ਨਾਖ਼ਤ ਹੋ ਸਕੇ। ਉਨ੍ਹਾਂ ਕਿਹਾ ਕਿ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਮੌਤ ਦੇ ਅਸਲ ਕਾਰਨਾਂ ਦੀ ਪੁਸ਼ਟੀ ਹੋਵੇਗੀ ਅਤੇ ਉਸ ਅਧਾਰ 'ਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਸਿਵਲ ਹਸਪਤਾਲ ਦੇ ਡਾਕਟਰਾਂ ਨੇ ਵੀ ਕਿਹਾ ਹੈ ਕਿ ਮ੍ਰਿਤਕ ਦੀ ਪਛਾਣ ਅਤੇ ਪੋਸਟਮਾਰਟਮ ਤੋਂ ਬਾਅਦ ਹੀ ਮੌਤ ਦੇ ਕਾਰਨਾਂ ਬਾਰੇ ਸਪੱਸ਼ਟ ਜਾਣਕਾਰੀ ਸਾਹਮਣੇ ਆ ਸਕੇਗੀ।
Editor in Chief
ਕੱਪੜ ਛਾਣ
Get all latest content delivered to your email a few times a month.